ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੂਨ
ਦਿੱਲੀ ਮਹਿਲਾ ਕਮਿਸ਼ਨ ਦੀ ਮੁਖੀ ਸਵਾਤੀ ਮਾਲੀਵਾਲ ਨੇ ਇੱਕ ਇਤਰ ਦੇ ਇਸ਼ਤਿਹਾਰ ਸਬੰਧੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੂੰ ਪੱਤਰ ਲਿਖਿਆ ਹੈ, ਜੋ ਕਥਿਤ ‘ਗੈਂਗਰੇਪ ਕਲਚਰ’ ਨੂੰ ਉਤਸ਼ਾਹਿਤ ਕਰਦਾ ਹੈ। ਮਹਿਲਾ ਕਮਿਸ਼ਨ ਨੇ ਮਾਮਲੇ ਦਾ ਖ਼ੁਦ ਨੋਟਿਸ ਲੈਂਦਿਆਂ ਕੇਂਦਰ ਨੂੰ ਇਸ ਮਾਮਲੇ ’ਚ ਤੁਰੰਤ ਕੰਪਨੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ। ਇਸ ਸਬੰਧੀ ਦਿੱਲੀ ਪੁਲੀਸ ਨੂੰ ਇੱਕ ਐੱਫਆਈਆਰ ਦਰਜ ਕਰਨ ਅਤੇ ਮੀਡੀਆ ’ਚੋਂ ਇਸ਼ਤਿਹਾਰ ਹਟਾਉਣ ਲਈ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ। ਪੁਲੀਸ ਨੂੰ 9 ਜੂਨ ਤੱਕ ਰਿਪੋਰਟ ਦੇਣ ਲਈ ਕਿਹਾ ਗਿਆ ਹੈ। ਮਾਲੀਵਾਲ ਨੇ ਕੇਂਦਰ ਨੂੰ ਮਜ਼ਬੂਤ ਨਿਯਮ ਬਣਾਉਣ ਲਈ ਕਿਹਾ ਹੈੇ। ਉਨ੍ਹਾਂ ਕਿਹਾ ਕਿ ਬ੍ਰਾਂਡ ’ਤੇ ਭਾਰੀ ਜੁਰਮਾਨਾ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਹੋਰ ਕੰਪਨੀਆਂ ਅਜਿਹਾ ਕਰਨ ਤੋਂ ਗੁਰੇਜ਼ ਕਰਨ।