ਲਖਨਊ, 12 ਜੁਲਾਈ
87 ਸਾਬਕਾ ਨੌਕਰਸ਼ਾਹਾਂ ਤੇ ਪੁਲੀਸ ਅਧਿਕਾਰੀਆਂ ਨੇ ਇਕ ਖੁੱਲ੍ਹਾ ਪੱਤਰ ਲਿਖ ਕੇ ਦੋਸ਼ ਲਾਇਆ ਹੈ ਕਿ ਉੱਤਰ ਪ੍ਰਦੇਸ਼ ਵਿਚ ‘ਸ਼ਾਸਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ’ ਅਤੇ ਕਾਨੂੰਨ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਇਸ ਪੱਤਰ ਨੂੰ 200 ਉੱਘੇ ਨਾਗਰਿਕਾਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਚਾਰ ਪੰਨਿਆਂ ਦੇ ਇਸ ਪੱਤਰ ਵਿਚ ਸਾਬਕਾ ਆਈਏਐੱਸ, ਆਈਪੀਐੱਸ, ਆਈਐੱਫਐੱਸ ਅਧਿਕਾਰੀਆਂ ਨੇ ਦੋਸ਼ ਲਗਾਇਆ ਹੈ ਕਿ ਗਊ ਹੱਤਿਆ ਦੇ ਨਾਂ ’ਤੇ ਅਤੇ ਅਸਹਿਮਤੀ ਜਤਾਉਣ ਵਾਲਿਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਦਾ ਕਥਿਤ ਤੌਰ ’ਤੇ ਗ਼ਲਤ ਇਸਤੇਮਾਲ ਕਰਦਿਆਂ ਮਨਮਰਜ਼ੀ ਨਾਲ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪੁਲੀਸ ਵੱਲੋਂ ਸ਼ਾਂਤਮਈ ਪ੍ਰਦਰਸ਼ਨਕਾਰੀਆਂ ’ਤੇ ਹਮਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ‘ਲਵ ਜਹਾਦ’ ਖ਼ਿਲਾਫ਼ ਕਾਨੂੰਨ ਦੀ ਮਦਦ ਨਾਲ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। -ਆਈਏਐਨਐਸ