ਪੱਤਰ ਪ੍ਰੇਰਕ
ਪਟਿਆਲਾ, 5 ਜੁਲਾਈ
ਪਟਿਆਲਾ ਦੀ ਆਮ ਆਦਮੀ ਪਾਰਟੀ ਦੀ ਟੀਮ ਨੇ ਕੈਬਨਿਟ ਮੰਤਰੀ ਬਣਨ ’ਤੇ ਹਲਕਾ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੂੰ ਸਨਮਾਨਿਤ ਕੀਤਾ। ਇਸ ਮੌਕੇ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸਬੰਧੀ ਕਾਫ਼ੀ ਕਮੀਆਂ ਹਨ, ਉਸ ਦਾ ਪਹਿਲਾ ਕੰਮ ਉਹ ਕਮੀਆਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਦੂਰ ਕੀਤਾ ਜਾਵੇ। ਸਿਹਤ ਵਿਭਾਗ ਵਿੱਚ ਆ ਚੁੱਕੇ ਨਿਘਾਰ ਨੂੰ ਦੂਰ ਕਰਨਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਈ ਸਾਰੇ ਜ਼ਿਲ੍ਹਿਆਂ ਵਿੱਚ ਚੰਗੀਆਂ ਸੁਵਿਧਾਵਾਂ ਨਾਲ ਲੈਸ ਹਸਪਤਾਲ ਖੋਲ੍ਹਣ ਦੀ ਪੰਜਾਬ ਸਰਕਾਰ ਦੀ ਤਜਵੀਜ਼ ਹੈ, ਇਸ ਪਾਸੇ ਸਰਕਾਰ ਪਹਿਲਾਂ ਹੀ ਕੰਮ ਕਰ ਰਹੀ ਹੈ।
ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਸ ਨੂੰ ਪੰਜਾਬ ਦੇ ਸਿਹਤ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ ਹੈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਗੁਰਲਾਲ ਸਿੰਘ ਘਨੌਰ, ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਪਟਿਆਲਾ ਨਾਲ ਸਬੰਧਿਤ ਪੰਜਾਬ ਦੇ ਪਾਰਟੀ ਸਕੱਤਰ ਜਰਨੈਲ ਸਿੰਘ ਮੰਨੂ, ਐੱਸਸੀ ਵਿੰਗ ਦੇ ਆਗੂ ਜੱਸੀ ਸੋਹੀਆਂ ਵਾਲਾ ਆਦਿ ਆਗੂ ਮੌਜੂਦ ਸਨ।