ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਜੁਲਾਈ
ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਵੱਲੋਂ ਮੱਤੇਵਾੜਾ ਜੰਗਲੀ ਖੇਤਰ ਇੱਕ ਹਜ਼ਾਰ ਏਕੜ ਵਿੱਚ ਟੈਕਸਟਾਈਲ ਪਾਰਕ ਬਣਾਉਣ ਦੇ ਫ਼ੈਸਲੇ ਨੂੰ ਰੱਦ ਕਰਵਾਉਣ ਲਈ ਪਬਲਿਕ ਐਕਸ਼ਨ ਕਮੇਟੀ ਵੱਲੋਂ 10 ਜੁਲਾਈ ਨੂੰ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਦੀ ਹਮਾਇਤ ਦਾ ਐਲਾਨ ਕੀਤਾ ਹੈ। ਅੱਜ ਇੱਥੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਵਾਤਾਵਰਨ ਪ੍ਰੇਮੀਆਂ ਨੂੰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਇੱਕਜੁਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਮੇਤ ‘ਆਪ’ ਆਗੂਆਂ ਨੇ ਲੁਧਿਆਣਾ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਜਦੋਂ ਵਿਰੋਧੀ ਧਿਰ ਵਿੱਚ ਸਨ ਤਾਂ ਇਸ ਪ੍ਰਾਜੈਕਟ ਦਾ ਵਿਰੋਧ ਕਰਦੇ ਸਨ ਅਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਇਹ ਪ੍ਰਾਜੈਕਟ ਰੱਦ ਕਰਨ ਦੇ ਹੱਕ ਵਿੱਚ ਸਨ, ਪਰ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ‘ਆਪ’ ਲੀਡਰਸ਼ਿਪ ਨੇ ਇਸ ਮਾਮਲੇ ਵਿੱਚ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਟੈਕਸਟਾਈਲ ਪਾਰਕ ਪ੍ਰਾਜੈਕਟ ਤੁਰੰਤ ਰੱਦ ਕਰਨਾ ਚਾਹੀਦਾ ਹੈ ਅਤੇ ਬਦਲਵੇਂ ਈਕੋ ਫਰੈਂਡਲੀ ਪ੍ਰਾਜੈਕਟ ਲਿਆਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਟੈਕਸਟਾਈਲ ਪਾਰਕ ਬਣਾਉਣ ਨਾਲ ਨਾ ਸਿਰਫ਼ ਸੁਰੱਖਿਅਤ ਜੰਗਲ ਦਾ ਵਾਤਾਵਰਨ ਪ੍ਰਭਾਵਿਤ ਹੋਵੇਗਾ ਬਲਕਿ ਇਸ ਨਾਲ ਸਤਲੁਜ ਦਰਿਆ ਦਾ ਪਾਣੀ ਵੀ ਗੰਧਲਾ ਹੋ ਜਾਵੇਗਾ ਕਿਉਂਕਿ ਇਸ ਵਿੱਚ ਫੈਕਟਰੀਆਂ ਦਾ ਗੰਧਲਾ ਪਾਣੀ ਛੱਡਿਆ ਜਾਵੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਅਤੇ ਵਾਤਾਵਰਨ ਪ੍ਰੇਮੀਆਂ ਦੀ ਮੰਗ ’ਤੇ ਇਸ ਪ੍ਰਾਜੈਕਟ ਨੂੰ ਰੱਦ ਕਰ ਕੇ ਨਵੀਂ ਥਾਂ ਤਬਦੀਲ ਕੀਤਾ ਜਾਵੇ।