ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ’ਤੇ ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਅੜਿੱਕਾ ਖੜ੍ਹਾ ਕਰਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਲੰਮੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਇਸ ਵੇਲੇ ਸਿੱਖ ਕੌਮ ਦੀ ਸਭ ਤੋਂ ਵੱਡੀ ਮੰਗ ਹੈ।
ਉਨ੍ਹਾਂ ਕਿਹਾ ਕਿ ਪੰਥਕ ਹਿੱਤਾਂ ਤੋਂ ਅਣਜਾਣ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਵਿੱਚ ਰੁਕਾਵਟ ਖੜ੍ਹੀ ਕਰਨਾ ਬੇਹੱਦ ਮੰਦਭਾਗਾ ਹੈ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇਸ ਦਾ ਸਖ਼ਤ ਵਿਰੋਧ ਕਰਦਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰਾਜੋਈ ਕਰਦਾ ਆ ਰਿਹਾ ਹੈ ਤੇ ਸਮੇਂ-ਸਮੇਂ ’ਤੇ ਇਸ ਸਬੰਧ ਵਿੱਚ ਕੇਂਦਰ ਦੀਆਂ ਸਰਕਾਰਾਂ ’ਤੇ ਦਬਾਅ ਬਣਾ ਰਿਹਾ ਹੈ, ਪਰ ਹੁਣ ਜਦੋਂ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ’ਤੇ ਵਿਚਾਰ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਤਾਂ ਕੇਜਰੀਵਾਲ ਸਰਕਾਰ ਜਾਣਬੁੱਝ ਕੇ ਉਸ ਵਿੱਚ ਅੜਿੱਕਾ ਪਾ ਰਹੀ ਹੈ। ਢੀਂਡਸਾ ਨੇ ਦੱਸਿਆ ਕਿ ਪਾਰਟੀ ਦੇ ਸੀਨੀਅਰ ਲੀਡਰਾਂ ਦੇ ਇੱਕ ਵਫ਼ਦ ਵੱਲੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਜੇਲ੍ਹਾਂ ਵਿੱਚ ਸਜ਼ਾਵਾਂ ਪੂਰੀਆਂ ਕਰ ਚੁੱਕੇ 20 ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ।
ਸਰਵਣ ਸਿੰਘ ਫਿਲੌਰ ਬਣੇ ਸੀਨੀਅਰ ਮੀਤ ਪ੍ਰਧਾਨ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ। ਇਸ ਸਬੰਧੀ ਢੀਂਡਸਾ ਦੇ ਸਿਆਸੀ ਸਲਾਹਕਾਰ ਅਤੇ ਪਾਰਟੀ ਦੇ ਬੁਲਾਰੇ ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਪਾਰਟੀ ਵੱਲੋਂ ਸਾਬਕਾ ਜੇਲ੍ਹ ਮੰਤਰੀ ਸਰਵਣ ਸਿੰਘ ਫਿਲੌਰ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਦਮਨਵੀਰ ਸਿੰਘ ਫਿਲੌਰ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪਾਰਟੀ ਨੇ ਜੁਗਰਾਜ ਪਾਲ ਸਿੰਘ ਸ਼ਾਹੀ ਨੂੰ ਕਪੂਰਥਲਾ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਹੈ।