ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 9 ਅਗਸਤ
ਜ਼ਿਲ੍ਹੇ ਦੀਆਂ ਸੈਂਕੜੇ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਵਰ੍ਹਦੇ ਮੀਂਹ ਵਿੱਚ ਸ਼ਹਿਰ ’ਚ ਰੋਸ ਮੁਜ਼ਾਹਰਾ ਕੀਤਾ। ਬੁਲਾਰਿਆਂ ਨੇ ਮੰਗ ਕੀਤੀ ਕਿ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਮੰਗਾਂ ਪੂਰੀਆਂ ਕੀਤੀਆਂ ਜਾਣ।
ਇਸ ਮੌਕੇ ਸਰਬਜੀਤ ਕੌਰ ਮਚਾਕੀ, ਅਮਰਜੀਤ ਕੰਮੇਆਣਾ, ਨਵਪ੍ਰੀਤ ਸਿੰਘ, ਮੇਲਾ ਸਿੰਘ, ਸਿੰਬਲ ਕੌਰ, ਕਮਲਜੀਤ ਕੌਰ ਅਤੇ ਅਮਰਜੀਤ ਰਣ ਸਿੰਘ ਵਾਲਾ ਆਦਿ ਨੇ ਕਿਹਾ ਕਿ ਆਸ਼ਾ ਵਰਕਰਾਂ ਨੂੰ ਉਜਰਤ ਕਾਨੂੰਨ ਤਹਿਤ ਘੱਟੋ ਘੱਟ 18000 ਰੁਪਏ ਤਨਖਾਹ ਦਿੱਤੀ ਜਾਵੇ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ ਹਰਿਆਣਾ ਦੀ ਤਰਜ਼ ’ਤੇ 4000 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਗੁਆਂਢੀ ਸੂਬੇ ਹਰਿਆਣਾ ਵਿੱਚ ਪੰਜਾਬ ਨਾਲੋਂ ਕਿਤੇ ਵੱਧ ਸਹੂਲਤਾਂ ਮਿਲ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਈ.ਪੀ.ਐਫ ਅਤੇ ਪੈਨਸ਼ਨ ਸਕੀਮ ਤੋਂ ਇਲਾਵਾ ਅਚਨਚੇਤ ਛੁੱਟੀ ਅਤੇ ਸੀਨੀਅਰ ਸੂਚੀ ਦਾ ਅਧਿਕਾਰ ਵੀ ਉਨ੍ਹਾਂ ਨੂੰ ਦਿੱਤਾ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਕੰਮ ਕਰਨ ਵਾਲੀਆਂ ਆਸ਼ਾ ਵਰਕਰਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ। ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਪੰਜਾਬ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਮੰਗ ਪੱਤਰ ਭੇਜਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਸਵੀਕਾਰ ਨਾ ਕੀਤਾ ਗਿਆ ਤਾਂ ਉਹ ਸੂਬਾ ਪੱਧਰੀ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ।