ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਮਈ
ਕਲਰਕ ਟੈਸਟ ਪਾਸ ਉਮੀਦਵਾਰਾਂ ਵੱਲੋਂ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵਾਲੀ ਕਲੋਨੀ ਦੇ ਸਾਹਮਣੇ ਸੰਗਰੂਰ-ਪਟਿਆਲਾ ਬਾਈਪਾਸ ਸੜਕ ਉੱਪਰ ਆਵਾਜਾਈ ਠੱਪ ਕਰਦਿਆਂ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਕਲਰਕ ਟੈਸਟ ਪਾਸ ਉਮੀਦਵਾਰ ਪਿਛਲੇ ਕਰੀਬ 18 ਦਿਨਾਂ ਤੋਂ ਇੱਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਅਤੇ ਮੁੱਖ ਮੰਤਰੀ ਨਾਲ ਮੀਟਿੰਗ ਨਿਸ਼ਚਿਤ ਕਰਾਉਣ ਦੀ ਮੰਗ ਕਰ ਰਹੇ ਹਨ ਪਰ ਅਜੇ ਤੱਕ ਪ੍ਰਦਰਸ਼ਨਕਾਰੀਆਂ ਨੂੰ ਮੀਟਿੰਗ ਨਸੀਬ ਨਹੀਂ ਹੋਈ।
ਮੁੱਖ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਨਾ ਦੇਣ ਅਤੇ 18 ਦਿਨਾਂ ਤੋਂ ਕੋਈ ਸੁਣਵਾਈ ਨਾ ਹੋਣ ਤੋਂ ਖਫ਼ਾ ਹੋਏ ਕਲਰਕ ਟੈਸਟ ਪਾਸ ਉਮੀਦਵਾਰਾਂ ਵੱਲੋਂ ਸੰਗਰੂਰ-ਪਟਿਆਲਾ ਬਾਈਪਾਸ ਸੜਕ ਉੱਪਰ ਸਿਖਰ ਦੁਪਹਿਰੇ ਕਰੀਬ ਢਾਈ ਘੰਟੇ ਆਵਾਜਾਈ ਠੱਪ ਕਰ ਕੇ ਧਰਨਾ ਦਿੱਤਾ ਗਿਆ। ਕਲਰਕ ਟੈਸਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਗੌਰਵ ਗਾਬਾ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 2016 ਵਿਚ ਕਲਰਕ ਦੀਆਂ 1883 ਅਸਾਮੀਆਂ ਲਈ ਇਸ਼ਤਿਹਾਰ ਕੱਢਿਆ ਗਿਆ ਸੀ ਜਿਸ ਦੀ ਭਰਤੀ ਪ੍ਰਕਿਰਿਆ ਪੂਰੇ ਪੰਜ ਸਾਲ ਚੱਲੀ ਪਰ ਇਸ ਦੇ ਬਾਵਜੂਦ ਅਜੇ ਤੱਕ ਭਰਤੀ ਮੁਕੰਮਲ ਨਹੀਂ ਹੋਈ। ਮੈਰਿਟ ਲਿਸਟ ਵਿੱਚ ਸ਼ਾਮਲ ਹੋਣ ਦੇ ਬਾਵਜੂਦ ਅਜੇ ਤੱਕ ਨਿਯੁਕਤੀ ਪੱਤਰ ਨਸੀਬ ਨਹੀਂ ਹੋਏ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਕਰਨ ਵਾਸਤੇ ਇੱਕ ਮਹੀਨਾ ਖੱਜਲ ਖੁਆਰ ਹੋਣ ਮਗਰੋਂ ਆਖ਼ਰਕਾਰ ਉਹ ਬੀਤੀ 14 ਅਪਰੈਲ ਤੋਂ ਇਥੇ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਈਂ ਬੈਠੇ ਹਨ ਪਰ ਨਾ ਤਾਂ ਮੁੱਖ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ ਅਤੇ ਨਾ ਹੀ ਸਰਕਾਰ ਅਤੇ ਪ੍ਰਸ਼ਾਸ਼ਨ ਵੱਲੋਂ ਕੋਈ ਸੁਣਵਾਈ ਕੀਤੀ ਜਾ ਰਹੀ ਹੈ। ਬੀਤੀ 24 ਅਪਰੈਲ ਨੂੰ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਸੌਂਪਿਆ ਸੀ ਪਰ ਅਮਲ ਕੁਝ ਨਹੀਂ ਹੋਇਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗ ਨਾ ਮੰਨੀ ਤਾਂ ਸੰਘਰਸ਼ ਦੀ ਰੂਪ ਰੇਖਾ ਬਦਲ ਕੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਡੀਐਸਪੀ ਸੰਗਰੂਰ ਵੱਲੋਂ ਡਿਪਟੀ ਕਮਿਸ਼ਨਰ ਨਾਲ ਯੂਨੀਅਨ ਦੀ ਮੀਟਿੰਗ ਕਰਵਾ ਕੇ ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਲੈ ਕੇ ਦੇਣ ਦਾ ਭਰੋਸਾ ਦਿਵਾਇਆ ਜਿਸ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂ ਸਪਿੰਦਰ ਕੌਰ, ਅਜੇ ਕੁਮਾਰ, ਅੰਕਿਤ ਸਿੰਗਲਾ, ਮਲਕੀਤ ਸਿੰਘ, ਮਨਦੀਪ ਕੌਰ, ਅਮਰਜੀਤ ਕੌਰ ਆਦਿ ਸ਼ਾਮਲ ਸਨ।