ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਡਾਕਟਰ ਵਿੰਗ ਦੇ ਸੂਬਾ ਪ੍ਰਧਾਨ ਡਾ. ਰਵਜੋਤ ਨੇ ਕੈਪਟਨ ਸਰਕਾਰ ਤੋਂ ਡਾਕਟਰਾਂ ਦੇ ਭੱਤੇ ਬਹਾਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂ ’ਤੇ ਪੰਜਾਬ ਦੇ ਸਾਰੇ ਸਰਕਾਰੀ ਮੁਲਾਜ਼ਮਾਂ ਨਾਲ ਮਜ਼ਾਕ ਕੀਤਾ ਹੈ। ਸਰਕਾਰ ਦੇ ਫ਼ੈਸਲੇ ਨਾਲ ਮੁਲਾਜ਼ਮਾਂ ਨੂੰ ਵਿੱਤੀ ਲਾਭ ਮਿਲਣ ਦੀ ਥਾਂ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਡਾ. ਰਵਜੋਤ ਨੇ ਕਿਹਾ ਕਿ ਕਰੋਨਾਕਾਲ ਵਿੱਚ ਆਪਣੀ ਜਾਨ ਜੋਖਮ ਵਿੱਚ ਪਾ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਾਲੇ ਡਾਕਟਰਾਂ ਨਾਲ ਕੈਪਟਨ ਸਰਕਾਰ ਦਾ ਇਹ ਵਤੀਰਾ ਨਿੰਦਣਯੋਗ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਡਾਕਟਰਾਂ ਨੂੰ ਪਹਿਲਾਂ ਵਾਂਗ ਹੀ ਬੇਸਿਕ ਤਨਖਾਹ ਨਾਲ ਭੱਤੇ ਦੇਣ ਅਤੇ ਸੰਘਰਸ਼ ਕਰਨ ਵਾਲੇ ਡਾਕਟਰ ਆਗੂਆਂ ਦੀਆਂ ਕੀਤੀਆਂ ਬਦਲੀਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ।