ਪੱਤਰ ਪ੍ਰੇਰਕ
ਮਾਨਸਾ, 2 ਅਗਸਤ
ਚਿੱਟੀ ਮੱਖੀ-ਗੁਲਾਬੀ ਸੁੰਡੀ ਦੇ ਹਮਲੇ ਤੋਂ ਘਬਰਾ ਕੇ ਮਾਨਸਾ ਨੇੜਲੇ ਪਿੰਡ ਫਫੜੇ ਭਾਈਕੇ ਦੇ ਕਿਸਾਨ ਅਮਰਪਾਲ ਸਿੰਘ ਨੇ ਢਾਈ ਏਕੜ ਅਤੇ ਭਾਜੀ ਸਿੰਘ ਨੇ 2 ਏਕੜ ਨਰਮੇ ਦੀ ਫਸਲ ਵਾਹ ਦਿੱਤੀ ਹੈ। ਪਿੰਡ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੇ 60 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ਉਪਰ ਜ਼ਮੀਨ ਲੈਕੇ ਨਰਮੇ ਦੀ ਫਸਲ ਦੀ ਬਿਜਾਈ ਕੀਤੀ ਸੀ ਅਤੇ ਮਹਿੰਗੇ ਭਾਅ ਦਾ ਬੀਜ ਲੈ ਕੇ ਯੂਨੀਵਰਸਿਟੀ ਦੀਆਂ ਸਿਫਾਰਸ਼ਾਂ ਮੁਤਾਬਕ ਬੀਜਿਆ ਗਿਆ ਸੀ ਅਤੇ ਇਸ ਦਾ 40 ਮਣ ਦੇ ਲਗਪਗ ਪ੍ਰਤੀ ਏਕੜ ਝਾੜ ਆਉਣ ਦਾ ਅਨੁਮਾਨ ਸੀ। ਉਨ੍ਹਾਂ ਕਿਹਾ ਕਿ ਨਰਮੇ ਉਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦਾ ਐਸਾ ਹਮਲਾ ਹੋਇਆ, ਜੋ 6 ਸਪਰੇਆਂ ਛਿੜਕਣ ਦੇ ਬਾਵਜੂਦ ਜਦੋਂ ਨਾ ਮਰਿਆ ਤਾਂ ਅੱਕੇ ਹੋਏ ਕਿਸਾਨਾਂ ਨੂੰ ਨਰਮਾ ਮਜਬੂਰਨ ਵਾਹੁਣਾ ਪਿਆ। ਉਨ੍ਹਾਂ ਕਿਹਾ ਕਿ 20 ਹਜ਼ਾਰ ਪ੍ਰਤੀ ਏਕੜ ਖਰਚ ਕਰਨ ਤੋਂ ਬਾਅਦ ਵੀ ਫ਼ਸਲ ਬਰਬਾਦ ਹੋ ਗਈ ਅਤੇ ਹੁਣ ਇਨ੍ਹਾਂ ਖੇਤਾਂ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਕਰਨ ਲਈ ਘੱਟੋ-ਘੱਟ 15 ਤੋਂ 20 ਹਜ਼ਾਰ ਰੁਪਏ ਦਾ ਹੋਰ ਖਰਚਾ ਕਰਨਾ ਪਵੇਗਾ। ਸਰਪੰਚ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਚੋਣਾਂ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਉਹ ਕਿਸਾਨਾਂ ਦੀਆਂ ਫ਼ਸਲਾਂ ਨਕਲੀ ਬੀਜ ਅਤੇ ਨਕਲੀ ਕੀੜੇਮਾਰ ਦਵਾਈਆਂ ਕਾਰਨ ਬਰਬਾਦ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬੀਜਾਂ ਅਤੇ ਕੀਟਨਾਸ਼ਕਾਂ ਦੀਆਂ ਦੁਕਾਨਾਂ ਉਪਰ ਸ਼ਿਕੰਜਾ ਕੱਸਣਾ ਚਾਹੀਦਾ ਹੈ।