ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 1 ਅਪਰੈਲ
ਲੰਬੀ ਵਿਖੇ ਬੀਤੇ ਦਿਨੀਂ ਕਿਸਾਨਾਂ-ਮਜ਼ਦੂਰਾਂ ’ਤੇ ਹੋਏ ਲਾਠੀਚਾਰਜ ਵਿਰੁੱਧ ਅਤੇ ਨਰਮੇ ਦੇ ਖਰਾਬੇ ਦਾ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਧਰਨੇ ਵਿਚ ਵਿਸ਼ਾਲ ਇਕੱਠ ਹੋਇਆ। ਇਹ ਧਰਨਾ ਕਮ ਰੈਲੀ ਕਰੀਬ ਚਾਰ ਘੰਟੇ ਚੱਲੀ ਜਿਸ ’ਚ ਔਰਤਾਂ ਵੱਡੀ ਗਿਣਤੀ ਵਿਚ ਸ਼ਾਮਲ ਹੋਈਆਂ। ਧਰਨਾਕਾਰੀਆਂ ਨੇ ਬਸੰਤੀ ਪੱਗਾਂ ਤੇ ਬੀਬੀਆਂ ਨੇ ਚੁੰਨੀਆਂ ਨਾਲ ਰੈਲੀ ਨੂੰ ਕ੍ਰਾਂਤੀਕਾਰੀ ਰੰਗ ਦਿੱਤਾ। ਧਰਨਾਕਾਰੀਆਂ ਨੇ ਡਿਪਟੀ ਕਮਿਸ਼ਨਰ, ਐੱਸਡੀਐੱਮ ਤੇ ਡੀਐੱਸਪੀ ਖ਼ਿਲਾਫ਼ ਸਖ਼ਤ ਕਾਰਵਾਈ ਮੰਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ‘ਆਪ’ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਗਾਂ ਦੀ ਪੂਰਤੀ ਤੱਕ ਮੁਕਤਸਰ ਦੇ ਡੀਸੀ ਦਫ਼ਤਰ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਜਾਰੀ ਰਹੇਗਾ।
ਧਰਨੇ ਨੂੰ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਤੇ ਵਿਭਾਗੀ ਕਾਰਵਾਈ ਕੀਤੀ ਜਾਵੇ, ਹੋਰਨਾਂ ਜ਼ਿਲ੍ਹਿਆਂ ’ਚ ਅਪਣਾਏ ਮਾਪਦੰਡ ਮੁਤਾਬਕ ਮੁਕਤਸਰ ਵਿੱਚ ਵੀ ਨਰਮਾ ਉਤਪਾਦਕ ਕਿਸਾਨਾਂ ਨੂੰ ਪੰਜਾਹ ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇ, ਨਰਮਾ ਚੁਗਣ ਵਾਲੇ ਖੇਤ ਮਜ਼ਦੂਰਾਂ ਨੂੰ ਰੁਜ਼ਗਾਰ, ਕਿਸਾਨਾਂ ਤੇ ਮਜ਼ਦੂਰਾਂ ’ਤੇ ਲੰਬੀ ’ਚ ਦਰਜ ਕੇਸ ਰੱਦ ਕੀਤਾ ਜਾਵੇ|
ਇਸ ਮੌਕੇ ਜ਼ਿਲ੍ਹਾ ਮੁਕਤਸਰ ਦੇ ਆਗੂ ਗੁਰਭਗਤ ਸਿੰਘ ਭਲਾਈਆਣਾ, ਗੁਰਪਾਸ਼ ਸਿੰਘ, ਮਹਿਲਾ ਕਿਸਾਨ ਆਗੂ ਕਮਲਜੀਤ ਕੌਰ ਬਰਨਾਲਾ, ਰਣਬੀਰ ਕੌਰ ਮਾਲੇਰਕੋਟਲਾ, ਬਚਿੱਤਰ ਕੌਰ ਮੋਗਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਮਤਾ ਪਾਸ ਕਰਕੇ ਟੌਲ ਪਲਾਜ਼ਿਆਂ ਦੇ ਵਧਾਏ ਰੇਟ ਵਾਪਸ ਲੈਣ, ਬੀਬੀਐੱਮਬੀ ਵਿਚੋਂ ਪੰਜਾਬ ਦਾ ਕੋਟਾ ਖ਼ਤਮ ਕਰਨ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਵੀ ਕੀਤੀ ਗਈ।
ਇਨਸਾਫ਼ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ: ਉਗਰਾਹਾਂ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਲਾਠੀਚਾਰਜ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਮੁਕਤਸਰ, ਐੱਸਡੀਐੱਮ ਅਤੇ ਡੀਐੱਸਪੀ ਮਲੋਟ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਨਰਮੇ ਦਾ ਕਿਸਾਨਾਂ ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਨਹੀਂ ਵੰਡਿਆ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ| ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਡੀਸੀ ਕਿਸਾਨ ਆਗੂਆਂ ਨਾਲ ਗੱਲਬਾਤ ਕਰ ਰਹੇ ਸਨ ਤੇ ਦੂਜੇ ਪਾਸੇ ਪੁਲੀਸ ਲਾਠੀਚਾਰਜ ਕਰ ਰਹੀ ਸੀ| ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਮੁਲਾਜ਼ਮਾਂ ਨੂੰ ਕਲਮ ਛੋੜ ਹੜਤਾਲ ਲਈ ਭੜਕਾਇਆ ਗਿਆ ਜਦੋਂਕਿ ਕਿਸਾਨਾਂ ਦਾ ਮੁਲਾਜ਼ਮਾਂ ਜਾਂ ਅਫ਼ਸਰਾਂ ਨਾਲ ਕੋਈ ਵੈਰ ਨਹੀਂ ਹੈ। ਕਿਸਾਨ ਸਿਰਫ ਪ੍ਰਤੀਕ ਵਜੋਂ ਨਾਇਬ ਤਹਿਸੀਲਦਾਰ ਦਾ ਘਿਰਾਓ ਕਰਕੇ ਆਪਣਾ ਰੋਸ ਜ਼ਾਹਿਰ ਕਰ ਰਹੇ ਸਨ।