ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਅਕਤੂਬਰ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਮੁੜ ਸਰਕਾਰ ਬਣਾਏਗੀ। ਪੰਜਾਬ ਯੂਨੀਵਰਸਿਟੀ ਵਿੱਚ ਕੇਂਦਰ ਸਰਕਾਰ ਦੇ ‘ਰੁਜ਼ਗਾਰ ਮੇਲੇ’ ਦੌਰਾਨ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸੂਬੇ ਤੇ ਕੇਂਦਰ ਵਿੱਚ ਇਕੋ ਸਿਆਸੀ ਧਿਰ ਦੀ ਸਰਕਾਰ ਹੋਵੇਗੀ ਤਾਂ ਵਿਕਾਸ ਹੋਰ ਬਿਹਤਰ ਢੰਗ ਨਾਲ ਹੋ ਸਕੇਗਾ। ਠਾਕੁਰ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਲੋਕਾਂ ਤੋਂ ਵੋਟ ਲੈਣ ਲਈ ਝੂਠ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਿਮਾਚਲ ਪ੍ਰਦੇਸ਼ ਵਿੱਚ ‘ਆਪ’ ਖਾਤਾ ਵੀ ਨਹੀਂ ਖੋਲ੍ਹ ਸਕੇਗੀ। ਜ਼ਿਕਰਯੋਗ ਹੈ ਕਿ ਹਿਮਾਚਲ ਵਿੱਚ ਵੋਟਿੰਗ 12 ਨਵੰਬਰ ਨੂੰ ਹੋਵੇਗੀ ਅਤੇ ਨਤੀਜੇ 8 ਦਸੰਬਰ ਨੂੰ ਆਉਣਗੇ। ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਬਹੁਪੱਖੀ ਵਿਕਾਸ ਹੋ ਰਿਹਾ ਹੈ। ਇਸੇ ਦੇ ਸਿਰ ’ਤੇ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਮੁੜ ਬਣੇਗੀ। ਕੇਂਦਰੀ ਮੰਤਰੀ ਨੇ ‘ਆਪ’ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਹਾਲਤ ਪਤਲੀ ਹੈ। ‘ਆਪ’ ਸਰਕਾਰ ਦੀ ਸੱਤਾ ਦੇ ਪਿਛਲੇ 7 ਮਹੀਨਿਆਂ ਦੌਰਾਨ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਸਿਹਤ ਖੇਤਰ ਵਿੱਚ ਸੁਧਾਰ ਦੇ ਨਾਂ ’ਤੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਪਾਰਟੀ ਦੇ ਸਿਹਤ ਮੰਤਰੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਸ਼ਰਾਬ ਘੁਟਾਲੇ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇਣ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਸਿਰ ਪਹਿਲਾਂ ਹੀ ਐਨਾ ਕਰਜ਼ਾ ਚੜ੍ਹਿਆ ਹੋਇਆ ਹੈ ਅਤੇ ਮੁਲਾਜ਼ਮਾਂ ਨੂੰ ਤਨਖ਼ਾਹ ਸਮੇਂ ਸਿਰ ਨਹੀਂ ਦਿੱਤੀ ਜਾ ਰਹੀ ਹੈ। ਅਜਿਹੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕਰਨ ਦਾ ਐਲਾਨ ਕਰਨਾ ਮਹਿਜ਼ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ’ਚ ਵੋਟਾਂ ਹਾਸਲ ਕਰਨ ਦਾ ਹੀ ਇਕ ਹੋਰ ਤਰੀਕਾ ਹੈ।
ਪੰਜਾਬ ਸਰਕਾਰ ਤੇ ਰਾਜਪਾਲ ਵਿਚਾਲੇ ਵਿਵਾਦ ਬਾਰੇ ਬੋਲਣ ਤੋਂ ਟਾਲਾ ਵੱਟਿਆ
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਅੱਜ ਚੰਡੀਗੜ੍ਹ ਫੇਰੀ ਦੌਰਾਨ ਸੂਬਾ ਸਰਕਾਰ ਤੇ ਰਾਜਪਾਲ ਵਿਚਕਾਰ ਚੱਲ ਰਹੇ ਵਿਵਾਦ ਬਾਰੇ ਟਿੱਪਣੀ ਕਰਨ ਤੋਂ ਟਲਦੇ ਦਿਖਾਈ ਦਿੱਤੇ। ਉਨ੍ਹਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਉਹ ਕੋਈ ਵੀ ਟਿੱਪਣੀ ਨਹੀਂ ਕਰਨਾ ਚਾਹੁੰਦੇ।
ਹਿਮਾਚਲ ਚੋਣਾਂ: ਕਾਂਗਰਸ ਨੇ ਚਾਰ ਹੋਰ ਉਮੀਦਵਾਰ ਐਲਾਨੇ
ਨਵੀਂ ਦਿੱਲੀ: ਕਾਂਗਰਸ ਨੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਚਾਰ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ ਮੌਜੂਦਾ ਵਿਧਾਇਕ ਜਗਤ ਸਿੰਘ ਨੇਗੀ ਨੂੰ ਕਿਨੌਰ ਅਤੇ ਯਾਦਵਿੰਦਰ ਗੋਮਾ ਨੂੰ ਜੈਸਿੰਘਪੁਰ ਤੋਂ ਮੁੜ ਟਿਕਟ ਦਿੱਤੀ ਹੈ। ਹਿਮਾਚਲ ਯੂਥ ਕਾਂਗਰਸ ਮੁਖੀ ਨਿਗਮ ਭੰਡਾਰੀ ਕਿੰਨੌਰ ਤੋਂ ਚੋਣ ਲੜਨ ਦੀ ਕੋਸ਼ਿਸ਼ ’ਚ ਸਨ। ਪਾਰਟੀ ਨੇ ਮਨਾਲੀ ਤੋਂ ਭੁਵਨੇਸ਼ਵਰ ਗੌੜ ਅਤੇ ਕਿਰਨੇਸ਼ ਜੰਗ ਨੂੰ ਪਾਉਂਟਾ ਸਾਹਿਬ ਹਲਕੇ ਤੋਂ ਟਿਕਟ ਦਿੱਤੀ ਹੈ। ਕਾਂਗਰਸ ਨੇ ਇਕ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹਿਮਾਚਲ ਪ੍ਰਦੇਸ਼ ਦੀਆਂ 68 ਸੀਟਾਂ ’ਤੇ 12 ਨਵੰਬਰ ਨੂੰ ਵੋਟਾਂ ਪੈਣਗੀਆਂ ਅਤੇ 8 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ। –ਪੀਟੀਆਈ