ਖੇਤਰੀ ਪ੍ਰਤੀਨਿਧ
ਬਰਨਾਲਾ, 20 ਦਸੰਬਰ
ਕੌਮੀ ਸਿਹਤ ਮਿਸ਼ਨ ਤਹਿਤ ਸਿਹਤ ਵਿਭਾਗ ਪੰਜਾਬ ‘ਚ ਕੰਮ ਕਰਦੇ ਸਮੂਹ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ ਰਹੀ। ਜ਼ਿਲ੍ਹੇ ਭਰ ਤੋਂ ਸਿਵਲ ਹਸਪਤਾਲ ਬਰਨਾਲਾ ਦੇ ਪਾਰਕ ’ਚ ਇਕੱਤਰ ਹੋਏ ਸਿਹਤ ਮੁਲਾਜ਼ਮਾਂ ਵੱਲੋਂ ਚੰਨੀ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕਰਦਿਆਂ ਸਾਰੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ। ਇਸ ਹੜਤਾਲ ’ਚ ਠੇਕਾ ਅਧਾਰਿਤ ਡਾਕਟਰ, ਸਟਾਫ਼ ਨਰਸਾਂ, ਕਮਿਊਨਿਟੀ ਹੈਲਥ ਅਫਸਰ, ਏਐਨਐਮਜ਼, ਦਫ਼ਤਰੀ ਮੁਲਾਜ਼ਮ, ਫਾਰਮਾਸਿਸਟ ਆਦਿ ਵੱਲੋਂ ਸ਼ਮੂਲੀਅਤ ਕੀਤੀ। ਐੱਨਐੱਚਐੱਮ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਆਗੂ ਕਮਲਜੀਤ ਕੌਰ ਪੱਤੀ, ਸੰਦੀਪ ਕੌਰ ਸੀਐਚਓ, ਵਿਪਨ ਕੁਮਾਰ, ਹਰਜੀਤ ਸਿੰਘ, ਨਵਦੀਪ ਸਿੰਘ, ਸੁਖਪਾਲ ਸਿੰਘ ਤੇ ਰੁਪਿੰਦਰ ਕੌਰ ਆਦਿ ਨੇ ਕਿਹਾ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਭਲਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸ਼ਹਿਰ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦੀ ਅਸਲੀਅਤ ਲੋਕਾਂ ਸਾਹਮਣੇ ਰੱਖਣਗੇ। ਅੱਜ ਐਨਐਚਐਮ ਮੁਲਾਜ਼ਮਾਂ ਵੱਲੋਂ ਰੈਗੂਲਰ ਦੀ ਮੰਗ ਲਈ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਸਥਾਨਕ ਸਿਵਲ ਹਸਪਤਾਲ ਦੇ ਪਾਰਕ ਵਿੱਚ ਰੋਸ ਪ੍ਰਦਰਸ਼ਨ ਕੀਤਾ।