ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 14 ਫਰਵਰੀ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਟਾਂਡਾ ਜ਼ੋਨ ਇਕਾਈ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਰੜਾ ਨੇੜੇ ਬਿਆਸ ਦਰਿਆ ਦੇ ਪੁਲ ਅਤੇ ਇਥੋਂ ਦੇ ਸਰਕਾਰੀ ਹਸਪਤਾਲ ਚੌਕ ਵਿੱਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਹ ਰੋਸ ਮੁਜ਼ਾਹਰਾ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਥੇਬੰਦੀ ਦੇ ਟਾਂਡਾ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੇ ਵਿਰੋਧ ’ਚ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਬਾਕੀ ਮੰਗਾਂ ਤੇ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ ਉਦੋਂ ਤੱਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪ੍ਰਧਾਨ ਮੰਤਰੀ ਤੇ ਕੇਂਦਰੀ ਮੰਤਰੀਆਂ ਦਾ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਕਾਹਨੂੰਵਾਨ (ਵਰਿੰਦਰਜੀਤ ਜਾਗੋਵਾਲ): ਇਥੇ ਨਜ਼ਦੀਕੀ ਪਿੰਡ ਬਾਗੜੀਆਂ ਵਿੱਚ ਕਿਸਾਨਾਂ ਨੇ ਪਗੜੀ ਸੰਭਾਲ ਲਹਿਰ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਬਾਗੜੀਆਂ ਨੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਦੇ ਮੁੱਖ ਦੋਸ਼ੀ ਕੇਂਦਰੀ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੂੰ ਦਿੱਤੀ ਗਈ ਜ਼ਮਾਨਤ ਰੱਦ ਕੀਤੀ ਜਾਵੇ, ਐੱਮਐੱਸਪੀ ਸਬੰਧੀ ਕਮੇਟੀ ਬਣਾਈ ਜਾਵੇ ਅਤੇ ਅੰਦੋਲਨ ਵਿੱਚ ਕਿਸਾਨਾਂ ਉੱਪਰ ਪਾਏ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ, ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ।
ਸ੍ਰੀ ਹਰਗੋਬਿੰਦਪੁਰ (ਗੁਰਭੇਜ ਸਿੰਘ ਰਾਣਾ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ਿਲ੍ਹਾ ਗੁਰਦਾਸਪੁਰ ਜ਼ੋਨ ਦਮਦਮਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਫ਼ੌਜੀ, ਅਸ਼ੋਕ ਵਰਧਨ, ਗੁਰਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਚੇਤਨਪੁਰਾ(ਰਣਬੀਰ ਸਿੰਘ ਮਿੰਟੂ): ਇਥੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਹਰਸ਼ਾ ਛੀਨਾ ਇਕਾਈ ਨੇ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਮਨਾਉਣ ਲਈ ਹਰਸ਼ਾ ਛੀਨਾ ਚੌਕ ਵਿੱਚ ਕਿਸਾਨਾਂ ਨੇ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਪਿੱਟ ਸਿਆਪਾ ਕੀਤਾ। ਯੂਨੀਅਨ ਦੇ ਪ੍ਰਮੁੱਖ ਆਗੂ ਜਗਬੀਰ ਸਿੰਘ ਛੀਨਾ, ਕਾਬਲ ਸਿੰਘ ਛੀਨਾ ਅਤੇ ਹਰਪਾਲ ਸਿੰਘ ਛੀਨਾ ਨੇ ਸੰਬੋਧਨ ਕੀਤਾ।
ਜੈਂਤੀਪੁਰ(ਪੱਤਰ ਪ੍ਰੇਰਕ): ਇਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਮੋਦੀ ਦੀ ਪੰਜਾਬ ਵਿੱਚ ਰੈਲੀ ਵਿਰੁੱਧ ਰੋਸ ਪ੍ਰਗਟ ਕਰਦਿਆਂ ਅੱਜ ਜ਼ੋਨ ਕੱਥੂਨੰਗਲ, ਮਜੀਠਾ, ਬਾਬਾ ਬੁੱਢਾ ਸਾਹਿਬ ਜੀ ਅਤੇ ਟਾਹਲੀ ਸਾਹਿਬ ਦੇ ਪਿੰਡ ਤਲਵੰਡੀ ਖੁੱਮਣ, ਹਮਜਾ, ਵਡਾਲਾ, ਨਵਾਂ ਪਿੰਡ, ਤਲਵੰਡੀ ਦਸੌਂਦਾ ਸਿੰਘ, ਜੇਠੂਵਾਲ, ਝੰਡੇ, ਮੱਤੇਵਾਲ ਅਤੇ ਅਬਦਾਲ ਵਿਖੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸ ਮੌਕੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਆਗੂ ਗੁਰਬਚਨ ਸਿੰਘ ਚੱਬਾ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਸੰਬੋਧਨ ਕੀਤਾ।
ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡਾਂ ਵਿੱਚ ਮੁਜ਼ਾਹਰੇ
ਗੜ੍ਹਸ਼ੰਕਰ (ਜੋਗਿੰਦਰ ਕੁੱਲੇਵਾਲ): ਇਥੇ ਕਿਰਤੀ ਕਿਸਾਨ ਯੂਨੀਅਨ ਵਲੋਂ ਗੜ੍ਹਸ਼ੰਕਰ ਦੇ ਪਿੰਡ ਦੇਣੋਵਾਲ ਕਲਾਂ, ਰਸੂਲਪੁਰ,ਸਿਕੰਦਰ ਪੁਰ , ਚੱਕ ਸਿੰਘਾ ਅਤੇ ਚੱਕ ਫੁੱਲੂ ਆਦਿ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫੂਕ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕੁਲਵਿੰਦਰ ਸਿੰਘ ਚਾਹਲ ਅਤੇ ਤਹਿਸੀਲ ਸਕੱਤਰ ਕੁਲਵੰਤ ਸਿੰਘ ਗੋਲੇਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਦਿੱਲੀ ਮੋਰਚੇ ਦੌਰਾਨ ਕਿਸਾਨਾ ਦੀਆਂ ਮੰਨੀਆਂ ਛੇ ਮੰਗਾਂ ਵਿਚੋਂ ਕੋਈ ਵੀ ਪ੍ਰਵਾਨ ਨਹੀਂ ਕੀਤੀ ਪਰ ਕੇਂਦਰੀ ਮੰਤਰੀ ਅਤੇ ਪ੍ਰਧਾਨ ਮੰਤਰੀ ਪੰਜਾਬ ਵਿੱਚ ਵੋਟਾਂ ਦੀ ਆਸ ਨਾਲ ਦੌਰੇ ਕਰ ਰਹੇ ਹਨ ਜਿਸ ਦਾ ਪੁਰਜ਼ੋਰ ਤਰੀਕੇ ਨਾਲ ਵਿਰੋਧ ਕੀਤਾ ਜਾਵੇਗਾ।