ਮੁੰਬਈ, 1 ਜੂਨ
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਮੁਅੱਤਲ ਪੁਲੀਸ ਅਧਿਕਾਰੀ ਸਚਿਨ ਵਜ਼ੇ ਨੂੰ ਸਰਕਾਰੀ ਗਵਾਹ ਬਣਨ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ’ਚ ਦਾਖ਼ਲ ਅਰਜ਼ੀ ’ਚ ਵਜ਼ੇ ਨੇ ਦਾਅਵਾ ਕੀਤਾ ਕਿ ਉਸ ਨੇ ਗ੍ਰਿਫ਼ਤਾਰੀ ਤੋਂ ਪਹਿਲਾਂ ਅਤੇ ਬਾਅਦ ’ਚ ਸੀਬੀਆਈ ਨਾਲ ਸਹਿਯੋਗ ਕੀਤਾ ਹੈ। ਅਦਾਲਤ ਦੇ ਹੁਕਮਾਂ ਮਗਰੋਂ ਹੁਣ ਵਜ਼ੇ ਸਰਕਾਰੀ ਗਵਾਹ ਵਜੋਂ ਪੇਸ਼ ਹੋਵੇਗਾ। ਵਜ਼ੇ ਨੂੰ ਪਿਛਲੇ ਸਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਹੁਣ ਉਹ ਨਿਆਂਇਕ ਹਿਰਾਸਤ ’ਚ ਹੈ। ਕਾਰੋਬਾਰੀ ਮੁਕੇਸ਼ ਅੰਬਾਨੀ ਦੀ ਰਿਹਾਇਸ਼ ਦੇ ਬਾਹਰ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਵਾਹਨ ਮਿਲਣ ਅਤੇ ਫਿਰ ਠਾਣੇ ਦੇ ਕਾਰੋਬਾਰੀ ਮਨਸੁਖ ਹੀਰੇਨ ਦੀ ਹੱਤਿਆ ਦੇ ਮਾਮਲੇ ’ਚ ਵਜ਼ੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਾਬਕਾ ਮੁੰਬਈ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੇ ਤਤਕਾਲੀ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ’ਤੇ ਦੋਸ਼ ਲਾਇਆ ਸੀ ਕਿ ਉਸ ਨੇ ਪੁਲੀਸ ਅਧਿਕਾਰੀਆਂ ਨੂੰ ਰੈਸਟੋਰੈਂਟਾਂ ਅਤੇ ਬਾਰਾਂ ਤੋਂ ਹਰ ਮਹੀਨੇ 100 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਦਿੱਤਾ ਹੋਇਆ ਸੀ। ਸੀਬੀਆਈ ਨੇ ਬੰਬੇ ਹਾਈ ਕੋਰਟ ਦੇ ਹੁਕਮਾਂ ਮਗਰੋਂ ਦੇਸ਼ਮੁਖ, ਵਜ਼ੇ ਤੇ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ। -ਪੀਟੀਆਈ