ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਕਰਮਚਾਰੀਆਂ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਬੀਤੇ ਦਿਨ ਹੋਈ ਹਿੰਸਕ ਝੜਪ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਪੰਜਾਬ ਸਰਕਾਰ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਢਾਹ ਲਾਉਣਾ ਚਾਹੁੰਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ।
ਅੱਜ ਇਥੇ ਪੁੱਜੇ ਸ੍ਰੀ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੀਤੇ ਦਿਨ ਦਰਬਾਰ ਸਾਹਿਬ ਸਮੂਹ ਵਿੱਚ ਧਰਨਾ ਦੇ ਰਹੇ ਸਿੱਖ ਕਾਰਕੁਨਾਂ ਵੱਲੋਂ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ’ਤੇ ਜਾਨਲੇਵਾ ਹਮਲਾ ਕੀਤਾ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਛੇ ਕਰਮਚਾਰੀ ਜ਼ਖਮੀ ਹੋ ਗਏ ਹਨ। ਇਨ੍ਹਾਂ ’ਚੋਂ ਦੋ ਗੰਭੀਰ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਪੁਲੀਸ ਕੋਲ ਇਨ੍ਹਾਂ ਖ਼ਿਲਾਫ਼ ਸ਼ਿਕਾਇਤ ਕੀਤੀ ਹੈ ਪਰ ਪੁਲੀਸ ਨੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਕਰਨ ਦੀ ਜਗ੍ਹਾ ਖੁੱਲ੍ਹਾ ਛੱਡ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਧਰਨਾਕਾਰੀਆਂ ਨਾਲ ਕਈ ਵਾਰ ਗੱਲਬਾਤ ਕਰਕੇ ਮਾਮਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਬੀਤੇ ਦਿਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਦੋਵੇਂ ਗੇਟ ਬੰਦ ਕਰ ਦਿੱਤੇ ਅਤੇ ਦੁਪਹਿਰ ਵੇਲੇ ਕਰਮਚਾਰੀਆਂ ਨਾਲ ਹੋਈ ਤਕਰਾਰ ਮਗਰੋਂ ਹਮਲਾ ਕਰ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਸਿੱਖ ਸੰਸਥਾ ਨੂੰ ਤੋੜਨ ਦੀ ਮਨਸ਼ਾ ਨਾਲ ਇਹ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਪਿੱਛੇ ਕਿਸਾਨ ਅੰਦੋਲਨ ਨੂੰ ਤਾਰਪੀਡੋ ਕਰਨ ਅਤੇ ਲੋਕਾਂ ਦਾ ਧਿਆਨ ਇਸ ਮੁੱਦੇ ਤੋਂ ਹਟਾਉਣ ਦੀ ਸਾਜ਼ਿਸ਼ ਵੀ ਹੋ ਸਕਦੀ ਹੈ। ਇਸ ਮਗਰੋਂ ਉਹ ਗੁਰੂ ਰਾਮਦਾਸ ਹਸਪਤਾਲ ਗਏ ਅਤੇ ਜ਼ਖਮੀ ਹੋਏ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਦਾ ਹਾਲ ਪੁੱਛਿਆ।
ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਧਰਨੇ ਵਾਲੇ ਸਥਾਨ ’ਤੇ ਟੀਨਾਂ ਲਾ ਕੇ ਇਸ ਅੰਦਰ ਬਜਰੀ ਆਦਿ ਸੁੱਟ ਦਿੱਤੀ ਹੈ ਤਾਂ ਜੋ ਇੱਥੋ ਕੋਈ ਬੈਠ ਨਾ ਸਕੇ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਦਫ਼ਤਰੀ ਕੰਪਲੈਕਸ ਵਾਲੇ ਪਾਸੇ ਵੀ ਵੱਡੀ ਗਿਣਤੀ ਵਿੱਚ ਪੁਲੀਸ ਤਾਇਨਾਤ ਸੀ ਅਤੇ ਵੱਖ ਵੱਖ ਥਾਵਾਂ ’ਤੇ ਸ਼੍ਰੋਮਣੀ ਕਮੇਟੀ ਦੇ ਕਰਮਚਾਰੀ ਨਿਗਰਾਨੀ ਕਰ ਰਹੇ ਸਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਐਲਾਨ ਕੀਤਾ ਹੈ ਕਿ ਭਵਿੱਖ ਵਿਚ ਦਰਬਾਰ ਸਾਹਿਬ ਸਮੂਹ ਵਿੱਚ ਕਿਸੇ ਨੂੰ ਵੀ ਧਰਨੇ ਲਾਉਣ ਜਾਂ ਪ੍ਰਦਰਸ਼ਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਹਿੰਸਕ ਕਾਰਵਾਈ ਦੌਰਾਨ ਮੀਡੀਆ ਨਾਲ ਹੋਈ ਬਦਸਲੂਕੀ ਬਾਰੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰਨਾਂ ਨੇ ਮੀਡੀਆ ਕੋਲੋਂ ਮੁਆਫੀ ਮੰਗੀ ਹੈ।
ਸ਼੍ਰੋਮਣੀ ਕਮੇਟੀ ਸਪੱਸ਼ਟ ਕਰੇ ਕਿ ਪਾਵਨ ਸਰੂਪ ਕਿਸ ਨੂੰ ਦਿੱਤੇ: ਮੰਡ
ਅੰਮ੍ਰਿਤਸਰ (ਪੱਤਰ ਪ੍ਰੇਰਕ): ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਇਨਸਾਫ਼ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਬਾਹਰ ਧਰਨਾ ਲਾਈ ਬੈਠੀ ਸਤਿਕਾਰ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵਿਚਾਲੇ ਬੀਤੇ ਦਿਨ ਹੋਈ ਝੜਪ ਦੀ ਸਿੱਖ ਯੂਥ ਆਫ਼ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪਾਰਟੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਜਿਸ ਢੰਗ ਨਾਲ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਕਮੇਟੀ ਦੇ ਸਿੰਘਾਂ ਨੂੰ ਅੰਦਰ ਬੰਦੀ ਬਣਾ ਕੇ ਕੁੱਟਮਾਰ ਕੀਤੀ, ਉਹ ਗੈਰ-ਮਨੁੱਖੀ ਅਤੇ ਗੈਰ-ਕਾਨੂੰਨੀ ਕਦਮ ਹੈ। ਇਸ ਦੇ ਦੋਸ਼ੀਆਂ ’ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਹੋਈ ਬਦਸਲੂਕੀ, ਕੁੱਟਮਾਰ ਅਤੇ ਮੋਬਾਈਲ ਖੋਹਣ ਦੀ ਵੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਦੇ ਮਸਲੇ ’ਤੇ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ ਅਤੇ ਆਪਣੇ ਪਿਛਲੇ ਗੁਨਾਹਾਂ ਨੂੰ ਲੁਕਾਉਣ ਲਈ ਹੋਰ ਗੁਨਾਹ ਕਰਦੀ ਜਾ ਰਹੀ ਹੈ। ਜਦੋਂ ਤੱਕ ਕਮੇਟੀ ਇਹ ਸਪੱਸ਼ਟ ਨਹੀਂ ਕਰਦੀ ਕਿ ਪਾਵਨ ਸਰੂਪ ਕਿਸ ਨੂੰ ਅਤੇ ਕਿਸ ਦੇ ਕਹਿਣ ’ਤੇ ਦਿੱਤੇ ਗਏ ਹਨ, ਉਦੋਂ ਤਕ ਇਹ ਮਸਲਾ ਹੱਲ ਨਹੀਂ ਹੋ ਸਕਦਾ। ਇਸ ਘਟਨਾ ਦਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਬੁਲਾਰੇ ਜਸਬੀਰ ਸਿੰਘ ਘੁੰਮਣ, ਜਥੇਦਾਰ ਹਵਾਰਾ ਕਮੇਟੀ ਦੇ ਆਗੂ ਪ੍ਰੋਫੈਸਰ ਬਲਜਿੰਦਰ ਸਿੰਘ ਅਤੇ ਐਡਵੋਕੇਟ ਅਮਰ ਸਿੰਘ ਚਾਹਲ ਨੇ ਵੀ ਵਿਰੋਧ ਕੀਤਾ ਹੈ।
‘ਆਪ’ ਆਗੂਆਂ ਨੇ ਜ਼ਖਮੀ ਸਿੱਖ ਕਾਰਕੁਨਾਂ ਦਾ ਹਾਲ ਪੁੱਛਿਆ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਅਤੇ ਸਿੱਖ ਧਰਨਾਕਾਰੀਆਂ ਵਿਚਾਲੇ ਬੀਤੇ ਦਿਨ ਹੋਈ ਝੜਪ ਵਿੱਚ ਜ਼ਖ਼ਮੀ ਹੋਏ ਸਿੱਖ ਕਾਰੁਕਨਾਂ ਦਾ ਹਾਲ ਪੁੱਛਣ ਲਈ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਹਸਪਤਾਲ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸਿਵਲ ਹਸਪਤਾਲ ਪੁੱਜੇ ਸ੍ਰੀ ਸੰਧਵਾਂ ਨੇ ਜ਼ਖ਼ਮੀਆਂ ਕੋਲੋਂ ਘਟਨਾ ਦੇ ਵੇਰਵੇ ਪੁੱਛੇ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਦੌਰਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਆਗੂ ਬਲਵੰਤ ਸਿੰਘ ਗੋਪਾਲਾ, ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੇ ਬੁਲਾਰੇ ਮਨਜੀਤ ਸਿੰਘ ਭੋਮਾ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ, ਮਨਮੋਹਨ ਸਿੰਘ ਸਠਿਆਲਾ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵੀ ਹਿੰਸਕ ਝੜਪਾਂ ਦੀ ਨਿਖੇਧੀ ਕੀਤੀ ਹੈ।