ਮੁੰਬਈ, 6 ਅਪਰੈਲ
ਮਹਾਰਾਸ਼ਟਰ ਸਰਕਾਰ ਰਾਜ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਫੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪੁੱਜ ਗਈ ਹੈ। ਬੰਬੇ ਹਾਈ ਕੋਰਟ ਨੇ ਲੰਘੇ ਦਿਨ ਜਾਂਚ ਕੇਂਦਰੀ ਜਾਂਚ ਏਜੰਸੀ ਦੇ ਸਪੁਰਦ ਕਰਦਿਆਂ 15 ਦਿਨਾਂ ਦੇ ਅੰਦਰ ਮੁੱਢਲੀ ਜਾਂਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਮੁੰਬਈ ਦੇ ਸਾਬਕਾ ਪੁਲੀਸ ਕਮਿਸ਼ਨਰ ਪਰਮਬੀਰ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਊਧਵ ਠਾਕਰੇ ਨੂੰ ਲਿਖੇ ਪੱਤਰ ਵਿੱਚ ਦੋਸ਼ ਲਾਇਆ ਸੀ ਕਿ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਵੱਲੋਂ ਜਬਰੀ ਵਸੂਲੀ ਲਈ ਪੁਲੀਸ ਅਧਿਕਾਰੀਆਂ ’ਤੇ ਦਬਾਅ ਪਾਇਆ ਜਾ ਰਿਹੈ। ਪਰਮਬੀਰ ਨੇ ਮਗਰੋਂ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਦੇਸ਼ਮੁਖ ਖ਼ਿਲਾਫ਼ ਲਾਏ ਦੋਸ਼ਾਂ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਸੀ। ਸਿਖਰਲੀ ਅਦਾਲਤ ਨੇ ਹਾਲਾਂਕਿ ਸਿੰਘ ਨੂੰ ਵਾਪਸ ਮੋੜਦਿਆਂ ਬੰਬੇ ਹਾਈ ਕੋਰਟ ਦਾ ਰੁਖ਼ ਕਰਨ ਦੀ ਸਲਾਹ ਦਿੱਤੀ ਸੀ। ਦੇਸ਼ਮੁਖ ਨੇ ਲੰਘੇ ਦਿਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।