ਐੱਸਏਐੱਸ ਨਗਰ (ਮੁਹਾਲੀ) (ਦਰਸ਼ਨ ਿਸੰਘ ਸੋਢੀ): ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਿਜੀਲੈਂਸ ਬਿਊਰੋ ਵੱਲੋਂ ਵਿਵਾਦਿਤ ਕੋਠੀ ਦੀ ਖ਼ਰੀਦੋ-ਫ਼ਰੋਖ਼ਤ ਦੇ ਮਾਮਲੇ ਵਿੱਚ ਨਾਮਜ਼ਦ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਉਂਜ ਸੁਣਵਾਈ ਦੌਰਾਨ ਸਰਕਾਰੀ ਅਤੇ ਬਚਾਅ ਪੱਖ ਦੇ ਵਕੀਲਾਂ ਦਰਮਿਆਨ ਤਿੱਖੀ ਬਹਿਸ ਹੋਈ। ਸੁਪਰੀਮ ਕੋਰਟ ਨੇ ਕੁਝ ਦਿਨ ਪਹਿਲਾਂ ਸਾਬਕਾ ਡੀਜੀਪੀ ਨੂੰ ਅਦਾਲਤਾਂ ਵੱਲੋਂ ਵੱਡੀਆਂ ਰਾਹਤ ਦੇਣ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਸਾਰੇ ਮਾਮਲਿਆਂ ਨੂੰ ਮੁੜ ਵਾਚਣ ਲਈ ਕਿਹਾ ਸੀ। ਸਿਖਰਲੀ ਅਦਾਲਤ ਦੇ ਨਿੱਜੀ ਦਖ਼ਲ ਮਗਰੋਂ ਪੰਜਾਬ ਪੁਲੀਸ ਅਤੇ ਵਿਜੀਲੈਂਸ ਨੇ ਸੈਣੀ ਵਿਰੁੱਧ ਚੱਲ ਰਹੇ ਪੁਰਾਣੇ ਕੇਸਾਂ ਦੀਆਂ ਫਾਈਲਾਂ ਤੋਂ ਮਿੱਟੀ ਝਾੜਨੀ ਸ਼ੁਰੂ ਕੀਤੀ ਸੀ। ਸਾਬਕਾ ਡੀਜੀਪੀ ਨੇ ਪੁਰਾਣੇ ਕੇਸ ਵਿੱਚ ਆਪਣੀ ਗ੍ਰਿਫ਼ਤਾਰੀ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਅਦਾਲਤ ਦਾ ਰੁਖ਼ ਕੀਤਾ ਸੀ।