ਮਾਨਸਾ (ਪੱਤਰ ਪ੍ਰੇਰਕ) ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਕਿਸਾਨ ਜਥੇਬੰਦੀਆਂ ਨੇ ਇੱਕਜੁੱਟਤਾ ਬਣਾਕੇ ਮੋਦੀ-ਭਾਜਪਾ ਹਕੂਮਤ ਵਿਰੁੱਧ ਚੱਲ ਰਹੇ ਧਰਨਿਆਂ ਵਿੱਚ ਅੱਜ ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਕੰਪਨੀਆਂ ਵੱਲੋਂ ਕੀਤੇ ਜਾ ਰਹੇ ਵਾਅਦੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ। ਮਾਲਵਾ ਖੇਤਰ ਵਿੱਚ ਅਨੇਕਾਂ ਥਾਵਾਂ ’ਤੇ ਮਤੇ ਪਾਸ ਕਰਕੇ ਲੋਕ ਵਿਰੋਧੀ ਕੇਂਦਰ ਸਰਕਾਰ ਵੱਲੋਂ ਕੰਪਨੀਆਂ ਨੂੰ ਮਨਮਰਜ਼ੀ ਮੁਤਾਬਕ ਰੇਟ ਵਧਾਉਣ ਦੀ ਦਿੱਤੀ ਖੁੱਲ੍ਹੀ ਛੁੱਟੀ ਦੀ ਨਿੰਦਾ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਆਪਣੇ ਧਰਨਿਆਂ ਵਿੱਚ ਅਜਿਹੇ ਭਾਰੀ ਵਾਧੇ ਨੂੰ ਵਾਪਸ ਕਰਵਾਉਣ ਲਈ ਲੋਕਾਂ ਨੂੰ ਹੋਕਾ ਦਿੱਤਾ ਗਿਆ। ਇਸੇ ਦੌਰਾਨ ਮਾਨਸਾ ਦੇ ਰੇਲਵੇ ਸਟੇਸ਼ਨ ਨੇੜੇ ਲੱਗੇ ਪੱਕੇ ਮੋਰਚੇ ਅੱਜ 155ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ 8 ਮਾਰਚ ਨੂੰ ਔਰਤਾਂ ਦਾ ਵੱਡਾ ਇਕੱਠ ਕਰਕੇ ਔਰਤ ਦਿਵਸ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਡਾ ਇਕੱਠ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਿੰਡਾਂ ਵਿੱਚ ਰੈਲੀਆਂ, ਨੁੱਕੜ ਮੀਟਿੰਗਾਂ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ। ਕਿਸਾਨ ਆਗੂ ਨੇ ਕਿਹਾ ਕਿ ਜਿੰਨਾਂ ਚਿਰ ਇਹ ਮੋਦੀ ਸਰਕਾਰ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ, ਉਨਾਂ ਚਿਰ ਇਹ ਸੰਘਰਸ਼ ਲਗਾਤਾਰ ਜਾਰੀ ਰਹੇਗਾ।