ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਅਕਤੂਬਰ
ਇਥੇ ‘ਆਮ ਆਦਮੀ ਪਾਰਟੀ’ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਨੇ ਪਰਵਾਸੀ ਮਜ਼ਦੂਰਾਂ ਤੇ ਖੇਤੀਬਾੜੀ ਕਾਨੂੰਨਾਂ ਸਬੰਧੀ ਹਰਿਆਣਾ ਦੀ ਭਾਜਪਾ ਸਰਕਾਰ ਨੂੰ ਘੇਰਿਆ ਤੇ ਕਿਹਾ ਕਿ ਹਰਿਆਣਾ ’ਚ ਜੰਗਲ ਰਾਜ ਦੀ ਸਥਿਤੀ ਹੈ, ਰਾਜ ’ਚ ਰੋਜ਼ਾਨਾ ਚਾਰ ਜਬਰ-ਜਨਾਹ ਤੇ ਤਿੰਨ ਕਤਲ ਦੇ ਮਾਮਲੇ ਸਾਹਮਣੇ ਆ ਰਹੇ ਹਨ। ਸੁਸ਼ੀਲ ਗੁਪਤਾ ਨੇ ਕਿਹਾ ਕਿ ਭਾਜਪਾ ਸ਼ਾਸਿਤ ਹਰਿਆਣਾ ਸਰਕਾਰ ਨੇ 1970 ਤੋਂ ਲੈ ਕੇ ਹੁਣ ਤਕ ਰਹਿੰਦੇ ਲਗਪਗ 2500 ਪਰਵਾਸੀਆਂ ਦੇ ਘਰ ਢਾਹ ਦਿੱਤੇ ਤੇ ਲਗਪਗ 12000 ਪਰਵਾਸੀਆਂ ਦੇ ਘਰਾਂ ਨੂੰ ਬਿਜਲੀ/ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕਰੋਨਾ ਮਹਾਮਾਰੀ ਦੇ ਸਮੇਂ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਦੇ ਫੈਸਲੇ ਦਾ ਵਿਰੋਧ ਕਰਦੀ ਹੈ ਤੇ ਉਨ੍ਹਾਂ ਦੇ ਮੁੜ ਵਸੇਬੇ ਦੀ ਮੰਗ ਕਰਦੀ ਹੈ। ਹਰਿਆਣਾ ਸਰਕਾਰ ਦੀ ਨੀਤੀ ਦੇ ਅਨੁਸਾਰ ਝੁੱਗੀਆਂ ਨੂੰ ਤੋੜਨ ਤੋਂ ਪਹਿਲਾਂ 20 ਸਾਲ ਤੋਂ ਵੱਧ ਸਮੇਂ ਲਈ ਰਹਿਣ ਵਾਲੇ ਵਿਅਕਤੀ ਨੂੰ ਰਿਹਾਇਸ਼ ਦੀ ਵਿਵਸਥਾ ਹੈ। ਕੇਂਦਰ ਸਰਕਾਰ ਦੀ ਨੀਤੀ ਵੀ ਇਹ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤਿੰਨੋਂ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੀ ਹੈ ਤੇ 24 ਅਕਤੂਬਰ ਨੂੰ ਹਰਿਆਣਾ ਦੇ ਕੈਬਨਿਟ ਮੰਤਰੀ ਮੂਲਚੰਦ ਸ਼ਰਮਾ ਦਾ ਘਿਰਾਓ ਕੀਤਾ ਜਾਵੇਗਾ। ਸੁਸ਼ੀਲ ਗੁਪਤਾ ਨੇ ਅੱਜ ਪਾਰਟੀ ਹੈੱਡਕੁਆਰਟਰ ਵਿਚ ਪਰਵਾਸੀ ਮਜ਼ਦੂਰਾਂ ਤੇ ਖੇਤੀਬਾੜੀ ਕਾਨੂੰਨਾਂ ਸਬੰਧੀ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਪਰਵਾਸੀ ਮਜ਼ਦੂਰਾਂ ਪ੍ਰਤੀ ਭਾਜਪਾ ਵਿਰੋਧੀ ਸਰਕਾਰ ਦਾ ਚਿਹਰਾ ਸਾਹਮਣੇ ਆਇਆ ਹੈ। ਫਰੀਦਾਬਾਦ ਦੀਆਂ ਕਲੋਨੀਆਂ/ਪਿੰਡ ਵਿੱਚ ਪਰਵਾਸੀਆਂ ਦੇ ਘਰਾਂ ਨੂੰ ਢਾਹਿਆ ਜਾ ਰਿਹਾ ਹੈ। ਹਾਈਕੋਰਟ ਨੇ ਇਹ ਵੀ ਆਦੇਸ਼ ਦਿੱਤਾ ਹੈ ਕਿ ਇਨ੍ਹਾਂ ਲੋਕਾਂ ਦਾ ਮੁੜ ਵਸੇਬਾ ਕੀਤਾ ਜਾਵੇ। ਰਾਜ ਸਭਾ ਮੈਂਬਰ ਨੇ ਕਿਹਾ ਕਿ ਹਰਿਆਣਾ ਸਰਕਾਰ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਗਈ ਤੇ ਇਕ ਨਵਾਂ ਆਦੇਸ਼ ਲੈ ਕੇ ਆਈ। ਲਗਪਗ 12 ਹਜ਼ਾਰ ਲੋਕਾਂ ਦੇ ਘਰਾਂ ਵਿੱਚ ਬਿਜਲੀ ਤੇ ਪਾਣੀ ਬੰਦ ਕਰ ਦਿੱਤਾ ਹੈ।