ਪਾਲ ਸਿੰਘ ਨੌਲੀ
ਜਲੰਧਰ, 16 ਦਸੰਬਰ
ਪੰਜਾਬ ਦੇ ਸਿੱਖਿਆ ਤੇ ਖੇਡ ਮੰਤਰੀ ਪਰਗਟ ਸਿੰਘ ਨੇ ਪ੍ਰਤਾਪਪੁਰਾ ਅਨਾਜ ਮੰਡੀ ਵਿੱਚ 17 ਦਸੰਬਰ ਨੂੰ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਅੱਜ ਜਾਇਜ਼ਾ ਲਿਆ। ਸਥਾਨਕ ਸਰਕਟ ਹਾਊਸ ਵਿਚ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ ਜਾਵੇਗੀ ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਅਤੇ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਸ਼ਮੂਲੀਅਤ ਕਰਨਗੇ ਅਤੇ ਇਕੱਠ ਨੂੰ ਸੰਬੋਧਨ ਕਰਨਗੇ।
ਵਿਧਾਇਕ ਸੁਸ਼ੀਲ ਕੁਮਾਰ ਰਿੰਕੂ, ਰਜਿੰਦਰ ਬੇਰੀ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਮੌਜੂਦਗੀ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਨਤਕ ਇਕੱਠ ਨੂੰ ਸੰਬੋਧਨ ਕਰਨ ਤੋਂ ਇਲਾਵਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਸਰਕਾਰੀ ਕੋ-ਐਜੂਕੇਸ਼ਨ ਕਾਲਜ ਬੂਟਾ ਮੰਡੀ ਨੂੰ ਸਮਰਪਿਤ ਕਰਨਗੇ। ਉਪਰੰਤ ਉਨ੍ਹਾਂ ਵੱਲੋਂ 120 ਫੁੱਟੀ ਰੋਡ ’ਤੇ ਕਬੀਰ ਭਵਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ ਅਤੇ ਏਬੀਡੀ ਖੇਤਰ ਵਿੱਚ ਟਰੰਕ ਸਟਰੋਮ ਡਰੇਨੇਜ ਸਿਸਟਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਪੁਲੀਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਸੂਬਾ ਪੱਧਰੀ ਸਮਾਗਮ ਵਾਲੇ ਸਥਾਨ ਦਾ ਦੌਰਾ ਕੀਤਾ।