ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ (ਮੁਹਾਲੀ), 28 ਜੂਨ
ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਪੂਰਾ ਨਾ ਕਰਨ ਤੋਂ ਰੋਹ ਵਿੱਚ ਆਏ ਮੁਲਾਜ਼ਮਾਂ ਨੇ ਅੱਜ ਸੂਬਾ ਸਰਕਾਰ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ ਦੇ ਸੂਬਾਈ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਟਹਿਲ ਸਿੰਘ ਸਰਾਭਾ, ਰੁਣਦੀਪ ਸਿੰਘ ਫਤਹਿਗੜ੍ਹ ਸਾਹਿਬ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾਈ ਆਗੂ ਦਰਸ਼ਨ ਸਿੰਘ ਲੁਬਾਣਾ ਆਦਿ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਚੁੱਪੀ ਧਾਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ‘ਆਪ’ ਲੀਡਰਸ਼ਿਪ ਨੇ ਚੋਣ ਮੈਨੀਫੈਸਟੋ ਵਿੱਚ ਮੁਲਾਜ਼ਮਾਂ ਨਾਲ ਇਕਰਾਰਨਾਮਾ ਕੀਤਾ ਸੀ ਕਿ ਜਨਵਰੀ 2004 ਤੋਂ ਬਾਅਦ ਭਰਤੀ ਸਾਰੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇਗੀ, ਛੇਵਾਂ ਤਨਖ਼ਾਹ-ਕਮਿਸ਼ਨ ਲਾਗੂ ਕਰਨ ਸਮੇਤ ਤਨਖ਼ਾਹ ਤਰੁੱਟੀਆਂ ਦੂਰ ਕਰਨ ਲਈ ਕਮੇਟੀ ਦਾ ਗਠਨ ਕੀਤਾ ਜਾਵੇਗਾ ਆਦਿ ਪਰ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਇਨ੍ਹਾਂ ਮੁੱਦਿਆਂ ਨੂੰ ਪ੍ਰਵਾਨ ਤਾਂ ਕੀ ਕਰਨਾ ਸੀ, ਇਨ੍ਹਾਂ ਮੁੱਦਿਆਂ ਨੂੰ ਛੂਹਿਆ ਤੱਕ ਨਹੀਂ।
ਰੈਲੀ ਉਪਰੰਤ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦਿਆਂ ਪੰਜਾਬ ਵਿਧਾਨ ਸਭਾ ਵੱਲ ਰੋਸ ਮਾਰਚ ਕੀਤਾ ਅਤੇ ਫੇਜ਼-7 ਲਾਲ ਬੱਤੀ ਚੌਕ ’ਤੇ ਸੜਕ ਜਾਮ ਕਰਕੇ ਹੁਕਮਰਾਨਾਂ ਦਾ ਪਿੱਟ ਸਿਆਪਾ ਕੀਤਾ ਗਿਆ। ਇਸ ਦੌਰਾਨ ਤਹਿਸੀਲਦਾਰ ਅਰਜਨ ਗਰੇਵਾਲ, ਡੀਐੱਸਪੀ ਮਨਵੀਰ ਸਿੰਘ ਬਾਜਵਾ ਨੇ ਮੌਕੇ ’ਤੇ ਪਹੁੰਚ ਕੇ ਬੁੱਧਵਾਰ ਸ਼ਾਮ ਤੱਕ ਵਿੱਤ ਮੰਤਰੀ ਨਾਲ ਮੀਟਿੰਗ ਦਾ ਸਮਾਂ ਦਿਵਾਉਣ ਦਾ ਭਰੋਸਾ ਦੇ ਕੇ ਪ੍ਰਦਰਸ਼ਨਕਾਰੀਆਂ ਨੂੰ ਸ਼ਾਂਤ ਕੀਤਾ।