ਨਵੀਂ ਦਿੱਲੀ, 2 ਮਾਰਚ
ਸੁਪਰੀਮ ਕੋਰਟ ਨੇ ਜਾਂਚ ਏਜੰਸੀਆਂ ਜਿਵੇਂ ਸੀਬੀਆਈ, ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੇ ਕੌਮੀ ਜਾਂਚ ਏਜੰਸੀ (ਐੱਨਆਈਏ) ਦੇ ਦਫ਼ਤਰਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੇ ਮੁੱਦੇ ’ਤੇ ਕੇਂਦਰ ਸਰਕਾਰ ਵੱਲੋਂ ਹੋਰ ਸਮਾਂ ਮੰਗਣ ਨੂੰ ਪੈਰ ਪਿਛਾਂਹ ਖਿੱਚਣ ਦੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਨਾਲ ਨਾਰਾਜ਼ਗੀ ਜਤਾਈ ਹੈ।
ਜਸਟਿਸ ਆਰ ਐੱਫ ਨਰੀਮਨ ਦੀ ਅਗਵਾਈ ਵਾਲੇ ਬੈਂਚ, ਜਿਸ ਅਨੁਸਾਰ ਇਹ ਮੁੱਦਾ ਲੋਕਾਂ ਦੇ ਅਧਿਕਾਰਾਂ ਨਾਲ ਸਬੰਧਤ ਹੈ, ਨੇ ਕਿਹਾ ਕਿ ਕੇਂਦਰ ਵੱਲੋਂ ਇਸ ਸਬੰਧੀ ਦਿੱਤੇ ਗਏ ਪੱਤਰ ਵਿੱਚ ਇਸ ਕਾਰਵਾਈ ਨੂੰ ਮੁਲਤਵੀ ਕਰਨ ਦੇ ਦਿੱਤੇ ਗਏ ਬਹਾਨੇ ਮੰਨਣਯੋਗ ਨਹੀਂ ਹਨ। ਬੈਂਚ ਵਿੱਚ ਸ਼ਾਮਲ ਜਸਟਿਸ ਬੀ ਆਰ ਗਵਈ ਤੇ ਰਿਸ਼ੀਕੇਸ਼ ਰਾਇ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੇ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੂੰ ਕਿਹਾ ,‘ਸਾਨੂੰ ਸਪੱਸ਼ਟ ਪ੍ਰਭਾਵ ਮਿਲ ਰਿਹਾ ਹੈ ਕਿ ਤੁਸੀਂ ਆਪਣੇ ਪੈਰ ਪਿਛਾਂਹ ਖਿੱਚ ਰਹੇ ਹੋ।’ ਇਸ ਮਾਮਲੇ ’ਚ ਅੱਜ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਹੋਈ। -ਪੀਟੀਆਈ