ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਮਈ
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਸਮਾਜਿਕ ਨਿਆਂ, ਅਧਿਕਾਰਤਾ ਘੱਟ ਗਿਣਤੀ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੋਂ ਦੇ ਆਂਗਣਵਾੜੀ ਸੈਂਟਰ ਫੇਜ਼-2 ਤੇ ਆਂਗਣਵਾੜੀ ਸੈਂਟਰ ਸੋਹਾਣਾ ਦਾ ਦੌਰਾ ਕੀਤਾ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਕਾਰਜਾਂ ਦਾ ਜਾਇਜ਼ਾ ਲਿਆ। ਮੰਤਰੀ ਨੇ ਆਂਗਣਵਾੜੀ ਦੇ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਵੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਦਫ਼ਤਰਾਂ ਵਿੱਚ ਵੀ ਫੇਰੀ ਪਾਈ ਅਤੇ ਸਟਾਫ਼ ਨੂੰ ਲੋਕਾਂ ਦੇ ਪਹਿਲ ਦੇ ਆਧਾਰ ’ਤੇ ਕੰਮ ਕਰਨ ਲਈ ਪ੍ਰੇਰਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ ਰਾਹੀਂ 0-6 ਸਾਲ ਦੇ ਬੱਚਿਆ, ਗਰਭਵਤੀ ਤੇ ਦੁੱਧ ਪਿਲਾਓ ਔਰਤਾਂ, ਕਿਸ਼ੋਰੀ ਲੜਕੀਆਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਕੈਬਨਿਟ ਮੰਤਰੀ ਵੱਲੋਂ ਨਿਰੀਖਣ ਕੀਤਾ ਗਿਆ ਹੈ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਵੱਲੋਂ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਦੇ ਪੱਧਰ ਨੂੰ ਉੱਚਾ ਚੁੱਕਣ, ਮਾਵਾਂ ਦੀ ਬਾਲ ਪਾਲਣ ਪੋਸ਼ਣ ਸਮਰੱਥਾ ਨੂੰ ਵਧਾਉਣ ਅਤੇ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਜਾਣਕਾਰੀ ਵੀ ਕੈਬਨਿਟ ਮੰਤਰੀ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਐੱਸਡੀਐੱਮ ਹਰਬੰਸ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਰਵਿੰਦਰਪਾਲ ਸਿੰਘ ਸੰਧੂ, ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਰੁਚਿਕਾ ਅਤੇ ਜ਼ਿਲ੍ਹਾ ਕੋਆਰਡੀਨੇਟਰ-ਪੋਸ਼ਣ ਹਰਦੀਪ ਵੀ ਮੌਜੂਦ ਸਨ।