ਖੰਨਾ: ਇਥੋਂ ਦੇ ਅਮਲੋਹ ਰੋਡ ’ਤੇ ਅੱਜ ਪੁਲੀਸ ਜ਼ਿਲ੍ਹਾ ਖੰਨਾ ਨੇ ਰੋਡ ਸੇਫ਼ਟੀ ਦਿਵਸ ਤਹਿਤ ‘ਨੋ ਚਲਾਨ ਦਿਵਸ’ ਮਨਾਇਆ, ਜਿਸ ਵਿਚ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਐੱਸਪੀ ਦਿਗਵਿਜੈ ਕਪਿਲ, ਡੀਐੱਸਪੀ ਰਾਜਨਪਰਮਿੰਦਰ ਸਿੰਘ ਨੇ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁਕਾਈ। ਐੱਸਐੱਸਪੀ ਗੁਰਸ਼ਰਨਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਸੜਕ ਹਾਦਸਿਆਂ ਦਾ ਮੁੱਖ ਕਾਰਨ ਲਾਪਰਵਾਹੀ ਨਾਲ ਵਾਹਨ ਚਲਾਉਣਾ, ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨਾ, ਸ਼ਰਾਬ ਪੀ ਕੇ ਗੱਡੀ ਚਲਾਉਣ, ਮੋਬਾਈਲ ਦੀ ਵਰਤੋਂ ਕਰਨਾ, ਦੋ ਪਹੀਆ ਵਾਹਨਾਂ ’ਤੇ ਤੀਹਰੀ ਸਵਾਰੀ ਆਦਿ ਹਨ। ਜੇ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਤਾਂ ਸੜਕ ਹਾਦਸਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਕੈਬਨਿਟ ਮੰਤਰੀ ਕੋਟਲੀ ਨੇ ਕਿਹਾ ਕਿ ਕੁਝ ਸਾਵਧਾਨੀਆਂ ਵਰਤ ਕੇ ਅਸੀਂ ਸੜਕ ਹਾਦਸਿਆਂ ਨੂੰ ਘਟਾ ਕੇ ਕੀਮਤੀ ਜਾਨਾਂ ਬਚਾਅ ਸਕਦੇ ਹਾਂ। -ਨਿੱਜੀ ਪੱਤਰ ਪ੍ਰੇਰਕ