ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਜੁਲਾਈ
ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐੱਸਬੀਐੱਸ ਨਗਰ, ਤਰਨ ਤਾਰਨ, ਅੰਮ੍ਰਿਤਸਰ, ਐੱਸਏਐੱਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਂ ’ਤੇ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਤੋਂ ਬਾਅਦ ਇਨ੍ਹਾਂ ਸਕੂਲਾਂ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੰਗਰੂਰ ਜ਼ਿਲ੍ਹੇ ਦੇ ਚਾਰ ਸਕੂਲਾਂ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਦਾ ਨਾਂ ਬਦਲ ਕੇ ਗ਼ਦਰੀ ਬਾਬਾ ਠਾਕੁਰ ਦਾਸ ਜੀ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ ਦਾ ਨਾਂ ਸ਼ਹੀਦ ਸਿਪਾਹੀ ਮੁਕੰਦ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਰਮਗੜ੍ਹ, ਸਰਕਾਰੀ ਮਿਡਲ ਸਕੂਲ ਕਲੌਦੀ ਦਾ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਬਾਜਾ ਸਿੰਘ ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਦਾਂ ਨਾਂ ਬਦਲ ਕੇ ਆਜ਼ਾਦੀ ਘੁਲਾਟੀਆ ਹਰਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛਾਹੜ ਰੱਖਿਆ ਗਿਆ ਹੈ।ਸ੍ਰੀ ਸਿੰਗਲਾ ਨੇ ਕਿਹਾ ਕਿ ਜਲੰਧਰ ਜ਼ਿਲ੍ਹੇ ’ਚ ਵੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦਾ ਨਾਂ ਲੇਟ ਲਾਲਾ ਜਗਤ ਨਰਾਇਣ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੱਖਿਆ ਗਿਆ ਹੈ।