ਮੁੰਬਈ: ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਕਿਹਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਨੂੰ ਸਰਕਾਰਾਂ ਡੇਗਣ ਦੀ ਸਾਜ਼ਿਸ ’ਚ ਸ਼ਾਮਲ ਨਹੀਂ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਮਹਾਰਾਸ਼ਟਰ ’ਚ ਮਹਾ ਵਿਕਾਸ ਅਗਾੜੀ ਦੀ ਸਰਕਾਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ, ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਰਾਊਤ ਨੇ ਕਿਹਾ ਕਿ ਭਾਜਪਾ ਵੱਲੋਂ ਗੱਠਜੋੜ ਨੂੰ ਕਮਜ਼ੋਰ ਕਰਨ ਦੀਆਂ ਭਾਵੇਂ ਕੋਸ਼ਿਸ਼ਾਂ ਹੋ ਰਹੀਆਂ ਹਨ ਪਰ ਸੂਬੇ ’ਚ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ। ਦਿੱਲੀ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਬੇਯਕੀਨੀ ਦਾ ਮਾਹੌਲ ਬਣਾਏ ਜਾਣ ਦੇ ਬਾਵਜੂਦ ਮਹਾ ਵਿਕਾਸ ਅਗਾੜੀ ਵਿਧਾਨ ਸਭਾ ਸਪੀਕਰ ਦੇ ਅਹੁਦੇ ਦੀ ਚੋਣ ਜਿੱਤੇਗਾ। ਈਡੀ ਵੱਲੋਂ ਉਪ ਮੁੱਖ ਮੰਤਰੀ ਅਜੀਤ ਪਵਾਰ ਨਾਲ ਸਬੰਧਤ ਮਹਾਰਾਸ਼ਟਰ ’ਚ ਖੰਡ ਮਿੱਲ ਨੂੰ ਜ਼ਬਤ ਕੀਤੇ ਜਾਣ ’ਤੇ ਰਾਊਤ ਨੇ ਕਿਹਾ ਕਿ ਅਜਿਹੀ ਸਿਆਸਤ ਠੀਕ ਨਹੀਂ ਹੈ ਅਤੇ ਅਜਿਹੀਆਂ ਹੋਰ ਕਾਰਵਾਈਆਂ ਹੋ ਸਕਦੀਆਂ ਹਨ। -ਪੀਟੀਆਈ