ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਕਤੂਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਰਾਲੀ ਦੀ ਸਮੱਸਿਆ ਲਈ ਸੂਬਾ ਅਤੇ ਕੇਂਦਰ ਸਰਕਾਰ ਨੂੰ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਇਆ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਾਢੇ ਤਿੰਨ ਦਹਾਕਿਆਂ ’ਚ ਕੇਂਦਰ ਅਤੇ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਪਰਾਲੀ ਦੇ ਲਾਹੇਵੰਦ ਨਬਿੇੜੇ ਲਈ ਕੋਈ ਕਾਰਗਰ ਕਦਮ ਨਹੀਂ ਚੁੱਕਿਆ। ਇਸ ਮਾਮਲੇ ’ਚ ਕੈਪਟਨ ਸਰਕਾਰ ਸਭ ਤੋਂ ਨਿਕੰਮੀ ਸਿੱਧ ਹੋਈ ਹੈ, ਜਿਸ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੀ ਦੂਰਅੰਦੇਸ਼ੀ ਨੀਤੀ ਤਾਂ ਕੀ ਬਣਾਉਣੀ ਸੀ, ਸਗੋਂ ਪਰਾਲੀ ਦੇ ਨਬਿੇੜੇ ਲਈ ਸੁਪਰੀਮ ਕੋਰਟ ਅਤੇ ਐਨਜੀਟੀ ਦੇ ਹੁਕਮਾਂ ਮੁਤਾਬਿਕ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਅਤੇ ਹੈਪੀਸੀਡਰ ਵੀ ਮੁਹੱਈਆ ਨਹੀਂ ਕਰਵਾਏ। ਇਸ ਦੌਰਾਨ ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਪਰਾਲੀ ਦੇ ਨਬਿੇੜੇ ਲਈ 6000 ਤੋਂ 7000 ਪ੍ਰਤੀ ਏਕੜ ਖ਼ਰਚ ਆਉਂਦਾ ਹੈ, ਜਿਸ ਦੀ ਭਰਪਾਈ ਝੋਨੇ ’ਤੇ ਪ੍ਰਤੀ ਕੁਇੰਟਲ 200 ਰੁਪਏ ਮੁਆਵਜ਼ਾ ਦੇ ਕੇ ਕੀਤੀ ਜਾਵੇ।