ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਮਾਰਚ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇੱਕ ਵਾਰ ਫਿਰ ਦਿੱਲੀ ਵਿੱਚ ਕਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੋਲੀ ਦੇ ਮੌਕੇ ਕਿਸੇ ਜਨਤਕ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ, ‘ਪਿਛਲੇ ਕੁਝ ਦਿਨਾਂ ਵਿੱਚ ਕਰੋਨਾ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ ਇਸ ਦੇ ਮੱਦੇਨਜ਼ਰ ਮੈਂ ਇਸ ਵਾਰ ਜਨਤਕ ਰੂਪ ਵਿੱਚ ਆਯੋਜਿਤ ਹੋਲੀ ਪ੍ਰੋਗਰਾਮਾਂ ਵਿੱਚ ਸ਼ਾਮਲ ਨਹੀਂ ਹੋ ਰਿਹਾ। ਤੁਹਾਡੇ ਸਾਰਿਆਂ ਨੂੰ ਅਪੀਲ ਹੈ ਕਿ ਤੁਸੀਂ ਸਿਰਫ ਆਪਣੇ ਪਰਿਵਾਰ ਨਾਲ ਹੋਲੀ ਦਾ ਜਸ਼ਨ ਮਨਾਓ ਅਤੇ ਭੀੜ ਤੋਂ ਬਚੋ, ਕਰੋਨਾ ਦੇ ਨਿਯਮਾਂ ਦੀ ਪਾਲਣਾ ਕਰੋ’ ਇੱਕ ਦਿਨ ਵਿੱਚ ਤਕਰੀਬਨ ਢਾਈ ਮਹੀਨਿਆਂ ਬਾਅਦ ਦਿੱਲੀ ’ਚ ਕਰੋਨਾ ਵਾਇਰਸ ਦੇ ਸੰਕਰਮਣ ਦੇ ਸਭ ਤੋਂ ਵੱਧ 1558 ਨਵੇਂ ਕੇਸ ਸਾਹਮਣੇ ਆਏ। ਦਸ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 10,997 ਸੀ। ਇਸਦੇ ਨਾਲ ਹੀ ਦਿੱਲੀ ਆਪਦਾ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਸ਼ਹਿਰ ਵਿੱਚ ਜਨਤਕ ਥਾਵਾਂ ਤੇ ਹੋਲੀ ਮਨਾਉਣ ਤੇ ਪਾਬੰਦੀ ਲਗਾਈ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਸਤਿੰਦਰ ਜੈਨ ਨੇ ਦਿੱਲੀ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਰੋਨਾ ਦੇ ਮੱਦੇਨਜ਼ਰ ਹੋਲੀ ਦਾ ਤਿਉਹਾਰ ਜਨਤਕ ਸਥਾਨ ’ਤੇ ਨਾ ਮਨਾਉਣ। ਦਿੱਲੀ ਸਰਕਾਰ ਨੇ ਆਦੇਸ਼ ਦਿੱਤਾ ਹੈ ਕਿ ਸਸਕਾਰ ਨਾਲ ਸਬੰਧਤ ਸਮਾਗਮਾਂ ਵਿੱਚ ਵੱਧ ਤੋਂ ਵੱਧ 50 ਵਿਅਕਤੀਆਂ ਨੂੰ ਆਗਿਆ ਦਿੱਤੀ ਜਾਏਗੀ। ਮਾਸਕ ਪਹਿਨਣਾ, ਸਮਾਜਕ ਦੂਰੀ ਬਣਾਈ ਰੱਖਣਾ, ਥਰਮਲ ਸਕੈਨਿੰਗ ਦੀ ਵਿਵਸਥਾ ਅਤੇ ਹੱਥ ਧੋਣ ਜਾਂ ਸੈਨੀਟਾਈਜ਼ਰ ਦੀ ਵਰਤੋਂ ਲਾਜ਼ਮੀ ਹੋਵੇਗੀ। ਹੁਣ ਤਕ 10 ਲੱਖ ਤੋਂ ਵੱਧ ਲੋਕਾਂ ਨੂੰ ਦਿੱਲੀ ਵਿੱਚ ਟੀਕਾ ਲਗਾਇਆ ਜਾ ਚੁੱਕਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ 10-15 ਦਿਨਾਂ ਤੋਂ ਲੱਗਦਾ ਹੈ ਕਿ ਲੋਕ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਵਿਚ ਲਾਪ੍ਰਵਾਹੀ ਵਰਤ ਰਹੇ ਹਨ।