ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 25 ਫਰਵਰੀ
ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੇ ਅੱਜ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 320 ਗਰਾਮ ਹੈਰੋਇਨ , ਦੋ ਦੇਸੀ ਪਿਸਤੌਲਾਂ ਤੇ ਇਨ੍ਹਾਂ ਪਿਸਤੌਲਾਂ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਐੱਸਟੀਐਫ ਨੇ ਇਨ੍ਹਾਂ ਵਿਅਕਤੀਆਂ ਨੂੰ ਬੀਤੀ ਰਾਤ ਬਾਈਪਾਸ ਰੋਡ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਸ਼ਨਾਖਤ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਾਸੀ ਜ਼ਿਲ੍ਹਾ ਗੁਰਦਾਸਪੁਰ, ਨੀਰਜ ਕੁਮਾਰ ਵਾਸੀ ਗੋਪਾਲ ਨਗਰ, ਸ਼ੁਬੇਗ ਸਿੰਘ ਉਰਫ ਬੰਟੀ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਐੱਸਟੀਐੱਫ ਦੇ ਏਆਈਜੀ ਨਿਰਮਲ ਸਿੰਘ ਸਹੋਤਾ ਨੇ ਦੱਸਿਆ ਕਿ ਸ਼ੇਰੇ ਖਿਲਾਫ ਲੁੱਟਾਂ ਖੋਹਾਂ ਅਤੇ ਐਨਡੀਪੀਐੱਸ ਐਕਟ ਹੇਠ 9 ਮਾਮਲੇ ਦਰਜ ਹਨ। ਨੀਰਜ ਨੂੰ ਅਦਾਲਤ ਨੇ ਕਤਲ ਕੇਸ ਵਿਚ ਭਗੌੜਾ ਕਰਾਰ ਦਿੱਤਾ ਹੋਇਆ ਹੈ ਅਤੇ ਕਈ ਮਾਮਲਿਆਂ ਵਿਚ ਸ਼ੇਰਾ ਵੀ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲੀਸ ਅਨੁਸਾਰ ਇਹ ਸਾਰੇ ਵਿਅਕਤੀ ਜੇਲ੍ਹ ਵਿਚ ਬੰਦ ਦੋ ਨਸ਼ਾ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਪਰ ਫਿਲਹਾਲ ਪੁਲੀਸ ਨੇ ਨਸ਼ਾ ਤਸਕਰਾਂ ਬਾਰੇ ਖੁਲਾਸਾ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਇਸੇ ਦੌਰਾਨ ਐੱਸਟੀਐੱਫ ਦੇ ਡੀਐੱਸਪੀ ਸ੍ਰੀ ਮਹਾਜਨ ਨੇ ਦੱਸਿਆ ਕਿ ਪੁਲੀਸ ਨੇ ਅਗਾਉਂ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਇਨ੍ਹਾਂ ਮੁਲਜ਼ਮਾਂ ਨੂੰ ਮਜੀਠਾ ਰੋਡ ਬਾਈਪਾਸ ਨੇੜੇ ਇਕ ਕਾਰ ਵਿਚੋਂ ਕਾਬੂ ਕੀਤਾ ਹੈ। ਮੁਲਜ਼ਮ ਇਥੇ ਨਸ਼ੇ ਦੀ ਖੇਪ ਕਿਸੇ ਨੂੰ ਦੇਣ ਵਾਸਤੇ ਪੁੱਜੇ ਸਨ। ਪੁਲੀਸ ਨੇ ਇਨ੍ਹਾਂ ਨੂੰ ਰੋਕਿਆ ਤਾਂ ਮੁਲਜ਼ਮਾਂ ਨੇ ਗੋਲੀ ਚਲਾਉਣ ਦਾ ਯਤਨ ਕੀਤਾ ਪਰ ਪੁਲੀਸ ਨੇ ਇਨ੍ਹਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 7.65 ਬੋਰ ਦੇ ਦੋ ਦੇਸੀ ਪਿਸਤੌਲ, ਗੋਲੀ-ਸਿੱਕਾ ਅਤੇ 320 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਨ੍ਹਾਂ ਖਿਲਾਫ ਐਨਡੀਪੀਐੱਸ ਅਤੇ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ।