ਜਤਿੰਦਰ ਬੈਂਸ
ਗੁਰਦਾਸਪੁਰ, 15 ਅਕਤੂਬਰ
ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਵਾਪਰੇ ਕਾਂਡ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕ੍ਰਿਸ਼ਚੀਅਨ ਨੈਸ਼ਨਲ ਫਰੰਟ ਦੇ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਦੀ ਅਗਵਾਈ ਵਿੱਚ ਕ੍ਰਿਸਚਿਅਨ ਭਾਈਚਾਰੇ ਵੱਲੋਂ ਸ਼ਹਿਰ ’ਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਜਹਾਜ਼ ਚੌਕ ਵਿੱਚ ਰੋਸ ਵੱਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਵੱਲੋਂ ‘ਕਾਤਲਾਂ ਨੂੰ ਫਾਹੇ ਲਾਓ’ ‘ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰੋ’ ‘ਮੋਦੀ ਅਤੇ ਯੋਗੀ ਸਰਕਾਰ ਮੁਰਦਾਬਾਦ’ ਦੇ ਨਾਅਰੇ ਲਗਾਏ ਗਏ। ਆਗੂਆਂ ਸੰਬੋਧਨ ਕਰਦੇ ਕਿਹਾ ਕਿ ਮੋਦੀ ਸਰਕਾਰ ਦੇਸ਼ ਨੂੰ ਕਰੋਨਾ ਮੁਕਤ ਕਰਨ ਦੀ ਬਜਾਏ ਕਿਸਾਨ ਅਤੇ ਬੇਟੀ ਮੁਕਤ ਕਰਨ ਵੱਲ ਤੁਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਇਤਿਹਾਸ ਵਿੱਚ ਪਹਿਲੀ ਵਾਰ ਵੇਖਣ ਨੂੰ ਮਿਲ ਰਿਹਾ ਹੈ ਕਿ ਸਰਕਾਰ ਬਹੁਮਤ ਦਾ ਨਜਾਇਜ ਫਾਇਦਾ ਉਠਾ ਕੇ ਲੋਕ ਵਿਰੋਧੀ ਕਾਨੂੰਨ ਪਾਸ ਕਰ ਰਹੀ ਹੈ।
ਆਗੂਆਂ ਨੇ ਕਿਹਾ ਕਿ ਜਿਵੇਂ ਹਾਥਰਸ ਵਿੱਚ ਪਰਿਵਾਰ ਨੂੰ ਬੰਦੀ ਬਣਾ ਕੇ ਅੱਧੀ ਰਾਤ ਨੂੰ ਮ੍ਰਿਤਕਾ ਦਾ ਸਸਕਾਰ ਕੀਤਾ ਜਾਂਦਾ ਹੈ ਬਹੁਤ ਹੀ ਨਿੰਦਣਯੋਗ ਹੈ। ਇਸ ਮੌਕੇ ਕਿਸਾਨਾਂ ਦੇ ਅੱਦੋਲਨ ਨੂੰ ਖ਼ਤਮ ਕਰਨ ਲਈ ਖੇਤੀ ਕਾਨੂੰਨਾਂ ਨੂੰ ਰਦ ਕਰਨ ਅਤੇ ਯੋਗੀ ਸਰਕਾਰ ਨੂੰ ਭੰਗ ਕਰਨ ਤੋਂ ਇਲਾਵਾ ਹਾਥਰਸ ਕੇਸ ਗੈਰ ਰਿਆਸਤ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ।