ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕਰ ਕੇ ਮੰਗ ਕੀਤੀ ਕਿ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਐਲਾਨਿਆ ਜਾਵੇ ਤਾਂ ਕਿ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਇਹ ਬਿੱਲ-ਦਿ ਪੰਜਾਬ ਐਗਰੀਕਲਚਰਲ ਪ੍ਰੋਡਿਊਸਿਜ਼ ਮਾਰਕਿਟਸ (ਅਮੈਂਡਮੈਂਟ ਬਿੱਲ), 2020 ਨੂੰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਪੇਸ਼ ਕੀਤਾ ਹੈ, ਜੋ ਖੁਦ ਸਪੀਕਰ ਰਾਣਾ ਕੇ ਪੀ ਸਿੰਘ ਨੂੰ ਵੀ ਮਿਲੇ ਅਤੇ ਉਨ੍ਹਾਂ ਤੋਂ ਪੰਦਰਾਂ ਦਿਨਾਂ ਦੀ ਸ਼ਰਤ ਖਤਮ ਕਰ ਕੇ ਇਹ ਬਿੱਲ ਪੇਸ਼ ਕਰਨ ਦੀ ਆਗਿਆ ਮੰਗੀ। ਉਨ੍ਹਾਂ ਕਿਹਾ ਕਿ ਸੈਸ਼ਨ ਭਲਕੇ ਹੀ ਸਿਰਫ 4 ਦਿਨ ਦੇ ਨੋਟਿਸ ’ਤੇ ਸੱਦਿਆ ਗਿਆ ਹੈ। ਬਿੱਲ ਵਿੱਚ ਸੁਝਾਅ ਦਿੱਤਾ ਗਿਆ ਕਿ ਪੰਜਾਬ ਏਪੀਐੱਮਸੀ ਐਕਟ 1961 ਵਿੱਚ ਸੋਧ ਕਰ ਕੇ ਇਕ ਧਾਰਾ 7 ਹੋਰ ਜੋੜੀ ਜਾਵੇ, ਜੋ ਇਸ ਅਨੁਸਾਰ ਹੋਵੇ, ‘ਸਾਰਾ ਸੂਬਾ ਪ੍ਰਮੁੱਖ ਮੰਡੀ ਫੜ (ਯਾਨੀ ਸਰਕਾਰੀ ਮੰਡੀ) ਹੋਵੇਗਾ।’