ਆਤਿਸ਼ ਗੁਪਤਾ
ਚੰਡੀਗੜ੍ਹ, 24 ਫਰਵਰੀ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਨੂੰ ਕਰਨਾਲ ਜੇਲ੍ਹ ਵਿੱਚ ਬੰਦ ਨੌਦੀਪ ਕੌਰ ਨਾਲ ਮਿਲਣ ਤੋਂ ਰੋਕੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਨੌਦੀਪ ਦੀ ਰਿਹਾਈ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਪੱਤਰ ਵਿੱਚ ਕਿਹਾ ਕਿ ਨੌਦੀਪ ਆਪਣੇ ਫੈਕਟਰੀ ਦੇ ਸਾਥੀਆਂ ਦੇ ਅਧਿਕਾਰਾਂ ਲਈ ਅੰਦੋਲਨ ਕਰ ਰਹੀ ਸੀ। ਪੁਲੀਸ ਨੇ ਉਸ ਨੂੰ ਜਬਰੀ ਹਿਰਾਸਤ ਵਿੱਚ ਲੈ ਕੇ ਇਰਾਦਾ ਕਤਲ ਵਰਗੀਆਂ ਹਿੰਸਕ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਡੇਢ ਮਹੀਨੇ ਤੋਂ ਕਰਨਾਲ ਜੇਲ੍ਹ ਵਿੱਚ ਰੱਖਿਆ ਹੋਇਆ ਹੈ, ਜਿਸ ਦੀ ਸਲਾਮਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ।
ਸ੍ਰੀ ਚੀਮਾ ਨੇ ਆਖਿਆ ਕਿ ਲੰਘੇ ਦਿਨ ਉਹ, ਸਰਬਜੀਤ ਕੌਰ ਮਾਣੂੰਕੇ ਅਤੇ ਅਨਮੋਲ ਗਗਨ ਮਾਨ ਉਸ ਨੂੰ ਕਰਨਾਲ ਜੇਲ੍ਹ ਵਿੱਚ ਮਿਲਣ ਗਏ ਸਨ। ਕਰਨਾਲ ਜੇਲ੍ਹ ਵਿੱਚ ਬਿਨੈ ਪੱਤਰ ਜਮ੍ਹਾਂ ਕਰਵਾਏ ਜਾਣ ਦੇ ਬਾਵਜੂਦ ਜੇਲ੍ਹ ਪ੍ਰਸ਼ਾਸਨ ਨੇ ਕੋਵਿਡ ਦੇ ਦਿਸ਼ਾ ਨਿਰਦੇਸ਼ਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਨੌਦੀਪ ਨਾਲ ਮਿਲਣ ਤੋਂ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀ ਦੀ ਮੌਜੂਦਗੀ ਵਿੱਚ ਜੇਲ੍ਹ ਵਿੱਚ ਮਿਲਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਵਜੋਂ ‘ਆਪ’ ਨੌਦੀਪ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਪ੍ਰਦਾਨ ਕਰੇਗੀ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਸਰਕਾਰ ਕਿਸੇ ਵੀ ਤਰ੍ਹਾਂ ਦੇ ਵਿਰੋਧ ਅਤੇ ਵਰਕਰਾਂ ਦੀ ਆਵਾਜ਼ ਨੂੰ ਦਬਾਉਣ ਲਈ ਬਲ ਦੀ ਵਰਤੋਂ ਕਰ ਰਹੀ ਹੈ। ‘ਆਪ’ ਸਦਾ ਕਿਸਾਨਾਂ ਅਤੇ ਵਰਕਰਾਂ ਦੇ ਅਧਿਕਾਰਾਂ ਲਈ ਲੜਦੀ ਰਹੇਗੀ ਅਤੇ ਹਰ ਮੌਕੇ ’ਤੇ ਉਨ੍ਹਾਂ ਨਾਲ ਖੜ੍ਹੀ ਰਹੇਗੀ।