ਅੰਮ੍ਰਿਤਸਰ: ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੂੰ ਮਹੰਤਾਂ ਕੋਲੋਂ ਆਜ਼ਾਦ ਕਰਵਾਉਣ ਸਮੇਂ ਸ਼ਹੀਦ ਹੋਏ ਭਾਈ ਹਜ਼ਾਰਾ ਸਿੰਘ ਅਲਾਦੀਨਪੁਰ ਅਤੇ ਭਾਈ ਹੁਕਮ ਸਿੰਘ ਵਸਾਊਕੋਟ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀਆਂ ਗਈਆਂ। ਇਨ੍ਹਾਂ ਦੋਵਾਂ ਸ਼ਹੀਦਾਂ ਨੂੰ ਗੁਰਦੁਆਰਾ ਸੁਧਾਰ ਲਹਿਰ ਦੇ ਪਹਿਲੇ ਸ਼ਹੀਦ ਹੋਣ ਦਾ ਮਾਣ ਪ੍ਰਾਪਤ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫ਼ੈਸਲੇ ਤਹਿਤ ਇਨ੍ਹਾਂ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਗਈਆਂ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਨਿਭਾਈ। ਇਸ ਮੌਕੇ ਰਾਗੀ ਜਥੇ ਭਾਈ ਭੁਪਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਹਜ਼ਾਰਾ ਸਿੰਘ ਤੇ ਭਾਈ ਹੁਕਮ ਸਿੰਘ ਦਾ ਕੌਮ ਅੰਦਰ ਸਤਿਕਾਰਤ ਸਥਾਨ ਹੈ ਅਤੇ ਕੌਮ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਹਮੇਸ਼ਾ ਪ੍ਰੇਰਣਾ ਲੈਂਦੀ ਰਹੇਗੀ। ਸਮਾਗਮ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕਿਆਂ ਦੇ ਇਤਿਹਾਸ ਬਾਰੇ ਦੱਸਿਆ। ਇਸ ਮੌਕੇ ਗਿਆਨੀ ਜਗਤਾਰ ਸਿੰਘ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਦੋਹਾਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਮੌਜੂਦ ਸਨ। -ਟਨਸ