ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਅਗਸਤ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਬਲਾਕ ਭਵਾਨੀਗੜ੍ਹ ਵੱਲੋਂ ਨੇੜਲੇ ਪਿੰਡ ਰੇਤਗੜ੍ਹ ਇਕਾਈ ਦੀ ਚੋਣ ਕੀਤੀ ਗਈ। ਇਸ ਵਿੱਚ ਹਰਨੇਕ ਸਿੰਘ ਪ੍ਰਧਾਨ ਚੁਣੇ ਗਏ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਹਰਜਿੰਦਰ ਸਿੰਘ ਘਰਾਚੋਂ ਅਤੇ ਜਨਰਲ ਸਕੱਤਰ ਜਸਵੀਰ ਸਿੰਘ ਗੱਗਗੜਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਤਿੰਨ ਆਰਡੀਨੈਂਸਾਂ ਖ਼ਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਅਕਾਲੀ ਭਾਜਪਾ ਵਿਧਾਇਕਾਂ, ਐਮ ਪੀਜ ਅਤੇ ਹਲਕਾ ਇੰਚਾਰਜ ਦਾ ਪਿੰਡਾਂ ਵਿੱਚ ਦਾਖ਼ਲ ਹੋਣ ’ਤੇ ਡਟਵਾਂ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅਤੇ ਖੇਤੀਬਾੜੀ ਨੂੰ ਤਬਾਹ ਕਰ ਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਇਕਾਈ ਦੀ ਚੋਣ ਕੀਤੀ ਗਈ, ਜਿਸ ਵਿੱਚ ਹਰਨੇਕ ਸਿੰਘ ਪ੍ਰਧਾਨ, ਪਰਮਜੀਤ ਸਿੰਘ, ਅਮਰੀਕ ਸਿੰਘ, ਦਿਆਲ ਸਿੰਘ ਅਤੇ ਲਾਲ ਸਿੰਘ ਕਮੇਟੀ ਮੈਂਬਰ ਚੁਣੇ ਗਏ।