ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਐੱਨਸੀਆਰਬੀ ਦੀ 2019 ਬਾਰੇ ਰਿਪੋਰਟ ਵਿੱਚ ਪੰਜਾਬ ਦੀਆਂ ਜੇਲ੍ਹਾਂ ਵਿੱਚ ਸਭ ਤੋਂ ਵੱਧ ਤਸ਼ੱਦਦ ਦੇ ਮਾਮਲੇ ਅਤੇ ਜੇਲ੍ਹਾਂ ਵਿਚੋਂ ਭੱਜ ਜਾਣ ਤੇ ਗੈਰਕੁਦਰਤੀ ਮੌਤਾਂ ਵਾਪਰਨ ਦਾ ਖ਼ੁਲਾਸਾ ਹੋਇਆ ਹੈ, ਜਿਸ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ ਅਤੇ ਸੂਬੇ ਵਿਚ ਜੇਲ੍ਹਾਂ ਵਿੱਚ ਸੁਧਾਰ ਲਈ ਕਦਮ ਚੁੱਕਣੇ ਚਾਹੀਦੇ ਹਨ। ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਜੇਲ੍ਹਾਂ ਗੈਂਗਸਟਰਾਂ ਦਾ ਅੱਡਾ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਨੇ ਇਹ ਗੱਲ ਜ਼ਾਹਰ ਕੀਤੀ ਹੈ ਕਿ ਸੂਬੇ ਵਿਚ ਸਭ ਤੋਂ ਵੱਧ ਮਨੁੱਖੀ ਅਧਿਕਾਰ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। ਜੇਲ੍ਹਾਂ ’ਚੋਂ ਫਰਾਰ ਹੋਣ, ਪੈਰੋਲ ਟੱਪਣ, ਹਿਰਾਸਤੀ ਆਤਮਹੱਤਿਆਵਾਂ ’ਚ ਵੀ ਸੂਬਾ ਅੱਗੇ ਹੈ।