ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 5 ਸਤੰਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਾਲੀ ਜ਼ਿਲ੍ਹੇ ਵਿੱਚ ਹਫ਼ਤਾਵਾਰੀ (ਸਨਿੱਚਰਵਾਰ ਅਤੇ ਐਤਵਾਰ) ਨੂੰ ਲੌਕਡਾਊਨ ਅਤੇ ਸ਼ਾਮ ਨੂੰ 7 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਕੀਤਾ ਗਿਆ ਹੈ ਪਰ ਇਸ ਦੇ ਉਲਟ ਛੋਟੇ ਵਪਾਰੀ ਦੁਕਾਨਾਂ ਖੋਲ੍ਹਣ ’ਤੇ ਅੜੇ ਹੋਏ ਹਨ। ਲੌਕਡਾਊਨ ਦੇ ਚੱਲਦਿਆਂ ਮੁਹਾਲੀ ਵਿੱਚ ਅੱਜ ਬਾਜ਼ਾਰ ਖੁੱਲ੍ਹੇ ਰਹੇ। ਇਸ ਦੌਰਾਨ ਪੁਲੀਸ ਕਰਮਚਾਰੀਆਂ ਨੇ ਮਾਰਕੀਟਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਪਰ ਦੁਕਾਨਦਾਰਾਂ ਨੇ ਪੁਲੀਸ ਦੀ ਇਕ ਨਹੀਂ ਸੁਣੀ। ਇਸੇ ਦੌਰਾਨ ਕਈ ਮਾਰਕੀਟਾਂ ਵਿੱਚ ਕੁਝ ਦੁਕਾਨਾਂ ਬੰਦ ਵੀ ਦੇਖੀਆਂ ਗਈਆਂ।
ਉਧਰ, ਇੱਥੋਂ ਦੇ ਫੇਜ਼-7 ਦੀ ਮਾਰਕੀਟ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਅਤੇ ਜਨਰਲ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੇ ਪੰਜ ਮਹੀਨਿਆਂ ਤੋਂ ਪਾਬੰਦੀਆਂ ਲਗਾ ਕੇ ਛੋਟੇ ਕਾਰੋਬਾਰੀਆਂ ਦਾ ਆਰਥਿਕ ਤੌਰ ’ਤੇ ਲੱਕ ਤੋੜ ਦਿੱਤਾ ਗਿਆ ਹੈ। ਇਸ ਕਾਰਨ ਦੁਕਾਨਦਾਰਾਂ ਕੋਲ ਦੁਕਾਨਾਂ ਖੋਲ੍ਹ ਕੇ ਪਰਿਵਾਰਾਂ ਦਾ ਖਰਚਾ ਚੁੱਕਣ ਲਈ ਹੋਰ ਕੋਈ ਰਸਤਾ ਨਹੀਂ ਹੈ।
ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰ ਨਾਲ ਫੋਨ ’ਤੇ ਗੱਲ ਕਰਕੇ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਵਿਚਲਾ ਰਸਤਾ ਕੱਢਿਆ ਜਾਵੇ। ਉਨ੍ਹਾਂ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਕਿ ਜੇਕਰ ਪ੍ਰਸ਼ਾਸਨ ਥੋੜ੍ਹੀ ਨਰਮੀ ਵਰਤੇ ਤਾਂ ਦੁਕਾਨਦਾਰ ਵੀ ਸਹਿਯੋਗ ਲਈ ਤਿਆਰ ਹਨ। ਉਨ੍ਹਾਂ ਇਹ ਵੀ ਸੁਝਾਅ ਦਿੱਤਾ ਕਿ ਦੁਕਾਨਦਾਰਾਂ ਨੂੰ ਸਨਿੱਚਰਵਾਰ ਨੂੰ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ ਜਾਂ ਸਨਿੱਚਰਵਾਰ ਅਤੇ ਐਤਵਾਰ ਦੋਵੇਂ ਦਿਨ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਸੋਮਵਾਰ ਨੂੰ ਇਕ ਦਿਨ ਦੁਕਾਨਾਂ ਬੰਦ ਰੱਖੀਆਂ ਜਾਣ।
ਰਾਤ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਮੰਗੀ
ਮੁਹਾਲੀ ਵਿੱਚ ਜ਼ਿਆਦਾਤਰ ਨੌਕਰੀਪੇਸ਼ਾ ਲੋਕ ਰਹਿੰਦੇ ਹਨ ਅਤੇ ਸਨਿੱਚਰਵਾਰ ਅਤੇ ਐਤਵਾਰ ਨੂੰ ਦਫ਼ਤਰਾਂ ਵਿੱਚ ਛੁੱਟੀ ਹੁੰਦੀ ਹੈ ਅਤੇ ਇਨ੍ਹਾਂ ਦੋਵੇਂ ਦਿਨਾਂ ਵਿੱਚ ਨਾਗਰਿਕ ਖਰੀਦਦਾਰੀ ਕਰਨ ਬਾਜ਼ਾਰ ਆਉਂਦੇ ਹਨ। ਜੇਕਰ ਇਹ ਦੋਵੇਂ ਦਿਨ ਬਾਜ਼ਾਰ ਬੰਦ ਹੋਣਗੇ ਤਾਂ ਦੁਕਾਨਦਾਰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਿਵੇਂ ਚਲਾਉਣਗੇ। ਕਾਰੋਬਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਰੋਜ਼ਾਨਾ ਸ਼ਾਮ ਨੂੰ ਸਾਢੇ 6 ਵਜੇ ਦੁਕਾਨਾਂ ਬੰਦ ਕਰਨ ਦੇ ਹੁਕਮ ਵਾਪਸ ਲੈ ਕੇ ਰਾਤ 9 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਵੇ। ਸਵੇਰੇ ਭਾਵੇਂ ਦੁਕਾਨਾਂ ਲੇਟ ਖੋਲ੍ਹਣ ਦਾ ਸਮਾਂ ਨਿਰਧਾਰਿਤ ਕੀਤਾ ਜਾਵੇ।