ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 14 ਜੂਨ
ਬੀ.ਐੱਸ.ਐੱਨ.ਐੱਲ. ਵੱਲੋਂ ਬਠਿੰਡਾ ਜ਼ਿਲ੍ਹੇ ਦੇ ਤਕਰੀਬਨ ਵੀਹ-ਬਾਈ ਸਾਲਾਂ ਤੋਂ ਵਿਭਾਗ ’ਚ ਠੇਕੇ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਸੈਂਕੜੇ ਮੁਲਾਜ਼ਮਾਂ ਨੂੰ ਬਿਨਾਂ ਕੋਈ ਨੋਟਿਸ ਦਿੱਤਿਆਂ ਨੌਕਰੀ ਤੋਂ ਫਾਰਗ ਕਰ ਦਿੱਤੇ ਜਾਣ ਕਾਰਨ ਕਰੋਨਾ ਮਹਾਂਮਾਰੀ ਦੇ ਚੱਲ ਰਹੇ ਭਿਆਨਕ ਦੌਰ ’ਚ ਇਨ੍ਹਾਂ ਪੀੜਤ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਾਹਮਣੇ ਰੋਜ਼ੀ-ਰੋਟੀ ਦਾ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਪਿੰਡ ਕੋਠਾ ਗੁਰੂ ’ਚ ਇਕੱਤਰ ਹੋਏ ਪੀੜਤ ਮੁਲਾਜ਼ਮਾਂ ਨੇ ਦੱਸਿਆ ਕਿ ਇਥੇ ਹੀ ਬੱਸ ਨਹੀਂ ਵਿਭਾਗ ਨੇ ਉਨ੍ਹਾਂ ਦੀ ਤਨਖਾਹ, ਜੋ ਕਿ ਪਿਛਲੇ ਕੁਝ ਮਹੀਨਿਆਂ ਤੋਂ ਰੁਕੀ ਪਈ ਹੈ, ਨੂੰ ਦੇਣ ਤੋਂ ਵੀ ਆਪਣੇ ਹੱਥ ਪਿੱਛੇ ਖਿੱਚ ਲਏ ਹਨ। ਇਸ ਮਸਲੇ ਸਬੰਧੀ ਹਲਕਾ ਰਾਮਪੁਰਾ ਫੂਲ ਨਾਲ ਸਬੰਧਿਤ ਮੁਲਾਜ਼ਮਾਂ ਦਾ ਇਕ ਵਫਦ ਨੇ ‘ਆਪ’ ਦੇ ਸੀਨੀਅਰ ਆਗੂ ਜਤਿੰਦਰ ਸਿੰਘ ਭੱਲਾ ਨੂੰ ਮਿਲ ਕੇ ਆਪਣੀ ਸਮੱਸਿਆਂ ਦਾ ਹੱਲ ਕਰਵਾਉਣ ਦੀ ਅਪੀਲ ਕੀਤੀ। ‘ਆਪ’ ਆਗੂ ਜਤਿੰਦਰ ਸਿੰਘ ਭੱਲਾ ਨੇ ਪੀੜਤ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਕੀਤੀ ਤੇ ਹਾਈਕਮਾਨ ਤੱਕ ਮਾਮਲਾ ਪਹੁੰਚ ਕੇ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ।