ਨਿੱਜੀ ਪੱਤਰ ਪ੍ਰੇਰਕ
ਜਲੰਧਰ, 8 ਜੂਨ
ਕਰੋਨਾਵਾਇਰਸ ਮਹਾਮਾਰੀ ਦੌਰਾਨ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੱਕੀ ਹੇਠ ਰਕਬੇ ਨੂੰ ਦੁੱਗਣਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਖੇਤੀ ਵਿਭਿੰਨਤਾ ਦੇ ਇਸ ਅਹਿਮ ਪ੍ਰੋਗਰਾਮ ਰਾਹੀਂ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮੱਕੀ ਦਾ ਮਿਆਰੀ ਬੀਜ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਸਾਲ ਜਲੰਧਰ ਵਿੱਚ ਮੱਕੀ ਹੇਠ 8800 ਹੈਕਟੇਅਰ ਰਕਬੇ ਨੂੰ ਵਧਾ ਕੇ 16500 ਹੈਕਟੇਅਰ ਰਕਬਾ ਕਰਨ ਦਾ ਟੀਚਾ ਮਿਥਿਆ ਗਿਆ ਹੈ।
ਇਸ ਸਬੰਧੀ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਪ੍ਰਮਾਣਿਤ ਕੀਤੇ ਮੱਕੀ ਦੇ ਅਨੇਕਾਂ ਹਾਈਬ੍ਰਿਡ ਕਿਸਮ ਦੇ ਬੀਜ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੀਜਾਂ ਵਿੱਚ ਡੀਕੇਸੀ 9164, ਐਨਕੇ 7750, ਐਨਕੇ 7720, ਪੀ-3396, ਪੀ-3401, ਪੀਏਸੀ-751, ਏਡੀਵੀਜੀ-9293, ਪੀਐਮਐਚ-1, ਪੀਐਲ-801, ਪੀਐਲ-901, ਟੀਐਕਸ 369, ਲਕਸ਼ਮੀ-333, ਐਲਜੀ 3405 ਅਤੇ ਹੋਰ ਬੀਜ ਕਿਸਾਨਾਂ ਨੂੰ ਦਿੱਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਰ ਸਾਲ 37 ਸੈਂਟੀਮੀਟਰ ਧਰਤੀ ਹੇਠਲੇ ਪਾਣੀ ਦਾ ਪੱਧਰ ਨੀਵਾਂ ਹੁੰਦਾ ਜਾ ਰਿਹਾ ਹੈ ਅਤੇ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ਨੂੰ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਕਰਨ ਵਾਲਾ ਐਲਾਨਿਆ ਜਾ ਚੁੱਕਿਆ ਹੈ। ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਮੱਕੀ ਦੀ ਫ਼ਸਲ ਝੋਨੇ ਦੀ ਫਸਲ ਦਾ ਸਭ ਤੋਂ ਢੁੱਕਵਾਂ ਬਦਲ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਕ ਕਿਲੋ ਝੋਨੇ ਲਈ 3700 ਲੀਟਰ ਪਾਣੀ ਦੀ ਲੋੜ ਪੈਂਦੀ ਹੈ ਜਦਕਿ ਇਕ ਕਿਲੋ ਮੱਕੀ ਲਈ 1222 ਲੀਟਰ ਪਾਣੀ ਦੀ ਲੋੜ ਹੈ ਜੋ ਕਿ ਝੋਨੇ ਦੀ ਫ਼ਸਲ ਨਾਲੋਂ ਕਿਤੇ ਘੱਟ ਹੈ।
ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮੱਕੀ ਦੀ ਫ਼ਸਲ ਦੀ ਮਾਰਕਿੰਗ ਦੀ ਸਮੱਸਿਆ ਦੇ ਹੱਲ ਲਈ ਵੀ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਮੱਕੀ ਦੀ ਫ਼ਸਲ ਵੱਲ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਮੰਡੀਆਂ ਵਿੱਚ ਮੱਕੀ ਦੀ ਫ਼ਸਲ ਲਿਆਉਣ ਤੋਂ ਪਹਿਲਾਂ ਪੋਰਟੇਬਲ ਡਰਾਇਰ ਦੀ ਵਰਤੋਂ ਕਰਨ ਤਾਂ ਕਿ ਉਨ੍ਹਾਂ ਨੂੰ ਇਸ ਦਾ ਵੱਧ ਤੋਂ ਵੱਧ ਮੁੱਲ ਮਿਲ ਸਕੇ।
ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ ਵਧਾਇਆ
ਤਰਨ ਤਾਰਨ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਨੋਵਲ ਕਰੋਨਾ ਵਾਇਰਸ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ ਪਾਣੀ ਦੀ ਬੱਚਤ ਲਈ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਸਾਲ ਦੇ 204 ਹੈਕਟੇਅਰ ਦੇ ਮੁਕਾਬਲੇ ਤੇ ਇਸ ਸਾਲ 20000 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਦਾ ਟੀਚਾ ਮਿੱਥਿਆ ਹੈ। ਡਿਪਟੀ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਇਥੇ ਦੱਸਿਆ ਕਿ ਪਿਛਲੇ ਸਾਲ ਜਿਲ੍ਹੇ ਵਿੱਚ ਝੋਨੇ ਦੀ ਫਸਲ ਹੇਠ ਕੁੱਲ ਰਕਬਾ 1,33,653 ਹੈਕਟੇਅਰ ਅਤੇ ਬਾਸਮਤੀ ਹੇਠ ਕੁੱਲ 50862 ਹੈਕਟੇਅਰ ਰਕਬਾ ਸੀ ਜਿਸ ਵਿੱਚੋਂ 204 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਸੀ। ਜਦਕਿ ਇਸ ਸਾਲ ਝੋਨੇ ਦੀ ਫਸਲ ਹੇਠ 89000 ਹੈਕਟੇਅਰ ਅਤੇ ਬਾਸਮਤੀ ਹੇਠ 90500 ਹੈਕਟੇਅਰ ਰਕਬਾ ਲਿਆਂਦਾ ਜਾ ਰਿਹਾ ਹੈ ਜਿਸ ਵਿੱਚੋਂ 20000 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਾਉਣ ਦਾ ਟੀਚਾ ਮਿੱਥਿਆ ਗਿਆ ਹੈ।