ਦਵਿੰਦਰ ਪਾਲ
ਚੰਡੀਗੜ੍ਹ, 17 ਜੂਨ
ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ‘ਇੱਕ ਮੁਲਕ ਇੱਕ ਮੰਡੀ’ ਦੇ ਸੰਕਲਪ ਨੂੰ ਲਾਗੂ ਕਰਨ ਲਈ ਜਾਰੀ ਕੀਤੇ ਆਰਡੀਨੈਂਸ ਦੇ ਪੱਖ ਵਿੱਚ ਲਏ ਸਟੈਂਡ ਦੀ ਲਗਾਤਾਰ ਪ੍ਰੋੜ੍ਹਤਾ ਕਰਦਿਆਂ ਪੰਜਾਬ ਸਰਕਾਰ ਨੂੰ ਹੀ ਕੇਂਦਰ ਦੇ ਆਰਡੀਨੈਂਸ ਦੀ ਨੀਂਹ ਰੱਖਣ ਦਾ ਦੋਸ਼ੀ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਕਿਹਾ ਕਿ ਉਹ (ਜਾਖੜ) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ‘ਜਨ ਅੰਦੋਲਨ’ ਸ਼ੁਰੂ ਕਰਨ ਕਿਉਂਕਿ ਕਾਂਗਰਸ ਸਰਕਾਰ ਨੇ ਹੀ ਸੂਬੇ ਦੇ ਖੇਤੀਬਾੜੀ ਜਿਣਸ ਮੰਡੀਕਰਨ ਐਕਟ (ਏਪੀਐੱਮਸੀ) ਵਿਚ 2017 ’ਚ ਸੋਧ ਕਰਵਾਈ ਤੇ ਉਹ ਸਾਰੀਆਂ ਮੱਦਾਂ ਇਸ ਵਿਚ ਸ਼ਾਮਲ ਕੀਤੀਆਂ, ਜੋ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿਚ ਪਾਸ ਕੀਤੇ ਫਾਰਮਿੰਗ ਪ੍ਰੋਡਿਊਸ ਟਰੇਡ ਐਂਡ ਕਾਮਰਸ ਆਰਡੀਨੈਂਸ 2020 ਵਿਚ ਸ਼ਾਮਲ ਹਨ।