ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਜੂਨ
ਸਿੱਖ ਸ਼ਾਸਕ ਮਹਾਰਾਜਾ ਰਣਜੀਤ ਸਿੰਘ ਦੀ 181ਵੀਂ ਬਰਸੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਸੰਕੇਤਕ ਰੂਪ ਵਿਚ ਸਮਾਗਮ ਕਰਵਾਇਆ ਗਿਆ। ਕਰੋਨਾ ਸੰਕਟ ਦੇ ਚਲਦਿਆਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕਿਆ।
ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦਾ ਅਮਲਾ ਹਾਜ਼ਰ ਸੀ। ਅਖੰਡ ਪਾਠ ਦੇ ਭੋਗ ਮਗਰੋਂ ਗੁਰਬਾਣੀ ਦਾ ਕੀਰਤਨ ਹਜ਼ੂਰੀ ਰਾਗੀ ਜਥੇ ਵਲੋਂ ਕੀਤਾ ਗਿਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਿੱਖ ਜਰਨੈਲ ਦੀ ਜੀਵਨੀ ਅਤੇ ਉਸ ਦੇ ਸ਼ਾਸਨ ਕਾਲ ਬਾਰੇ ਜਾਣੂ ਕਰਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਹਾਜ਼ਰ ਸੀ। ਦੱਸਣਯੋਗ ਹੈ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਹੁਣ ਤਕ ਤਿੰਨ ਵਾਰ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਗਏ ਹਨ। ਮਾਰਚ ਦੇ ਅੰਤ ਵਿਚ ਸ਼ੁਰੂ ਹੋਈ ਤਾਲਾਬੰਦੀ ਤੋਂ ਬਾਅਦ ਅਪਰੈਲ ਵਿਚ ਖਾਲਸਾ ਸਾਜਨਾ ਦਿਵਸ, ਮਈ ਵਿਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਹੁਣ ਜੂਨ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਜਾ ਸਕੇ।
ਪਾਕਿਸਤਾਨ ਵਿੱਚ ਹੋਣਗੇ ਸਮਾਗਮ
ਦੂਜੇ ਪਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ 29 ਜੂਨ ਨੂੰ ਕਰਵਾਇਆ ਜਾਵੇਗਾ। ਇਸ ਸਬੰਧੀ ਲਾਹੌਰ ਵਿਚ ਗੁਰਦੁਆਰਾ ਡੇਹਰਾ ਸਾਹਿਬ ਵਿਚ 27 ਜੂਨ ਨੂੰ ਅਖੰਡ ਪਾਠ ਆਰੰਭ ਕੀਤੇ ਗਏ ਸਨ ਜਿਸ ਦੇ ਭੋਗ ਭਲਕੇ ਪੈਣਗੇ।