ਜੰਮੂ, 15 ਸਤੰਬਰ
ਬੀਐੈੱਸਐੱਫ ਨੇ ਜੰਮੂ ਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਕੌਮਾਂਤਰੀ ਸਰਹੱਦ ਦੇ ਨਾਲ ਪੰਜ ਹਥਿਆਰਬੰਦ ਦਹਿਸ਼ਤਗਰਦਾਂ ਵੱਲੋਂ ਕੀਤੀ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਤਰਜਮਾਨ ਨੇ ਕਿਹਾ ਕਿ ਸਰਹੱਦ ’ਤੇ ਤਾਇਨਾਤ ਸੁਰੱਖਿਆ ਦਸਤਿਆਂ ਵੱਲੋਂ ਦਹਿਸ਼ਤਗਰਦਾਂ ਨੂੰ ਵੰਗਾਰਨ ਮਗਰੋਂ ਉਹ ਪਾਕਿਸਤਾਨ ਵਾਲੇ ਪਾਸੇ ਭੱਜ ਗਏ। ਤਰਜਮਾਨ ਮੁਤਾਬਕ ਭਾਰਤ ਨੇ ਪਾਕਿਸਤਾਨੀ ਰੇਂਜਰਾਂ ਕੋਲ ਇਸ ਘਟਨਾ ਬਾਬਤ ਸਖ਼ਤ ਰੋਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਬੀਐੱਸਐੱਫ ਦੇ ਜਵਾਨਾਂ ਨੇ ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਸਾਂਬਾ ਸੈਕਟਰ ਵਿੱਚ ਪਾਕਿਸਤਾਨ ਵਾਲੇ ਵਾਸੇ ਦਹਿਸ਼ਤਗਰਦਾਂ ਦੀ ਨਕਲੋਹਰਕਤ ਵੇਖ ਕੇ ਵੰਗਾਰਿਆ ਤਾਂ ਉਨ੍ਹਾਂ ਗਸ਼ਤੀ ਪਾਰਟੀ ’ਤੇ ਗੋਲੀ ਚਲਾ ਦਿੱਤੀ। ਬੀਐੱਸਐੱਫ ਜਵਾਨਾਂ ਨੇ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਤੇ ਭਾਰਤ ਵਾਲੇ ਪਾਸੇ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਸਲਾਮਤੀ ਦਸਤਿਆਂ ਨੇ ਮਗਰੋਂ ਖੇਤਰ ਦੀ ਤਲਾਸ਼ੀ ਵੀ ਲਈ, ਪਰ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ।