ਨਵੀਂ ਦਿੱਲੀ, 17 ਸਤੰਬਰ
ਸਰਕਾਰ ’ਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਅੱਜ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ ਬਿੱਲ ਸਮੇਤ ਦੋ ਖੇਤੀ ਬਿਲਾਂ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਵਿਰੋਧੀ ਧਿਰਾਂ ਨੇ ਜਿੱਥੇ ਬਿਲਾਂ ’ਤੇ ਚਰਚਾ ਦੌਰਾਨ ਇਸ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਜ਼ੁਬਾਨੀ ਵੋਟਿੰਗ ਦੌਰਾਨ ਸੱਤਾਧਾਰੀ ਧਿਰ ਨੂੰ ਛੱਡ ਕੇ ਵੱਡੀ ਗਿਣਤੀ ਮੈਂਬਰ ਵਾਕਆਊਟ ਕਰ ਗਏ। ਇਸ ਤੋਂ ਪਹਿਲਾਂ ਬਿਲਾਂ ’ਤੇ ਵਿਚਾਰ ਚਰਚਾ ਦੌਰਾਨ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਬੰਧ ਜਾਰੀ ਰਹੇਗਾ ਤੇ ਸਰਕਾਰ ਵੱਲੋਂ ਤਜਵੀਜ਼ਤ ਖੇਤੀ ਬਿਲਾਂ ਨਾਲ ਇਸ ਪ੍ਰਬੰਧ ’ਤੇ ਕੋਈ ਫਰਕ ਨਹੀਂ ਪਏਗਾ। ਤੋਮਰ ਨੇ ਲੋਕ ਸਭਾ ਵਿੱਚ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਤੇ ਫੈਸਿਲੀਟੇਸ਼ਨ) ਬਿੱਲ 2020 ਤੇ ਕਿਸਾਨ (ਸ਼ਸਕਤੀਕਰਨ ਤੇ ਸੁਰੱਖਿਆ) ਐਗਰੀਮੈਂਟ ਔਨ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ ਸਰਵਸਿਜ਼ ਬਿਲ 2020 ਰੱਖਦਿਆਂ ਕਿਹਾ ਕਿ ਇਨ੍ਹਾਂ ਬਿਲਾਂ ਦਾ ਮੁੱਖ ਮੰਤਵ ਖੇਤੀ ਨੂੰ ਲਾਹੇਵੰਦਾ ਬਣਾਉਣਾ ਹੈ। ਉਨ੍ਹਾਂ ਸਦਨ ਨੂੰ ਭਰੋਸਾ ਦਿੱਤਾ ਕਿ ਤਜਵੀਜ਼ਤ ਕਾਨੂੰਨ ਰਾਜਾਂ ਦੇ ਐਗਰੀਕਲਚਰ ਪ੍ਰੋਡਿਊਸ ਮਾਰਕੀਟਿੰਗ ਕਮੇਟੀ (ਏਪੀਐੱਮਸੀ) ਐਕਟ ’ਚ ਦਖ਼ਲ ਨਹੀਂ ਹੈ।