ਸਰਬਜੀਤ ਸਿੰਘ ਭੰਗੂ
ਪਟਿਆਲਾ, 14 ਸਤੰਬਰ
ਦੇਸ਼ ਦੀਆਂ 250 ਕਿਸਾਨ ਜਥੇਬੰਦੀਆਂ ’ਤੇ ਆਧਾਰਿਤ ‘ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ’ ਵੱਲੋਂ ਖੇਤੀ ਵਿਰੋਧੀ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਐਕਟ 2020 ਸਬੰਧੀ ਕੇਂਦਰ ਖ਼ਿਲਾਫ਼ ਵਿੱਢੇ ਸੰਘਰਸ਼ ਦੀ ਕੜੀ ਵਜੋਂ ਪੰਜਾਬ ਵਿਚਲੀਆਂ ਦਸ ਕਿਸਾਨ ਜਥੇਬੰਦੀਆਂ ਨੇ ਅੱਜ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਦਰਸ਼ਨ ਪਾਲ ਦੀ ਅਗਵਾਈ ਹੇਠ ਪਟਿਆਲਾ ਵਿਚਲੀ ਅਨਾਜ ਮੰਡੀ ਵਿਚ ‘ਲਲਕਾਰ ਰੈਲੀ’ ਕੀਤੀ। ਵੱਡੀ ਗਿਣਤੀ ਕਿਸਾਨ ਅਤੇ ਮਜ਼ਦੂਰ ਕਾਰਕੁਨ ਲਾਲ ਝੰਡੇ ਲੈ ਕੇ ਰੈਲੀ ’ਚ ਸ਼ਾਮਲ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸੰਗਠਨ ਦੇ ਸੂਬਾ ਕਨਵੀਨਰ ਡਾ. ਦਰਸ਼ਨਪਾਲ ਤੇ ਜਗਮੋਹਣ ਸਿੰਘ ਨੇ ਦੱਸਿਆ ਕਿ ਇਨ੍ਹਾਂ ਹੀ ਦਸ ਜਥੇਬੰਦੀਆਂ ਨੇ ਅੱਜ ਬਰਨਾਲ਼ਾ, ਮੋਗਾ, ਫਗਵਾੜਾ ਅਤੇ ਅੰਮ੍ਰਿਤਸਰ ਵਿਚ ਵੀ ਅਜਿਹੀਆਂ ਲਲਕਾਰ ਰੈਲੀਆਂ ਕੀਤੀਆਂ। ਇਸ ਦੌਰਾਨ ਹਜ਼ਾਰਾਂ ਕਿਸਾਨਾਂ ਨੇ ਆਰਡੀਨੈਂਸਾਂ ਨੂੰ ਕਿਸਾਨਾਂ ਲਈ ਮੌਤ ਦੇ ਵਾਰੰਟਾਂ ਦੇ ਤੁੱਲ ਗਰਦਾਨਦਿਆਂ ਚਿਤਾਵਨੀ ਦਿੱਤੀ ਕਿ ਜੇ ਕੇਂਦਰ ਨੇ ਕਿਸਾਨ ਮਾਰੂ ਰਵੱਈਆ ਨਾ ਬਦਲਿਆ ਤਾਂ ਗੰਭੀਰ ਸਿੱਟੇ ਭੁਗਤਣੇ ਪੈਣਗੇ। ਮੋਦੀ ਸਰਕਾਰ ਨੂੰ ਕਿਸਾਨਾਂ ਨਾਲ ਆਢਾ ਨਾ ਲਾਉਣ ਦੀ ਸਲਾਹ ਦਿੰਦਿਆਂ ਕਿਸਾਨਾਂ ਨੇ ਕਿਹਾ ਕਿ ਕੇਂਦਰ ਦੇ ਕਿਸਾਨ ਵਿਰੋਧੀ ਮਨਸੂਬਿਆਂ ਨੂੰ ਕਿਸਾਨ ਭਾਈਚਾਰਾ ਖੁੰਢੇ ਕਰ ਕੇ ਹੀ ਦਮ ਲਵੇਗਾ।
ਰੈਲੀਆਂ ਨੂੰ ਕਿਸਾਨ ਯੂਨੀਅਨ ਡਕੌਂਦਾ ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਤੇ ਜਗਮੋਹਣ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨਪਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਟਾਂਡਾ, ਕੁੱਲ ਹਿੰਦ ਕਿਸਾਨ ਸਭਾ-ਅਜੈ ਭਵਨ ਦੇ ਪ੍ਰਧਾਨ ਭੁਪਿੰਦਰ ਸਿੰਘ ਸਾਂਬਰ, ਪੰਜਾਬ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਹਰਜੀਤ ਰਵੀ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਦਾ ਕਹਿਣਾ ਸੀ ਕਿ ਦੇਸ਼ ਭਰ ਦੇ ਕਿਸਾਨਾਂ ਵਿਚ ਬੇਚੈਨੀ, ਰੋਸ ਅਤੇ ਅਸੁਰੱਖਿਆ ਦੀ ਭਾਵਨਾ ਹੈ। ਕਿਸਾਨਾਂ ਦੇ ਗੁੱਸੇ ਦੇ ਸੇਕ ਤੋਂ ਜੇ ਕੇਂਦਰ ਨੇ ਬਚਣਾ ਹੈ ਤਾਂ ਕਿਸਾਨ ਵਿਰੋਧੀ ਸੋਚ ਤਿਆਗ ਦੇਵੇ। ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2020 ਲਾਗੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਿਲਦੀ ਮੁਫ਼ਤ ਬਿਜਲੀ ਦੀ ਸਹੂਲਤ ਖੁੱਸ ਜਾਵੇਗੀ। ਕੇਂਦਰ ਦੇ ਅਜਿਹੇ ਮਨਸੂਬਿਆਂ ਦਾ ਅਸਰ ਹੋਰਨਾਂ ਵਰਗਾਂ ’ਤੇ ਵੀ ਪਵੇਗਾ। ਨਰਮਾ ਘੱਟ ਰੇਟ ’ਤੇ ਖ਼ਰੀਦਿਆ ਜਾ ਰਿਹਾ ਹੈ ਤੇ ਕਣਕ ਅਤੇ ਝੋਨੇ ਦਾ ਵੀ ਇਹੋ ਹਾਲ ਹੋਵੇਗਾ। ਲੁਕਵੇਂ ਰੂਪ ’ਚ ਵਪਾਰੀਆਂ ਨੂੰ ਖੁੱਲ੍ਹੀਆਂ ਛੋਟਾਂ ਦਿੱਤੀਆਂ ਗਈਆਂ ਹਨ।
ਇਸ ਦੌਰਾਨ ਕਿਸਾਨ ਨੇਤਾ ਜਗਮੋਹਣ ਸਿੰਘ ਨੇ ਦੱਸਿਆ ਕਿ ਹੋਰ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਦਸ ਕਿਸਾਨ ਜਥੇਬੰਦੀਆਂ ਨੇ 16 ਸਤੰਬਰ ਨੂੰ ਸੂਬਾ ਪੱਧਰੀ ਮੀਟਿੰਗ ਸੱਦ ਲਈ ਹੈ।
ਪੁਲੀਸ ਨੇ ਪੰਜਾਬ ਤੋਂ ਗਏ ਕਿਸਾਨਾਂ ਨੂੰ ਦਿੱਲੀ ਨਾ ਵੜਨ ਦਿੱਤਾ
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਕਿਸਾਨਾਂ ਬਾਰੇ ਆਰਡੀਨੈਂਸਾਂ ਦੀ ਖ਼ਿਲਾਫ਼ਤ ਕਰਨ ਲਈ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਆਉਣ ਵਾਲੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਥੇ ਨੂੰ ਅੱਜ ਦਿੱਲੀ ਨਹੀਂ ਵੜਨ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਜਾਂ ਹੋਰ ਮੰਤਰੀ ਨਾਲ ਨਾ ਮਿਲਣ ਕਾਰਨ ਕਿਸਾਨ ਆਗੂਆਂ ਨੇ ਮੰਗ ਪੱਤਰ ਦੇਣ ਤੋਂ ਵੀ ਇਨਕਾਰ ਕਰ ਦਿੱਤਾ। ਪੁਲੀਸ ਨੂੰ ਝਕਾਨੀ ਦੇ ਕੇ ਯੂਨੀਅਨ ਦੀ ਸਿਰਫ ਇਕ ਗੱਡੀ ਹੀ ਦਿੱਲੀ ’ਚ ਵੜ ਸਕੀ। ਪੰਜਾਬ ਤੋਂ 4 ਗੱਡੀਆਂ ਵਿੱਚ 16 ਕਿਸਾਨ ਆਗੂ ਦਿੱਲੀ ਲਈ ਰਵਾਨਾ ਹੋਏ ਸਨ, ਜਿਨ੍ਹਾਂ ’ਚੋਂ 3 ਗੱਡੀਆਂ ਨੂੰ ਕੁੰਡਲੀ ਬਾਰਡਰ ’ਤੇ ਰੋਕ ਲਿਆ ਗਿਆ। ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ 15 ਸਤੰਬਰ ਨੂੰ ਪੰਜਾਬ ਵਿੱਚ ਅੰਦੋਲਨ ਕੀਤਾ ਜਾਵੇਗਾ। ਉਧਰ ਭਾਰਤੀ ਕਿਸਾਨ ਯੂਨੀਅਨ (ਟਕੈਤ) ਦੇ ਜਥੇ ਨੂੰ ਵੀ ਕੌਸੰਬੀ ਬਾਰਡਰ ’ਤੇ ਹੀ ਦਿੱਲੀ ਪੁਲੀਸ ਨੇ ਰੋਕ ਲਿਆ। ਕਈ ਘੰਟੇ ਦੀ ਬਹਿਸ ਮਗਰੋਂ ਦੋ-ਤਿੰਨ ਆਗੂਆਂ ਨੂੰ ਹੀ ਮੰਗ ਪੱਤਰ ਦੇਣ ਲਈ ਦਿੱਲੀ ਦਾਖ਼ਲ ਹੋਣ ਦਿੱਤਾ ਗਿਆ।ਇਸੇ ਤਰ੍ਹਾਂ ਹਰਿਆਣਾ ਤੇ ਰਾਜਸਥਾਨ ਤੋਂ ਵੀ ਕਿਸਾਨਾਂ ਨੂੰ ਦਿੱਲੀ ਵੱਲ ਨਾ ਆਉਣ ਦਿੱਤਾ ਗਿਆ। ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੂੰ ਵੀ ਜੰਤਰ-ਮੰਤਰ ਵਾਲੀ ਸੜਕ ’ਤੇ ਨਹੀਂ ਜਾਣ ਦਿੱਤਾ ਗਿਆ, ਜਿਸ ਕਰਕੇ ਇਹ ਆਗੂ ਪੁਲੀਸ ਬੈਰੀਕੇਡਾਂ ਕੋਲ ਹੀ ਬਾਹਰਵਾਰ ਧਰਨੇ ’ਤੇ ਬੈਠ ਗਏ। ਇਸ ਧਰਨੇ ਵਿੱਚ ਸਵਰਾਜ ਇੰਡੀਆ ਦੇ ਯੋਗੇਂਦਰ ਯਾਦਵ ਸਮੇਤ ਹੋਰ ਆਗੂ ਸ਼ਾਮਲ ਹੋਏ।