ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 8 ਫਰਵਰੀ
ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਣੇ ਹੋਰ ਸਿੱਖ ਮਸਲਿਆਂ ਸਬੰਧੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਪੱਕੇ ਮੋਰਚੇ ਤਹਿਤ ਅੱਜ ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਵੱਧਣਾ ਸ਼ੁਰੂ ਕੀਤਾ। ਇਸ ਰੋਸ ਮਾਰਚ ਵਿੱਚ ਤਲਵਾਰਾਂ ਲਹਿਰਾਉਂਦੇ ਹੋਏ ਕੁਝ ਘੋੜਸਵਾਰ ਨਿਹੰਗ ਸਿੰਘ ਵੀ ਸ਼ਾਮਲ ਸਨ। ਜਦੋਂ ਪ੍ਰਕਰਸ਼ਨਕਾਰੀਆਂ ਨੇ ਮੁਹਾਲੀ-ਚੰਡੀਗੜ੍ਹ ਦੀ ਸਰਹੱਦ ‘ਤੇ ਪੁਲੀਸ ਵੱਲੋਂ ਕੀਤੀ ਗਈ ਬੈਰੀਕੇਡਿੰਗ ਤੋੜਨ ਦਾ ਯਤਨ ਕੀਤਾ ਤਾਂ ਯੂਟੀ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ੋਰਦਾਰ ਟਕਰਾਅ ਹੋਇਆ। ਇਸ ਮੌਕੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਹਾਲੀ ਦੇ ਕਈ ਚੌਕਾਂ ’ਤੇ ਧਰਨਾ ਲਾ ਕੇ ਆਵਾਜਾਈ ਰੋਕ ਦਿੱਤੀ। ਇਸ ਟਕਰਾਅ ਦੌਰਾਨ ਇੱਕ ਬੱਸ, ਪੁਲੀਸ ਦੀ ਜਿਪਸੀ, ਇੱਕ ਮੋਟਰਸਾਈਕਲ ਤੇ ਜਲ ਤੋਪ ਸਣੇ ਕਈ ਵਾਹਨਾਂ ਦੀ ਭਨੰਤੋੜ ਕੀਤੀ ਗਈ ਹੈ। ਧਰਨੇ ਵਾਲੀ ਥਾਂ ’ਤੇ ਮੋਰਚੇ ਵਿੱਚ ਸ਼ਾਮਲ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਭਾਸ਼ਣ ਦਿੱਤੇ ਅਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਤਾਇਨਾਤ ਪੁਲੀਸ ਮੁਲਾਜ਼ਮਾਂ ’ਤੇ ਧਰਨੇ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਪੱਥਰਬਾਜ਼ੀ ਵੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਰੋਸ ਪ੍ਰਦਰਸ਼ਨ ਵਾਲੀ ਥਾਂ ਸੜਕ ‘ਤੇ ਵੱਡੀ ਗਿਣਤੀ ਇੱਟਾਂ-ਰੋੜੇ ਖਿੱਲਰੇ ਦਿਖਾਈ ਦੇ ਰਹੇ ਸਨ। ਯੂਟੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਜਲ ਤੋਪਾਂ ਦੀਆਂ ਬੁਛਾੜਾਂ ਮਾਰੀਆਂ। ਇਸ ਮੌਕੇ ਕਈ ਪ੍ਰਦਰਸ਼ਨਕਾਰੀਆਂ ਨੂੰ ਸੱਟਾਂ ਲੱਗੀਆਂ ਅਤੇ ਕਈਆਂ ਦੀਆਂ ਪੱਗਾਂ ਲੱਥ ਗਈਆਂ ਜਦੋਂਕਿ ਮੁਹਾਲੀ ਪੁਲੀਸ ਦੇ ਇੱਕ ਕਰਮਚਾਰੀ ਦੀ ਲੱਤ ਟੁੱਟ ਗਈ। ਪ੍ਰਦਰਸ਼ਨਕਾਰੀ ਯੂਟੀ ਪੁਲੀਸ ਦੇ ਬੈਰੀਕੇਡ ਚੁੱਕ ਕੇ ਮੁਹਾਲੀ ਲੈ ਗਏ। ਇਸ ਮੌਕੇ ਗੁਰਚਰਨ ਸਿੰਘ, ਜਸਵਿੰਦਰ ਸਿੰਘ ਰਾਜਪੁਰਾ, ਬਲਵਿੰਦਰ ਸਿੰਘ, ਰਵਿੰਦਰ ਸਿੰਘ ਵਜੀਦਪੁਰ ਸਣੇ ਹੋਰਨਾਂ ਨੇ ਕਿਹਾ ਕਿ ਸ਼ਾਂਤਮਈ ਧਰਨੇ ‘ਤੇ ਬੈਠੇ ਲੋਕਾਂ ‘ਤੇ ਸਾਜ਼ਿਸ਼ ਤਹਿਤ ਪਥਰਾਓ ਕਰਵਾ ਕੇ ਮੋਰਚੇ ਨੂੰ ਢਾਹ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕੀਤੀਆਂ ਜਾਣ। ਕੁਝ ਸਮੇਂ ਬਾਅਦ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਹੋਏ ਪ੍ਰਦਰਸ਼ਨਕਾਰੀ ਵਾਪਸ ਪੱਕੇ ਮੋਰਚੇ ਵਾਲੀ ਥਾਂ ‘ਤੇ ਮੁੜ ਧਰਨੇ ‘ਤੇ ਬੈਠ ਗਏ। ਉਧਰ, ਮੌਕੇ ‘ਤੇ ਮੌਜੂਦ ਪੰਜਾਬ ਤੇ ਯੂਟੀ ਪੁਲੀਸ ਦੇ ਸੀਨੀਅਰ ਅਧਿਕਾਰੀ ਘਟਨਾ ਬਾਰੇ ਕੋਈ ਵੀ ਟਿੱਪਣੀ ਕਰਨ ਤੋਂ ਲਗਾਤਾਰ ਟਾਲਾ ਵੱਟਦੇ ਰਹੇ।
ਚੰਡੀਗੜ੍ਹ ਪੁਲੀਸ ਦੇ 29 ਮੁਲਾਜ਼ਮ ਜ਼ਖ਼ਮੀ, ਕੇਸ ਦਰਜ
ਚੰਡੀਗੜ੍ਹ (ਟਨਸ): ਝੜਪ ਦੌਰਾਨ ਚੰਡੀਗੜ੍ਹ ਪੁਲੀਸ ਦੇ 7 ਮਹਿਲਾ ਪੁਲੀਸ ਮੁਲਾਜ਼ਮ ਸਣੇ 29 ਜਣੇ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉੱਧਰ ਚੰਡੀਗੜ੍ਹ ਪੁਲੀਸ ਨੇ ਥਾਣਾ ਸੈਕਟਰ-36 ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਜੀਪੀ ਪਰਵੀਰ ਰੰਜਨ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਹਿੰਸਕ ਰੂਪ ਅਖਤਿਆਰ ਕਰ ਲਿਆ ਹੈ, ਜਿਸ ਕਰਕੇ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਕੁਝ ਨਹੀਂ ਕੀਤਾ, ਜਿਸ ਕਰਕੇ ਉਹ ਚੰਡੀਗੜ੍ਹ ਦੀ ਸਰਹੱਦ ਤੱਕ ਪਹੁੰਚ ਗਏ ਹਨ। ਡੀਜੀਪੀ ਨੇ ਕਿਹਾ ਕਿ ਉਹ ਝੜਪ ਦੀਆਂ ਵੀਡੀਓ ਰਾਹੀ ਹਮਲਾਵਰਾਂ ਦੀ ਸ਼ਨਾਖਤ ਕਰ ਰਹੀ ਹੈ ਤੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।