ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 15 ਅਪਰੈਲ
ਵਿਸ਼ਵ ਹਿੰਦੂ ਪਰਿਸ਼ਦ ਦੀ ਮਾਲੇਰਕੋਟਲਾ ਇਕਾਈ ਨੇ ਇਕਾਈ ਦੇ ਪ੍ਰਧਾਨ ਮੋਹਿਤ ਗਰਗ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮਗਰੋਂ ਵਧੀਕ ਡਿਪਟੀ ਕਮਿਸ਼ਨਰ ਹਰਬੰਸ ਸਿੰਘ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਕਿ ਪਿਛਲੇ ਦਿਨੀਂ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਦੇ ਪ੍ਰਧਾਨ ਵਿਕਾਸ ਪ੍ਰਭਾਕਰ ਦਾ ਕਤਲ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਕਾਤਲਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਧਰਨੇ ਨੂੰ ਸੰਬੋਧਨ ਕਰਦਿਆਂ ਮੋਹਿਤ ਗਰਗ ਨੇ ਕਿਹਾ ਕਿ ਪੰਜਾਬ ’ਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ , ਸੂਬੇ ਦੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਇਹ ਹਨ ਅਤੇ ਲੋਕਾਂ ਦਾ ਸੂਬੇ ਦੀ ਅਫ਼ਸਰਸ਼ਾਹੀ ਤੋਂ ਭਰੋਸਾ ਉੱਠ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸ਼ਵ ਹਿੰਦੂ ਪਰਿਸ਼ਦ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਭੇਜੇ ਮੰਗ ਪੱਤਰ ਵਿੱਚ ਕਿਹਾ ਗਿਆ ਹੈ ਕਿ ਵਿਕਾਸ ਗਰਗ ਕਤਲ ਕਾਂਡ ਦੀ ਜਾਂਚ ਕਰਵਾਈ ਜਾਵੇ। ਇਸ ਮੌਕੇ ਸਾਬਕਾ ਚੇਅਰਮੈਨ ਜਗਤ ਕਥੂਰੀਆ, ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ, ਭਾਰਤੀ ਯੁਵਾ ਮੋਰਚਾ ਦੇ ਜਨਰਲ ਸਕੱਤਰ ਅਭਿਨਵ, ਬਜਰੰਗ ਦਲ ਦੇ ਜਨਰਲ ਸਕੱਤਰ ਪੁਸ਼ਪ ਜੈਨ, ਜਗਦੀਸ਼ ਕਿੰਗਰ ਤੇ ਅਭੈ ਗੁਪਤਾ ਆਦਿ ਹਾਜ਼ਰ ਸਨ।