Punjab Assembly Session: ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ 'ਤੇ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਵਿੱਚ ਤਬਦੀਲੀਆਂ ਕਰਨ ਦੇ ਮਾਮਲੇ 'ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।
ਇਸ ਤੋਂ ਪਹਿਲਾਂ ਸਦਨ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਮਗਰੋਂ ਭਾਰੀ ਹੰਗਾਮਾ ਹੋ ਗਿਆ। ਗਨੀਵ ਕੌਰ ਦੀ ਹਮਾਇਤ ਵਿੱਚ ਕਾਂਗਰਸੀ ਐੱਮ.ਐੱਲ.ਏ. ਵੀ ਕੁੱਦ ਪਏ ਅਤੇ ਵਿਧਾਇਕਾਂ ਵੱਲੋਂ ਸਪੀਕਰ ਦੇ ਵੈੱਲ ਵਿੱਚ ਨਾਅਰੇਬਾਜ਼ੀ ਕੀਤੀ ਗਈ। ਸਮੁੱਚੀ ਵਿਰੋਧੀ ਧਿਰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦੇ ਮਾਮਲੇ 'ਤੇ ਇਕਜੁੱਟ ਨਜ਼ਰ ਆਈ, ਜਿਸ ਤੋਂ ਬਾਅਦ ਹਾਕਮ ਧਿਰ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਤੀਜੇ ਦਿਨ ਵੀ ਸਦਨ ਵਿੱਚ ਹੰਗਾਮਾ ਦੇਖਣ ਨੂੰ ਮਿਲਿਆ। ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਦਿਆਂ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਮੁੜ ਤੋਂ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ। ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ।
ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਹਲਕਾ ਜੀਰਾ ਦੇ ਵਿਧਾਇਕ ਨਰੇਸ਼ ਪੁਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੀਰਾ ਵਿੱਚ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਦਕਿ ਲੋੜ ਪੈਣ 'ਤੇ ਇਨ੍ਹਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
August 5, 2026 12:45 pm
ਸਕੂਲਾਂ ਵਿੱਚ 3.50 ਲੱਖ ਬੱਚਿਆਂ ਦੇ ਦਾਖਲੇ ਫਰਜ਼ੀ: ਬੈਂਸ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਦਨ ’ਚ ਪੰਜਾਬ ਦੇ ਸਕੂਲਾਂ ਵਿੱਚ ਬੱਚਿਆਂ ਦੀ ਘਟੀ ਗਿਣਤੀ ਬਾਰੇ ਤੱਥ ਰੱਖੇ । ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ 3.50 ਲੱਖ ਬੱਚਿਆਂ ਦੇ ਦਾਖਲੇ ਫਰਜ਼ੀ ਸਨ ਜਿਨ੍ਹਾਂ ਨੂੰ ਹੁਣ ਰਿਕਾਰਡ ਚੋਂ ਹਟਾ ਦਿੱਤਾ ਗਿਆ ਹੈ।
ਸਰਕਾਰੀ ਨੌਕਰੀਆਂ ਦਾ ਵੇਰਵਾ ਵਿਭਾਗ ਵਾਈਜ਼ ਦਿੱਤਾ ਜਾਵੇ: MLA ਅਵਤਾਰ ਸਿੰਘ
August 5, 2026 12:44 pm
ਐੱਮ.ਐੱਲ.ਏ ਅਵਤਾਰ ਸਿੰਘ ਜੂਨੀਅਰ ਨੇ ਸਦਨ ’ਚ ਮੰਗ ਕੀਤੀ ਕਿ ਸਰਕਾਰ ਵੱਲੋ ਦਿੱਤੀਆਂ ਸਰਕਾਰੀ ਨੌਕਰੀਆਂ ਦਾ ਵੇਰਵਾ ਵਿਭਾਗ ਵਾਈਜ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਘਟੀ ਹੈ।
ਕਾਂਗਰਸੀ MLA ਸੁਖਪਾਲ ਸਿੰਘ ਖਹਿਰਾ ਦੀ ਮੰਗ: ਪੰਜਾਬ ਵਿੱਚ ਦਿੱਤੀਆਂ ਸਰਕਾਰੀ ਨੌਕਰੀਆਂ 'ਤੇ ਜਾਰੀ ਕੀਤਾ ਜਾਵੇ ਵਾਈਟ ਪੇਪਰ
August 5, 2026 12:44 pm
ਕਾਂਗਰਸ ਦੇ ਐੱਮ.ਐੱਲ.ਏ. ਸੁਖਪਾਲ ਸਿੰਘ ਖਹਿਰਾ ਨੇ ਸਦਨ ਵਿੱਚ ਬਹਿਸ ਦੌਰਾਨ ਮੰਗ ਕੀਤੀ ਕਿ ਪੰਜਾਬ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਬਾਰੇ ਇੱਕ ਵਾਈਟ ਪੇਪਰ (White Paper) ਜਾਰੀ ਕੀਤਾ ਜਾਵੇ।
ਸਦਨ ਵਿੱਚ MLA ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੁੱਦੇ 'ਤੇ ਸਰਕਾਰੀ ਮਤਾ ਪੇਸ਼; ਬਹਿਸ ਸ਼ੁਰੂ
August 5, 2026 12:11 pm
ਸਦਨ ਵਿੱਚ ਐੱਮ.ਐੱਲ.ਏ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੁੱਦੇ 'ਤੇ ਸਰਕਾਰੀ ਮਤਾ ਪੇਸ਼ ਕੀਤਾ ਗਿਆ ਹੈ, ਜਿਸ ਤੋਂ ਬਾਅਦ ਇਸ ਮਤੇ 'ਤੇ ਬਹਿਸ ਸ਼ੁਰੂ ਹੋ ਚੁੱਕੀ ਹੈ। ਚਰਨਜੀਤ ਭੁੱਲਰ
ਗਨੀਵ; ਨਾ ਝੁਕੀ ਤੇ ਨਾ ਰੁਕੀ: ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਿਆ
August 5, 2026 11:56 am
ਅਕਾਲੀ ਦਲ ਦੀ ਐੱਮ.ਐੱਲ.ਏ. ਗਨੀਵ ਕੌਰ ਮਜੀਠੀਆ ਅੱਜ ਸਦਨ ਵਿੱਚ ਵੱਖਰੇ ਹੀ ਰੰਗ ਵਿੱਚ ਨਜ਼ਰ ਆਈ। ਆਮ ਤੌਰ 'ਤੇ ਨਰਮ ਚਿਹਰੇ ਵਜੋਂ ਜਾਣੇ ਜਾਂਦੇ ਗਨੀਵ ਕੌਰ ਨੇ ਅੱਜ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਸੱਤਾਧਾਰੀ ਧਿਰ ਨੂੰ ਸਖ਼ਤ ਟੱਕਰ ਦਿੱਤੀ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਹ ਅੱਜ ਨਾ ਝੁਕੀ ਅਤੇ ਨਾ ਹੀ ਰੁਕੀ, ਸਗੋਂ ਪੂਰੇ ਜ਼ੋਰਦਾਰ ਤਰੀਕੇ ਨਾਲ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦੇ ਮਾਮਲੇ 'ਤੇ ਸਰਕਾਰ ਨੂੰ ਘੇਰਿਆ। ਇਸ ਦੌਰਾਨ ਉਨ੍ਹਾਂ ਨੇ ਸੱਤਾਧਾਰੀ ਧਿਰ ਦੇ ਮੈਂਬਰਾਂ ਨਾਲ ਅੱਖਾਂ ਵਿੱਚ ਅੱਖਾਂ ਪਾ ਕੇ ਬੇਬਾਕੀ ਨਾਲ ਗੱਲ ਕੀਤੀ।
ਗਨੀਵ ਕੌਰ ਮਜੀਠੀਆ ਵੱਲੋਂ ਸਤਿਕਾਰ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ 'ਤੇ ਸਦਨ ਵਿੱਚ ਹੰਗਾਮਾ
August 5, 2026 11:54 am
ਸਦਨ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਮਜੀਠੀਆ ਨੇ 'ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026' ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਸਬੰਧੀ ਸੱਤਾਧਾਰੀ ਧਿਰ ਦੇ ਵਿਧਾਇਕਾਂ ਤੋਂ ਸਵਾਲ ਪੁੱਛੇ। ਉਨ੍ਹਾਂ ਨੇ ਉਸ ਵਚਨਬੱਧਤਾ ਬਾਰੇ ਜਾਣਨਾ ਚਾਹਿਆ ਜੋ ਸੱਤਾਧਾਰੀ ਪਾਰਟੀ ਨੇ ਅਕਾਲ ਤਖ਼ਤ ਦੇ ਜਥੇਦਾਰ ਸਾਹਮਣੇ ਪੇਸ਼ ਹੋਣ ਵੇਲੇ ਪ੍ਰਗਟਾਈ ਸੀ। ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਅਕਾਲ ਤਖ਼ਤ ਦੇ ਅਧਿਕਾਰ ਨੂੰ ਚੁਣੌਤੀ ਦੇ ਰਹੀ ਹੈ। ਕਾਂਗਰਸੀ ਵਿਧਾਇਕਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕਾ ਗਨੀਵ ਕੌਰ ਅਤੇ ਪਾਰਟੀ ਆਗੂ ਮਨਪ੍ਰੀਤ ਇਆਲੀ ਨਾਲ ਮਿਲ ਕੇ 'ਗੁਰੂ-ਦੋਖੀ ਸਰਕਾਰ' ਦੇ ਨਾਅਰੇ ਲਗਾਉਂਦੇ ਹੋਏ ਸਦਨ ਦੇ ਵਿਚਕਾਰਲੇ ਹਿੱਸੇ (ਵੈੱਲ) ਵਿੱਚ ਰੋਸ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਵਿਧਾਇਕ ਬਿੱਲ ਵਿੱਚ ਸੋਧਾਂ ਕਰਨ ਦੇ ਵਾਅਦੇ ਤੋਂ ਪਿੱਛੇ ਹਟਣ 'ਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਸਨ। ਚਰਨਜੀਤ ਭੁੱਲਰ
ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਣ 'ਤੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਸਪੱਸ਼ਟੀਕਰਨ
August 5, 2026 11:46 am
![]()
ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ 'ਤੇ, ਵਿੱਤ ਮੰਤਰੀ ਹਰਪਾਲ ਚੀਮਾ ਨੇ ਸਪੱਸ਼ਟ ਕੀਤਾ ਕਿ ਅਕਾਲ ਤਖ਼ਤ ਸਰਵਉੱਚ ਹੈ ਅਤੇ ਸਰਕਾਰ 'ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ' ਵਿੱਚ ਤਬਦੀਲੀਆਂ ਕਰਨ ਦੇ ਮਾਮਲੇ 'ਤੇ ਅਕਾਲ ਤਖ਼ਤ ਦੇ ਜਥੇਦਾਰ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੀ ਹੈ।
ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਨੂੰ ਲੈ ਕੇ ਹੰਗਾਮਾ ਅਤੇ ਸਦਨ ਮੁਲਤਵੀ
August 5, 2026 11:37 am
![]()
ਸਦਨ ਵਿੱਚ ਅਕਾਲੀ ਵਿਧਾਇਕਾ ਗਨੀਵ ਕੌਰ ਮਜੀਠੀਆ ਵੱਲੋਂ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਦਾ ਮੁੱਦਾ ਚੁੱਕਣ ਮਗਰੋਂ ਭਾਰੀ ਹੰਗਾਮਾ ਹੋ ਗਿਆ। ਗਨੀਵ ਕੌਰ ਦੀ ਹਮਾਇਤ ਵਿੱਚ ਕਾਂਗਰਸੀ ਐੱਮ.ਐੱਲ.ਏ. ਵੀ ਕੁੱਦ ਪਏ ਅਤੇ ਵਿਧਾਇਕਾਂ ਵੱਲੋਂ ਸਪੀਕਰ ਦੇ ਵੈੱਲ ਵਿੱਚ ਨਾਅਰੇਬਾਜ਼ੀ ਕੀਤੀ ਗਈ। ਸਮੁੱਚੀ ਵਿਰੋਧੀ ਧਿਰ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਦੇ ਮਾਮਲੇ 'ਤੇ ਇਕਜੁੱਟ ਨਜ਼ਰ ਆਈ, ਜਿਸ ਤੋਂ ਬਾਅਦ ਹਾਕਮ ਧਿਰ ਨੇ ਵੀ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਤ ਨੂੰ ਵੇਖਦਿਆਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ 8 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਤਾਪ ਸਿੰਘ ਬਾਜਵਾ ਵੱਲੋਂ ਸਨਅਤੀ ਪਲਾਟ ਘਪਲੇ ਦਾ ਮੁੱਦਾ ਅਤੇ ਬੇਅਦਬੀ ਵਿਰੁੱਧ ਐਕਟ ਵਿੱਚ ਸੋਧ ਨੂੰ ਲੈ ਕੇ ਸਦਨ ਵਿੱਚ ਹੰਗਾਮਾ
August 5, 2026 11:29 am
![]()
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਿਫ਼ਰ ਕਾਲ ਦੌਰਾਨ ਸਨਅਤੀ ਪਲਾਟ ਘਪਲੇ ਦੇ ਮੁੱਦੇ ਨੂੰ ਚੁੱਕਿਆ ਅਤੇ ਇਸ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਸਪੱਸ਼ਟੀਕਰਨ ਦੇਣ ਲਈ ਕਿਹਾ। 'ਜ਼ੀਰੋ ਆਵਰ' ਦੌਰਾਨ, ਸੀ.ਐੱਲ.ਪੀ. (CLP) ਆਗੂ ਪ੍ਰਤਾਪ ਬਾਜਵਾ ਨੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਨਾਲ ਸਬੰਧਤ ਘੁਟਾਲੇ ਦੇ ਮਾਮਲੇ ਵਿੱਚ 11 ਥਾਵਾਂ 'ਤੇ ਈ.ਡੀ. (ED) ਵੱਲੋਂ ਕੀਤੀ ਗਈ ਛਾਪੇਮਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਨੇ ਮੁੱਖ ਮੰਤਰੀ ਦਫ਼ਤਰ (CMO) ਦੇ ਉਨ੍ਹਾਂ ਸੀਨੀਅਰ ਅਧਿਕਾਰੀਆਂ ਦੀ ਜਵਾਬਦੇਹੀ ਦੀ ਮੰਗ ਕੀਤੀ ਜਿਨ੍ਹਾਂ ਦੇ ਨਾਂ ਈ.ਡੀ. ਦੀ ਜਾਂਚ ਵਿੱਚ ਸਾਹਮਣੇ ਆਏ ਹਨ। ਚਰਨਜੀਤ ਭੁੱਲਰ
RDF ਦੇ ਫ਼ੰਡ ਰੁਕੇ ਹੋਣ ਕਾਰਨ ਪੇਂਡੂ ਸੜਕਾਂ ਦੀ ਮੁਰੰਮਤ ਵਿੱਚ ਆਈ ਰੁਕਾਵਟ: ਗੁਰਮੀਤ ਖੁੱਡੀਆਂ
August 5, 2026 11:06 am
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਇਕ ਅਰੁਣਾ ਚੌਧਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਆਰ.ਡੀ.ਐੱਫ. (RDF) ਦੇ 8,700 ਕਰੋੜ ਰੁਪਏ ਰੁਕੇ ਹੋਣ ਕਰਕੇ ਪੇਂਡੂ ਖੇਤਰ ਦੀਆਂ ਸੜਕਾਂ ਦੀ ਮੁਰੰਮਤ ਦਾ ਕੰਮ ਨਹੀਂ ਹੋ ਸਕਿਆ। ਪਰ ਹੁਣ ਫ਼ੰਡਾਂ ਦਾ ਪ੍ਰਬੰਧ ਕਰਕੇ ਸੜਕਾਂ ਦੀ ਮੁਰੰਮਤ ਦਾ ਕੰਮ ਕੀਤਾ ਜਾ ਰਿਹਾ ਹੈ।
ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬਿਜਲੀ ਦੇ ਮੁੱਦੇ 'ਤੇ ਮੰਤਰੀ ਤਰੁਨਪ੍ਰੀਤ ਸੌਂਦ ਅਤੇ ਅਮਨ ਅਰੋੜਾ ਦਾ ਜਵਾਬ
August 5, 2026 10:59 am
![]()
ਬਿਜਲੀ ਮੰਤਰੀ ਤਰੁਨਪ੍ਰੀਤ ਸੌਂਦ ਨੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੁਫ਼ਤ ਬਿਜਲੀ ਨਹੀਂ ਦਿੱਤੀ ਜਾਂਦੀ। ਵਿਧਾਇਕ ਪਠਾਣਮਾਜਰਾ ਨੇ ਮੰਗ ਕੀਤੀ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਖੇਤੀ ਖੇਤਰ ਨੂੰ ਮੁਫ਼ਤ ਬਿਜਲੀ ਦਿੱਤੀ ਜਾਂਦੀ ਹੈ, ਤਾਂ ਸਕੂਲਾਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇ ਤਾਂ ਜੋ ਬੱਚੇ ਸਰਕਾਰੀ ਸਕੂਲਾਂ ਵਿੱਚ ਵਧੀਆ ਪੜ੍ਹਾਈ ਹਾਸਲ ਕਰ ਸਕਣ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਫ਼ੀਸ ਮੁਆਫ਼ੀ ਬਾਰੇ ਵਿਚਾਰ ਕੀਤਾ ਜਾਵੇਗਾ। ਉੱਥੇ ਹੀ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ 'ਪੇਡਾ' (PEDA) ਵੱਲੋਂ ਸਕੂਲਾਂ ਅਤੇ ਹਸਪਤਾਲਾਂ ਉੱਤੇ ਸੋਲਰ ਪਲਾਂਟ ਲਗਾਏ ਜਾ ਰਹੇ ਹਨ, ਜਿਸ ਨਾਲ ਬਿਜਲੀ ਦਾ ਬੋਝ ਨਹੀਂ ਪੈਣ ਦਿੱਤਾ ਜਾਵੇਗਾ।
ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5,686 ਮਨਜ਼ੂਰਸ਼ੁਦਾ ਅਸਾਮੀਆਂ ਵਿੱਚੋਂ 3,262 ਭਰੀਆਂ: ਹਰਜੋਤ ਬੈਂਸ
August 5, 2026 10:51 am
![]()
ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਢਿੱਲੋਂ (ਕਾਲਾ ਢਿੱਲੋਂ) ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰਾਂ ਅਤੇ ਸਹਾਇਕ ਪ੍ਰੋਫੈਸਰਾਂ ਦੀਆਂ ਕੁੱਲ 5,686 ਮਨਜ਼ੂਰਸ਼ੁਦਾ ਅਸਾਮੀਆਂ ਹਨ। ਇਸ ਵਿੱਚੋਂ 3,262 ਅਸਾਮੀਆਂ ਭਰੀਆਂ ਹੋਈਆਂ ਹਨ ਅਤੇ 2,424 ਅਸਾਮੀਆਂ ਖਾਲੀ ਹਨ। ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਖਾਲੀ ਅਸਾਮੀਆਂ ਨੂੰ ਲੋੜ ਅਨੁਸਾਰ ਭਰਿਆ ਜਾਵੇਗਾ। ਇਸ ਦੌਰਾਨ, ਵਿਧਾਇਕ ਕਾਲਾ ਢਿੱਲੋਂ ਨੇ ਗੈਸਟ ਫੈਕਲਟੀ ਨੂੰ ਪੱਕਾ ਕਰਨ ਦੀ ਮੰਗ ਕੀਤੀ ਅਤੇ ਵੈੱਲ ਵਿੱਚ ਪਹੁੰਚ ਕੇ ਬਰਨਾਲਾ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਂਦਿਆਂ ਸਦਨ ਤੋਂ ਬਾਹਰ ਚਲੇ ਗਏ।
ਪਿੰਡਾਂ ਨੂੰ ਜੋੜਨ ਵਾਲੇ ਕੱਚੇ ਰਾਹਾਂ ਉੱਤੇ ਕੁੱਲ 25 ਏਕੜ 7 ਮਰਲੇ ਜ਼ਮੀਨ ’ਤੇ ਨਾਜਾਇਜ਼ ਕਬਜ਼ੇ: ਤਰੁਨਪ੍ਰੀਤ ਸੌਂਦ
August 5, 2026 10:45 am
![]()
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਪਿੰਡਾਂ ਨੂੰ ਜੋੜਨ ਵਾਲੇ ਕੱਚੇ ਰਾਹਾਂ ਉੱਪਰ ਕੁੱਲ 25 ਏਕੜ 7 ਮਰਲੇ ਜ਼ਮੀਨ ਉੱਤੇ ਨਾਜਾਇਜ਼ ਕਬਜ਼ੇ ਹਨ। ਇਨ੍ਹਾਂ ਕਬਜ਼ਿਆਂ ਨੂੰ ਖਾਲੀ ਕਰਾਉਣ ਲਈ ਅਦਾਲਤੀ ਕੇਸ ਚੱਲ ਰਹੇ ਹਨ।
ਜੀਰਾ ਵਿੱਚ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ: ਸਿਹਤ ਮੰਤਰੀ
August 5, 2026 10:36 am
![]()
ਇਸ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵਿਧਾਨ ਸਭਾ ਹਲਕਾ ਜੀਰਾ ਦੇ ਵਿਧਾਇਕ ਨਰੇਸ਼ ਪੁਰੀ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਜੀਰਾ ਵਿੱਚ 10 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਦਕਿ ਲੋੜ ਪੈਣ 'ਤੇ ਇਨ੍ਹਾਂ ਵਿੱਚ ਹੋਰ ਵਾਧਾ ਕੀਤਾ ਜਾਵੇਗਾ।
ਕਾਂਗਰਸੀ ਵਿਧਾਇਕਾਂ ਦਾ ਹੰਗਾਮਾ; ਨਾਅਰੇਬਾਜ਼ੀ ਕਰਦੇ ਵਿਧਾਇਕ ਬਾਹਰ ਚਲੇ ਗਏ
August 5, 2026 10:34 am
ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਾਂਗਰਸੀ ਵਿਧਾਇਕ ਵਿਧਾਨ ਸਭਾ ਵਿੱਚ 15 ਮਿੰਟ ਨਾਅਰੇਬਾਜ਼ੀ ਕਰਨ ਤੋਂ ਬਾਅਦ ਬਾਹਰ ਚਲੇ ਗਏ।
ਗੈਰ ਮਿਆਰੀ ਕੀਟਨਾਸ਼ਕਾਂ 'ਤੇ ਪਿਛਲੇ ਤਿੰਨ ਸਾਲਾਂ ਵਿੱਚ 70 ਮਾਮਲਿਆਂ ਵਿੱਚ ਕਾਰਵਾਈ: ਮੰਤਰੀ ਗੁਰਮੀਤ ਸਿੰਘ ਖੁੱਡੀਆਂ
August 5, 2026 10:28 am
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਨਿਰਮਾਤਾ ਵੱਲੋਂ ਤਿਆਰ ਕੀਤੀ ਗਈ ਅਤੇ ਲਾਇਸੈਂਸੀ ਵਿਕਰੇਤਾ ਵੱਲੋਂ ਵੇਚੀ ਗਈ ਕੀਟਨਾਸ਼ਕ ਦਾ ਨਮੂਨਾ ਗੈਰ-ਮਿਆਰੀ ਪਾਏ ਜਾਣ 'ਤੇ ਬਣਦੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਕੀਟਨਾਸ਼ਕਾਂ ਦੇ ਗੈਰ-ਮਿਆਰੀ ਪਾਏ ਜਾਣ 'ਤੇ 70 ਮਾਮਲਿਆਂ ਵਿੱਚ ਨਿਰਮਾਤਾਵਾਂ ਅਤੇ ਵਿਕਰੇਤਾਵਾਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਕਈਆਂ ਦੇ ਲਾਇਸੈਂਸ ਵੀ ਰੱਦ ਕੀਤੇ ਗਏ ਹਨ।
ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਕੀਤੀ ਨਾਅਰੇਬਾਜ਼ੀ
August 5, 2026 10:24 am
ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਰਾ ਨੇ ਲੰਘੇ ਦਿਨ ਕੰਮ ਰੋਕੂ ਮਤੇ ਲਾਉਣ ਦਾ ਮੁੱਦਾ ਚੁੱਕਿਆ, ਜਿਸ ਉੱਤੇ ਕੋਈ ਫੈਸਲਾ ਨਹੀਂ ਲਿਆ ਗਿਆ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਸੁਰੱਖਿਆ ਕਰਮੀਆਂ ਉੱਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ। ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਰੋਸਾ ਦਵਾਇਆ ਕਿ ਉਕਤ ਮਾਮਲੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਤੇ ਹੋਰਨਾਂ ਵਿਧਾਇਕਾਂ ਦੇ ਕੰਮ ਰੋਕੂ ਮਤੇ ਨੂੰ ਅਸਵੀਕਾਰ ਕਰ ਦਿੱਤਾ। ਇਸ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਜਾਰੀ ਰੱਖੀ।
ਕਾਂਗਰਸੀ ਵਿਧਾਇਕ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਪਹੁੰਚੇ
August 5, 2026 10:20 am
ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਤੀਜੇ ਦਿਨ ਮੁੜ ਤੋਂ ਕਾਂਗਰਸੀ ਵਿਧਾਇਕ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਪਹੁੰਚੇ। ਇਸ ਮੌਕੇ ਵਿਰੋਧੀ ਧਿਰ ਤੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਸਮੁੱਚੇ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਨਾਅਰੇਬਾਜ਼ੀ ਕੀਤੀ ਅਤੇ ਮੁੱਖ ਮੰਤਰੀ ਬਾਈਕਾਟ ਦੀ ਤਖਤੀਆਂ ਹੱਥ ਵਿੱਚ ਲੈ ਕੇ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ।