ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ: ਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ
March of INDIA Block: ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR) ਤੇ ਕਥਿਤ ਵੋਟ ਚੋਰੀ ਖਿਲਾਫ਼ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ ਕੀਤਾ। ਇਸ ਮਾਰਚ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ, ਡੀਐਮਕੇ ਅਤੇ ਕਈ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਹਨ। ਸੰਸਦ ਮੈਂਬਰਾਂ ਨੇ ਆਪਣੇ ਸਿਰਾਂ 'ਤੇ ਚਿੱਟੀਆਂ ਟੋਪੀਆਂ ਪਾਈਆਂ ਹੋਈਆਂ ਹਨ, ਜਿਨ੍ਹਾਂ 'ਤੇ 'ਐਸਆਈਆਰ' ਅਤੇ 'ਵੋਟ ਚੋਰੀ' ਲਿਖਿਆ ਹੋਇਆ ਹੈ ਅਤੇ ਉਨ੍ਹਾਂ 'ਤੇ ਲਾਲ ਕਰਾਸ ਦਾ ਨਿਸ਼ਾਨ ਵੀ ਹੈ।
ਪੁਲੀਸ ਨੇ ਵਿਰੋਧੀ ਧਿਰਾਂ ਨੂੰ ਰਾਹ ਵਿਚ ਟਰਾਂਸਪੋਰਟ ਭਵਨ ਕੋਲ ਰੋਕ ਲਿਆ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ, ਏਆਈਸੀਸੀ ਦੇ ਜਨਰਲ ਸਕੱਤਰ (ਕਮਿਸ਼ਨ) ਜੈਰਾਮ ਰਮੇਸ਼ ਅਤੇ ਸੈਂਕੜੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਸੰਸਦ ਭਵਨ ਦੇ ਬਾਹਰ ਗ੍ਰਿਫ਼ਤਾਰ ਕਰਕੇ ਪਾਰਲੀਮੈਂਟਰੀ ਸਟਰੀਟ ਪੁਲੀਸ ਸਟੇਸ਼ਨ ਲਿਜਾਇਆ ਗਿਆ, ਜਿੱਥੇ ਮਗਰੋਂ ਇਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਜਿਵੇਂ ਹੀ ਪੁਲੀਸ ਨੇ ਸੰਸਦ ਮੈਂਬਰਾਂ ਨੂੰ ਅੱਗੇ ਵਧਣ ਤੋਂ ਰੋਕਿਆ, ਉਨ੍ਹਾਂ ਵਿੱਚੋਂ ਕਈ ਸੜਕ 'ਤੇ ਬੈਠ ਗਏ ਅਤੇ ਵਿਸ਼ੇਸ਼ ਵਿਆਪਕ ਸੋਧ (SIR) ਦੀ ਮਸ਼ਕ ਅਤੇ 'ਵੋਟ ਚੋਰੀ' ਦੋਸ਼ਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਪੋਸਟਰ ਫੜੇ ਹੋਏ ਸਨ ਅਤੇ SIR ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਸ਼ੁਰੂ ਕਰਨ ਤੋਂ ਪਹਿਲਾਂ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਮਕਰ ਦੁਆਰ ਵਿਖੇ ਰਾਸ਼ਟਰੀ ਗੀਤ ਵੀ ਗਾਇਆ।
ਪੁਲੀਸ ਨੇ ਪ੍ਰਦਰਸ਼ਨਕਾਰੀ ਸੰਸਦ ਮੈਂਬਰਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਸੰਸਦ ਮਾਰਗ ’ਤੇ ਟਰਾਂਸਪੋਰਟ ਭਵਨ ਕੋਲ ਵਿਆਪਕ ਪ੍ਰਬੰਧ ਕੀਤੇ ਸਨ ਅਤੇ ਬੈਰੀਕੇਡ ਲਗਾਏ ਸਨ। ਪੁਲੀਸ ਨੇ ਸੰਸਦ ਮੈਂਬਰਾਂ ਨੂੰ ਅੱਗੇ ਨਾ ਵਧਣ ਤੋਂ ਰੋਕਣ ਲਈ ਲਾਊਡਸਪੀਕਰ ਰਾਹੀਂ ਐਲਾਨ ਕੀਤਾ। ਮਾਰਚ ਵਿੱਚ ਹਿੱਸਾ ਲੈਣ ਵਾਲਿਆਂ ’ਚ ਟੀਆਰ ਬਾਲੂ (ਡੀਐੱਮਕੇ), ਸੰਜੇ ਰਾਊਤ (ਸ਼ਿਵ ਸੈਨਾ ਯੂਬੀਟੀ), ਡੈਰੇਕ ਓ'ਬ੍ਰਾਇਨ (ਟੀਐੱਮਸੀ), ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ, ਅਤੇ ਨਾਲ ਹੀ ਡੀਐਮਕੇ, ਆਰਜੇਡੀ, ਖੱਬੇ-ਪੱਖੀ ਪਾਰਟੀਆਂ ਵਰਗੀਆਂ ਵਿਰੋਧੀ ਪਾਰਟੀਆਂ ਦੇ ਹੋਰ ਸੰਸਦ ਮੈਂਬਰ ਸ਼ਾਮਲ ਸਨ।
ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰਾ ਅਤੇ ਸੁਸ਼ਮਿਤਾ ਦੇਵ ਅਤੇ ਕਾਂਗਰਸ ਦੇ ਸੰਜਨਾ ਜਾਟਵ ਅਤੇ ਜੋਤੀਮਣੀ ਟਰਾਂਸਪੋਰਟ ਭਵਨ ਵਿਖੇ ਬੈਰੀਕੇਡਾਂ ’ਤੇ ਚੜ੍ਹ ਗਏ ਅਤੇ ਚੋਣ ਕਮਿਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ। ਸੰਸਦ ਮੈਂਬਰਾਂ ਨੇ ਇਸ ਮੌਕੇ ਹੱਥਾਂ ਵਿਚ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ’ਤੇ ‘SIR ਵੋਟ ਚੋਰੀ = ਲੋਕਤੰਤਰ ਦਾ ਕਤਲ’, ‘SIR ਲੋਕਤੰਤਰ ਪਰ ਵਾਰ’ ਤੇ ‘SIR ਪਰ ਚੁੱਪੀ ਕਿਉਂ’ ਲਿਖਿਆ ਹੋਇਆ ਸੀ।
ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਪਹਿਲਾਂ ਚੋਣ ਕਮਿਸ਼ਨ ਨੂੰ ਲਿਖਿਆ ਸੀ ਕਿ ਉਹ ਉਨ੍ਹਾਂ ਨਾਲ ਮੀਟਿੰਗ ਕਰਨ ਅਤੇ SIR ਸਮੇਤ ਹੋਰ ਮੁੱਦਿਆਂ 'ਤੇ ਚਰਚਾ ਕਰਨ ਦੀ ਇਜਾਜ਼ਤ ਦੇਣ। ਰਮੇਸ਼ ਨੇ ਚੋਣ ਕਮਿਸ਼ਨ ਨੂੰ ਆਪਣੇ ਮਾਰਚ ਬਾਰੇ ਜਾਣਕਾਰੀ ਦੇਣ ਲਈ ਲਿਖੇ ਪੱਤਰ ਵਿੱਚ ਕਿਹਾ, ‘‘ਸੰਸਦ ਮੈਂਬਰ ਬਿਹਾਰ ਵਿੱਚ ਕੀਤੇ ਜਾ ਰਹੇ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਸਮੇਤ ਕਈ ਹੋਰ ਮੁੱਦਿਆਂ ’ਤੇ ਕਮਿਸ਼ਨ ਨਾਲ ਸਮੂਹਿਕ ਤੌਰ ’ਤੇ ਮੁਲਾਕਾਤ ਕਰਨਾ ਚਾਹੁੰਦੇ ਹਨ।’’
ਵਿਰੋਧੀ ਧਿਰ ਸੰਸਦ ਦੇ ਦੋਵਾਂ ਸਦਨਾਂ ਵਿੱਚ ਐਸਆਈਆਰ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਵਿਰੋਧੀ ਪਾਰਟੀਆਂ ਦੋਸ਼ ਲਗਾ ਰਹੀਆਂ ਹਨ ਕਿ ਚੋਣ ਕਮਿਸ਼ਨ ਦੀ ਇਹ ਕਾਰਵਾਈ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਵਿੱਚ "ਵੋਟਰਾਂ ਨੂੰ ਵੋਟ ਪਾਉਣ ਤੋਂ ਵਾਂਝੇ" ਕਰਨ ਦੇ ਉਦੇਸ਼ ਨਾਲ ਕੀਤੀ ਗਈ ਹੈ। ਉਹ ਦੋਵਾਂ ਸਦਨਾਂ ਵਿੱਚ ਇਸ ਮੁੱਦੇ 'ਤੇ ਚਰਚਾ ਦੀ ਮੰਗ ਕਰ ਰਹੇ ਹਨ।
August 11, 2025 12:49 pm
ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਹਿਰਾਸਤ ਵਿਚ ਲਿਆ
August 11, 2025 12:33 pm
ਚੋਣ ਕਮਿਸ਼ਨ ਦਫ਼ਤਰ ਵੱਲ ਵਿਰੋਧੀ ਮਾਰਚ ਦੌਰਾਨ ਹਿਰਾਸਤ ਵਿੱਚ ਲਏ ਗਏ ਲੋਕਾਂ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵੀ ਸ਼ਾਮਲ ਹਨ।
ਸੰਸਦ ਦੇ ਬਾਹਰ ਹੀ ਜਮਹੂਰੀਅਤ ਨੂੰ ਕਤਲ ਕੀਤਾ ਜਾ ਰਿਹੈ: ਜੈਰਾਮ ਰਮੇਸ਼
August 11, 2025 12:33 pm
ਕਾਂਗਰਸ ਦੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ ਸੰਸਦ ਦੇ ਬਾਹਰ ਹੀ ਲੋਕਤੰਤਰ ’ਤੇ ਹਮਲਾ ਕੀਤਾ ਜਾ ਰਿਹਾ ਹੈ ਤੇ ਜਮਹੂਰੀਅਤ ਨੂੰ ਕਤਲ ਕੀਤਾ ਜਾ ਰਿਹਾ ਹੈ। ਰਮੇਸ਼ ਨੇ ਕਿਹਾ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰ ਸਮੂਹਿਕ ਤੌਰ 'ਤੇ ਵਿਰੋਧ ਮਾਰਚ ਤੋਂ ਬਾਅਦ ਚੋਣ ਕਮਿਸ਼ਨ ਨੂੰ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ ਪਰ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਦਿੱਲੀ ਪੁਲੀਸ ਨੈ ਵਿਰੋਧੀ ਧਿਰਾਂ ਦੇ ਮਾਰਚ ਨੂੰ ਰੋਕਿਆ
August 11, 2025 12:29 pm
ਦਿੱਲੀ ਪੁਲੀਸ ਨੇ ਪੀਟੀਆਈ ਹੈੱਡਕੁਆਰਟਰ ਦੇ ਸਾਹਮਣੇ ਸੰਸਦ ਤੋਂ ਚੋਣ ਕਮਿਸ਼ਨ ਤੱਕ ਵਿਰੋਧੀ ਧਿਰ ਦੇ ਮਾਰਚ ਨੂੰ ਰੋਕ ਦਿੱਤਾ ਹੈ।
ਰਾਹੁਲ ਗਾਂਧੀ ਨੇ ਲਗਾਇਆ ਸੀ ਵੋਟ ਚੋਰੀ ਦਾ ਦੋਸ਼
August 11, 2025 12:29 pm
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ 7 ਅਗਸਤ ਨੂੰ ਬੰਗਲੁਰੂ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦੇ ਅੰਕੜੇ ਪੇਸ਼ ਕਰਦੇ ਹੋਏ ਦੋਸ਼ ਲਗਾਇਆ ਸੀ ਕਿ ਵੋਟਰ ਸੂਚੀ ਵਿੱਚ ਹੇਰਾਫੇਰੀ ਕਰਕੇ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ "ਵੋਟ ਚੋਰੀ" ਦਾ ਮਾਡਲ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਦਿੱਲੀ ਵਿੱਚ ਪੱਤਰਕਾਰਾਂ ਸਾਹਮਣੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਦੇ ਵੋਟਰ ਸੂਚੀ ਦੇ ਅੰਕੜੇ ਪੇਸ਼ ਕੀਤੇ। ਰਾਹੁਲ ਗਾਂਧੀ ਨੇ ਦੋਸ਼ ਲਗਾਇਆ ਸੀ ਕਿ ਬੰਗਲੁਰੂ ਕੇਂਦਰੀ ਲੋਕ ਸਭਾ ਸੀਟ ਦੇ ਮਹਾਦੇਵਪੁਰਾ ਵਿਧਾਨ ਸਭਾ ਹਲਕੇ ਵਿੱਚ 1,00,250 ਵੋਟਾਂ ਚੋਰੀ ਹੋਈਆਂ ਸਨ, ਜਦੋਂ ਕਿ ਇਹ ਸੀਟ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ 32,707 ਵੋਟਾਂ ਦੇ ਫਰਕ ਨਾਲ ਜਿੱਤੀ ਸੀ।
ਵਿਰੋਧੀ ਧਿਰਾਂ ਨੇ ਨਹੀਂ ਮੰਗੀ ਮਾਰਚ ਦੀ ਇਜਾਜ਼ਤ: ਦਿੱਲੀ ਪੁਲੀਸ
August 11, 2025 12:27 pm
ਮਾਰਚ ਸ਼ੁਰੂ ਹੋਣ ਤੋਂ ਪਹਿਲਾਂ, ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਕਿਸੇ ਨੇ ਵੀ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਨਹੀਂ ਲਈ ਸੀ। ਰਾਹੁਲ ਗਾਂਧੀ ਵੱਲੋਂ ਵੋਟਰ ਸੂਚੀ ਵਿੱਚ ਕਥਿਤ ਧਾਂਦਲੀ ਦੇ ਦੋਸ਼ ਲਗਾਉਣ ਅਤੇ ਇਸ ਸਬੰਧ ਵਿੱਚ ਕੁਝ ਖੁਲਾਸੇ ਕਰਨ ਦਾ ਦਾਅਵਾ ਕਰਨ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਇਹ ਪਹਿਲਾ ਵਿਰੋਧ ਪ੍ਰਦਰਸ਼ਨ ਹੈ।