ਸ਼ਾਂਤਮਈ ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ: ਸੌਰਵ ਦਾਸ
October 11, 2026 3:10 pm
ਸੀਜੇਪੀ ਆਗੂ ਸੌਰਵ ਦਾਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ ਹੈ ਅਤੇ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
ਕੌਕਰੇਚ ਜਨਤਾ ਪਾਰਟੀ (CJP) ਦੇ ਆਗੂਆਂ, ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਐਤਵਾਰ ਨੂੰ ਦਿੱਲੀ ਕੈਂਟ ਪੁਲੀਸ ਸਟੇਸ਼ਨ ਵਿਖੇ ਐਗਜ਼ੀਕਿਊਟਿਵ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤੇ ਜਾਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਹੈ। ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (SIR) ਦੌਰਾਨ ਕਥਿਤ ਬੇਨਿਯਮੀਆਂ ਦੇ ਮੁੱਦੇ ’ਤੇ ਜੰਤਰ-ਮੰਤਰ ਵਿਖੇ ਪਾਰਟੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਇਨ੍ਹਾਂ ਤਿੰਨਾਂ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਦਿੱਲੀ ਪੁਲੀਸ ਅਨੁਸਾਰ ਇਨ੍ਹਾਂ ਨੂੰ CrPC ਦੀਆਂ ਧਾਰਾਵਾਂ 107 ਅਤੇ 151 ਤਹਿਤ ਇਹਤੀਆਤਨ ਹਿਰਾਸਤ ਵਿੱਚ ਰੱਖਿਆ ਗਿਆ ਸੀ ਅਤੇ ਪੁਲੀਸ ਵੱਲੋਂ ਪਹਿਲਾਂ ਹੀ ਸਪੱਸ਼ਟ ਕੀਤਾ ਗਿਆ ਸੀ ਕਿ ਕੋਈ ਰਸਮੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਸੀ। ਸਵੇਰੇ ਕਰੀਬ 9 ਵਜੇ ਮੈਜਿਸਟ੍ਰੇਟ ਅੱਗੇ ਪੇਸ਼ੀ ਉਪਰੰਤ ਉਨ੍ਹਾਂ ਨੂੰ ਰਿਹਾਈ ਮਿਲ ਗਈ ਹੈ। ਪਾਰਟੀ ਆਗੂਆਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਚੋਣ ਕਮਿਸ਼ਨਰ ਅਹੁਦਾ ਨਹੀਂ ਛੱਡਦੇ, ਉਦੋਂ ਤੱਕ ਦੇਸ਼ ਭਰ ਵਿੱਚ ਪ੍ਰਦਰਸ਼ਨ ਜਾਰੀ ਰਹਿਣਗੇ।
ਸ਼ਨੀਵਾਰ ਨੂੰ ਦਿੱਲੀ ਪੁਲੀਸ ਵੱਲੋਂ ਕੀਤੀ ਗਈ ਵੱਡੀ ਕਾਰਵਾਈ ਅਤੇ ਭਾਰੀ ਬੈਰੀਕੇਡਿੰਗ ਦੌਰਾਨ CJP ਦੇ ਕੌਮੀਂ ਸੰਗਠਨ ਇੰਚਾਰਜ ਅਜਿੰਕਿਆ ਸ਼ਿੰਦੇ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਭਾਵੇਂ ਜਿੰਨੇ ਮਰਜ਼ੀ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਵੇ, ਪਰ ਅੰਦੋਲਨ ਰੁਕੇਗਾ ਨਹੀਂ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਨੇ ਦਿੱਲੀ ਨੂੰ ‘ਛਾਉਣੀ’ ਵਿੱਚ ਤਬਦੀਲ ਕਰ ਦਿੱਤਾ ਹੈ ਅਤੇ 15,000 ਤੋਂ ਵੱਧ ਵਿਦਿਆਰਥੀਆਂ, ਕਾਰਕੁਨਾਂ ਤੇ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਦਰਸ਼ਨ ਨੂੰ ਦਬਾਉਣ ਲਈ ਮੈਟਰੋ ਸਟੇਸ਼ਨ ਬੰਦ ਕੀਤੇ ਗਏ, ਰੇਲ ਸੇਵਾਵਾਂ ਪ੍ਰਭਾਵਿਤ ਕੀਤੀਆਂ ਗਈਆਂ ਅਤੇ ਸਿਗਨਲ ਜੈਮਰਾਂ ਦੀ ਵਰਤੋਂ ਕੀਤੀ ਗਈ।
ਨੈਸ਼ਨਲ ਕਾਂਗਰਸ ਪਾਰਟੀ (NCP) ਦੇ ਬੁਲਾਰੇ ਅਨੀਸ਼ ਗਵਾਂਡੇ ਨੇ ਇਸ ਮੌਕੇ ਕਿਹਾ ਕਿ ਚੋਣ ਕਮਿਸ਼ਨਰ ਵਿਰੁੱਧ ਚੱਲ ਰਹੇ ਇਸ ਸੰਘਰਸ਼ ਵਿੱਚ ਸਿਵਲ ਸੁਸਾਇਟੀ ਅਤੇ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਸਰਕਾਰ ਵੱਲੋਂ ਇਨ੍ਹਾਂ ਵਿੱਚ ਪਾੜਾ ਪਾਉਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣਗੀਆਂ। ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (SFI) ਦੇ ਸ੍ਰਿਜਨ ਭੱਟਾਚਾਰੀਆ ਨੇ ਵੀ ਤਾਨਾਸ਼ਾਹੀ ਖ਼ਿਲਾਫ਼ ਵਿਆਪਕ ਏਕਤਾ ਬਣਾਉਣ ਦਾ ਹੋਕਾ ਦਿੱਤਾ।
CJP ਦੇ ਅੱਜ ਦੇ ਤਾਜ਼ਾ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਟਰੈਫਿਕ ਪੁਲੀਸ ਨੇ ਨਵੀਂ ਦਿੱਲੀ ਅਤੇ ਕੇਂਦਰੀ ਦਿੱਲੀ ਵਿੱਚ ਐਤਵਾਰ ਨੂੰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਸਵੇਰੇ 6 ਵਜੇ ਤੋਂ ਆਵਾਜਾਈ ਵਿੱਚ ਬਦਲਾਅ (ਡਿਵਰਸ਼ਨ) ਕੀਤੇ ਜਾ ਸਕਦੇ ਹਨ। ਪੁਲੀਸ ਨੇ ਯਾਤਰੀਆਂ ਨੂੰ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹਵਾਈ ਅੱਡੇ ਵੱਲ ਜਾਣ ਸਮੇਂ ਵਾਧੂ ਸਮਾਂ ਲੈਣ ਅਤੇ ਗ਼ੈਰ-ਜ਼ਰੂਰੀ ਸਫ਼ਰ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੈ।
October 11, 2026 3:10 pm
ਸੀਜੇਪੀ ਆਗੂ ਸੌਰਵ ਦਾਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਸਾਡਾ ਅਧਿਕਾਰ ਹੈ ਅਤੇ ਇਹ ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।
October 11, 2026 3:07 pm
ਪ੍ਰੈੱਸ ਕਾਨਫਰੰਸ ਦੌਰਾਨ ਕੌਕਰੇਚ ਜਨਤਾ ਪਾਰਟੀ (CJP) ਦੇ ਆਗੂ ਸੌਰਵ ਦਾਸ ਨੇ ਦਿੱਲੀ ਪੁਲੀਸ ਅਤੇ ਕੇਂਦਰ ਸਰਕਾਰ ’ਤੇ ਪਵਿੱਤਰ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਦੀ ਬੇਅਦਬੀ ਕਰਨ ਅਤੇ ਸਿੱਖ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਣ ਦੇ ਦੋਸ਼ ਲਗਾਏ ਹਨ।
October 11, 2026 3:04 pm
ਪੁਲੀਸ ਹਿਰਾਸਤ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਕੌਕਰੇਚ ਜਨਤਾ ਪਾਰਟੀ (CJP) ਦੇ ਮੁੱਖ ਬੁਲਾਰੇ ਅਤੇ ਆਗੂ ਸੌਰਵ ਦਾਸ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਪੁਲੀਸ ਦੀ ਕਾਰਵਾਈ ਨੂੰ ਲੈ ਕੇ ਬੇਹੱਦ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਨੇ ਜਹਾਜ਼ (ਫ਼ਲਾਈਟ) ਅੰਦਰ ਜ਼ਬਰਦਸਤੀ ਦਾਖ਼ਲ ਹੋ ਕੇ ਉਨ੍ਹਾਂ ਨੂੰ ‘ਅਗਵਾ’ ਕੀਤਾ ਸੀ। ਸੌਰਵ ਦਾਸ ਨੇ ਦਾਅਵਾ ਕੀਤਾ ਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਕੋਈ ਵੀ ਰਸਮੀ ਹਿਰਾਸਤ ਦਾ ਨੋਟਿਸ (Detention Notice) ਨਹੀਂ ਦਿੱਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਹਿਰਾਸਤ ਦੌਰਾਨ ਉਨ੍ਹਾਂ ਦੇ ਫ਼ੋਨ ਜ਼ਬਤ ਕਰ ਲਏ ਗਏ ਸਨ ਅਤੇ ਉਨ੍ਹਾਂ ਨੂੰ ਆਪਣੇ ਵਕੀਲ ਨਾਲ ਵੀ ਰਾਬਤਾ ਕਾਇਮ ਨਹੀਂ ਕਰਨ ਦਿੱਤਾ ਗਿਆ।
October 11, 2026 2:59 pm
ਕੌਕਰੇਚ ਜਨਤਾ ਪਾਰਟੀ (CJP) ਦੇ ਤਰਜਮਾਨ ਅਤੇ ਆਗੂ ਆਸ਼ੂਤੋਸ਼ ਰੰਕਾ ਨੇ ਦਿੱਲੀ ਪੁਲੀਸ ’ਤੇ ਹਿਰਾਸਤ ਦੌਰਾਨ ‘ਬੇਰਹਿਮ ਅਤੇ ਅਣਮਨੁੱਖੀ ਚਿਹਰਾ’ ਦਿਖਾਉਣ ਦੇ ਗੰਭੀਰ ਦੋਸ਼ ਲਗਾਏ ਹਨ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰੰਕਾ ਨੇ ਦੋਸ਼ ਲਾਇਆ ਕਿ ਪਾਰਟੀ ਕਨਵੀਨਰ ਅਭਿਜੀਤ ਦੀਪਕੇ ਅਤੇ ਆਗੂ ਸੌਰਵ ਦਾਸ ਨੂੰ ਬਿਨਾਂ ਕਿਸੇ ਕਾਨੂੰਨੀ ਨਿਯਮਾਂ ਦੇ ‘ਅਗਵਾ’ ਕੀਤਾ ਗਿਆ ਸੀ।
October 11, 2026 2:58 pm
ਪੁਲੀਸ ਹਿਰਾਸਤ ਤੋਂ ਰਿਹਾਅ ਹੋਣ ਤੋਂ ਬਾਅਦ ਕਾਕਰੋਚ ਜਨਤਾ ਪਾਰਟੀ (CJP) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਨੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ’ਤੇ ਭਾਰਤੀ ਜਨਤਾ ਪਾਰਟੀ (BJP) ਦੇ ਪੱਖ ਵਿੱਚ ਕੰਮ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਰੰਕਾ ਨੇ ਦਾਅਵਾ ਕੀਤਾ ਕਿ ਮੁੱਖ ਚੋਣ ਕਮਿਸ਼ਨਰ ਸੱਤਾਧਾਰੀ ਧਿਰ ਨੂੰ ਚੋਣਾਂ ਵਿੱਚ ਫ਼ਾਇਦਾ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਵਰਤੋਂ ਕਰ ਰਹੇ ਹਨ।
October 11, 2026 2:56 pm
ਕੌਕਰੇਚ ਜਨਤਾ ਪਾਰਟੀ (CJP) ਦੇ ਆਗੂ ਆਸ਼ੂਤੋਸ਼ ਰੰਕਾ ਨੇ ਹਿਰਾਸਤ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਪੁਲੀਸ ਦੀ ਕਾਰਵਾਈ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਅਤੇ ਪਾਰਟੀ ਦੇ ਦੂਜੇ ਆਗੂਆਂ ਨੂੰ ਜਦੋਂ ਉਹ ਦਿੱਲੀ ਪਹੁੰਚ ਰਹੇ ਸਨ ਤਾਂ ਫ਼ਲਾਈਟ ਵਿੱਚੋਂ ਅਗਵਾ ਕੀਤਾ ਗਿਆ ਸੀ।
October 11, 2026 2:55 pm
ਕੌਕਰੇਚ ਜਨਤਾ ਪਾਰਟੀ (CJP) ਨੇ ਐਤਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਦਿੱਲੀ ਵਿੱਚ ਉਨ੍ਹਾਂ ਦੇ ਪ੍ਰਦਰਸ਼ਨ ਦੌਰਾਨ ਕੀਤੀ ਗਈ ਪੁਲੀਸ ਕਾਰਵਾਈ ਅਤੇ ਵੱਡੇ ਪੱਧਰ ’ਤੇ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਨੇ ਪਿਛਲੇ 72 ਘੰਟਿਆਂ ਵਿੱਚ ਦੇਸ਼ ਦੀ ਐਮਰਜੈਂਸੀ ਦੇ ਦੌਰ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
October 11, 2026 2:53 pm
ਪੁਲੀਸ ਹਿਰਾਸਤ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਕੌਕਰੇਚ ਜਨਤਾ ਪਾਰਟੀ (CJP) ਦੇ ਸਹਿ-ਕਨਵੀਨਰ ਆਸ਼ੂਤੋਸ਼ ਰੰਕਾ ਨੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਕੀਮਤ ’ਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਦੀ ਰੱਖਿਆ ਕਰਨਗੇ।
October 11, 2026 2:49 pm
ਦਿੱਲੀ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਪਾਰਟੀ ਆਗੂਆਂ ਵਿਰੁੱਧ ਕੀਤੀ ਗਈ ਸਖ਼ਤ ਪੁਲੀਸ ਕਾਰਵਾਈ ਦੇ ਵਿਚਕਾਰ, ਕੌਕਰੇਚ ਜਨਤਾ ਪਾਰਟੀ (CJP) ਦੇ ਆਗੂ ਆਸ਼ੂਤੋਸ਼ ਰੰਕਾ ਨੇ ਐਤਵਾਰ ਨੂੰ ਐਲਾਨ ਕੀਤਾ ਹੈ ਕਿ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਖ਼ਿਲਾਫ਼ ਉਨ੍ਹਾਂ ਦਾ ਸੰਘਰਸ਼ ਰੁਕੇਗਾ ਨਹੀਂ, ਸਗੋਂ ‘ਇਹ ਲੜਾਈ ਤਾਂ ਹੁਣੇ ਸ਼ੁਰੂ ਹੋਈ ਹੈ।’ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਸ਼ੂਤੋਸ਼ ਰੰਕਾ ਨੇ ਰਾਜਧਾਨੀ ਵਿੱਚ ਕੀਤੇ ਗਏ ਸੁਰੱਖਿਆ ਦੇ ਭਾਰੀ ਪ੍ਰਬੰਧਾਂ ਅਤੇ ਪੁਲੀਸ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਤਿੱਖਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਦਿੱਲੀ ਦੇ ਹਾਲਾਤ ਨੂੰ ‘ਜੰਗ ਵਰਗੇ ਮਾਹੌਲ’ ਵਿੱਚ ਤਬਦੀਲ ਕਰਨ ਲਈ ਦੇਸ਼ ਦੇ ਸਿਆਸੀ ਆਗੂਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ।
October 11, 2026 2:30 pm
ਸੁਪਰੀਮ ਕੋਰਟ ਨੇ ਐਤਵਾਰ ਨੂੰ ਇੱਕ ਅਹਿਮ ਹੁਕਮ ਜਾਰੀ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਦਿੱਲੀ ਵਿੱਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ ਦੀ ਕੋਈ ਗੈਰ-ਕਾਨੂੰਨੀ ਨਜ਼ਰਬੰਦੀ ਨਹੀਂ ਕੀਤੀ ਜਾਵੇਗੀ ਅਤੇ ਕਾਨੂੰਨ ਮੁਤਾਬਕ ਲੋਕਾਂ ਦੀ ਸੁਤੰਤਰ ਆਵਾਜਾਈ ਨੂੰ ਯਕੀਨੀ ਬਣਾਇਆ ਜਾਵੇਗਾ। ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ ਮੋਹਨਾ ਦੇ ਬੈਂਚ ਵੱਲੋਂ ਐਤਵਾਰ ਨੂੰ ਕੀਤੀ ਗਈ ਇਸ ਦੁਰਲੱਭ ਵਿਸ਼ੇਸ਼ ਸੁਣਵਾਈ ਦੌਰਾਨ ਅਦਾਲਤ ਨੇ ਕਿਹਾ, “ਕਾਨੂੰਨ ਦੁਆਰਾ ਸਥਾਪਤ ਪ੍ਰਕਿਰਿਆ ਤੋਂ ਬਿਨਾਂ ਕੋਈ ਗੈਰ-ਕਾਨੂੰਨੀ ਹਿਰਾਸਤ ਨਹੀਂ ਹੋਵੇਗੀ, ਖ਼ਾਸਕਰ ਉਸ ਖੇਤਰ ਤੋਂ ਬਾਹਰ ਜਿੱਥੇ ਪਾਬੰਦੀਆਂ ਲਗਾਈਆਂ ਗਈਆਂ ਹਨ।”
October 11, 2026 2:14 pm
ਦਿੱਲੀ ਪੁਲੀਸ ਦੀ ਹਿਰਾਸਤ ਵਿੱਚੋਂ ਰਿਹਾਅ ਹੋਣ ਤੋਂ ਬਾਅਦ ਕੌਕਰੇਚ ਜਨਤਾ ਪਾਰਟੀ (CJP) ਦੇ ਪ੍ਰਮੁੱਖ ਆਗੂਆਂ- ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਪਾਰਟੀ ਦੇ ਕਨਵੀਨਰ ਅਭਿਜੀਤ ਦੀਪਕੇ ਆਪਣੀ ਦਾਦੀ ਦੇ ਦੇਹਾਂਤ ਕਾਰਨ ਪਰਿਵਾਰਕ ਰਸਮਾਂ ਲਈ ਮਹਾਰਾਸ਼ਟਰ ਰਵਾਨਾ ਹੋ ਚੁੱਕੇ ਹਨ, ਜਿਸ ਕਾਰਨ ਇਸ ਪ੍ਰੈੱਸ ਕਾਨਫਰੰਸ ਵਿੱਚ ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਮੀਡੀਆ ਨੂੰ ਸੰਬੋਧਨ ਕਰ ਰਹੇ ਹਨ।
October 11, 2026 2:10 pm
October 11, 2026 1:59 pm
ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕੌਕਰੇਚ ਜਨਤਾ ਪਾਰਟੀ (CJP) ਵੱਲੋਂ ਉਲੀਕੇ ਗਏ ਅੰਦੋਲਨ ਦੇ ਦੂਜੇ ਦਿਨ ਐਤਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਹਾਲਾਤ ਬੇਹੱਦ ਤਣਾਅਪੂਰਨ ਰਹੇ। ਕਨਾਟ ਪਲੇਸ ਦੇ ਇਨਰ ਸਰਕਲ ਅਤੇ ਰਾਜੀਵ ਚੌਕ ਤੋਂ ਜੰਤਰ-ਮੰਤਰ ਵੱਲ ਮਾਰਚ ਕਰ ਰਹੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੂੰ ਸੁਰੱਖਿਆ ਬਲਾਂ ਨੇ ਧੂਹ-ਘੜੀਸ ਕੇ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀ ‘ਗਿਆਨੇਸ਼ ਕੁਮਾਰ ਅਸਤੀਫ਼ਾ ਦੋ’ ਦੇ ਨਾਅਰੇ ਲਗਾਉਂਦੇ ਹੋਏ ਅੱਗੇ ਵਧ ਰਹੇ ਸਨ, ਪਰ ਜੰਤਰ-ਮੰਤਰ ਵੱਲ ਜਾਣ ਵਾਲੇ ਸਾਰੇ ਰਸਤਿਆਂ ’ਤੇ ਤਾਇਨਾਤ ਭਾਰੀ ਪੁਲੀਸ ਬਲ ਨੇ ਉਨ੍ਹਾਂ ਨੂੰ ਰੋਕ ਲਿਆ। ਵਿਰੋਧ ਕਰਨ ਦੇ ਬਾਵਜੂਦ ਪੁਲੀਸ ਮੁਲਾਜ਼ਮ ਪ੍ਰਦਰਸ਼ਨਕਾਰੀਆਂ ਨੂੰ ਜਬਰੀ ਖਿੱਚ ਕੇ ਪੁਲੀਸ ਬੱਸਾਂ ਵਿੱਚ ਚਾੜ੍ਹਦੇ ਦੇਖੇ ਗਏ। ਪੂਰੇ ਇਲਾਕੇ ਵਿੱਚ ਸੁਰੱਖਿਆ ਦੇ ਬੇਹੱਦ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
October 11, 2026 1:11 pm
ਕੌਕਰੇਚ ਜਨਤਾ ਪਾਰਟੀ (CJP) ਦੇ ਕਨਵੀਨਰ ਅਭਿਜੀਤ ਦੀਪਕੇ ਦੇ ਪਰਿਵਾਰ ਨੇ ਐਤਵਾਰ ਨੂੰ ਦਿੱਲੀ ਪੁਲੀਸ ’ਤੇ ਵੱਡਾ ਦੋਸ਼ ਲਗਾਉਂਦਿਆਂ ਕਿਹਾ ਕਿ ਵਾਰ-ਵਾਰ ਬੇਨਤੀਆਂ ਕਰਨ ਦੇ ਬਾਵਜੂਦ ਪੁਲੀਸ ਨੇ ਉਨ੍ਹਾਂ ਨੂੰ ਦਾਦੀ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਰਿਹਾਅ ਨਹੀਂ ਕੀਤਾ। ਜ਼ਿਕਰਯੋਗ ਹੈ ਕਿ ਰਾਜਧਾਨੀ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪਾਰਟੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਪੁਲੀਸ ਵੱਲੋਂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਐਤਵਾਰ ਨੂੰ ਤਿੰਨਾਂ ਆਗੂਆਂ ਨੂੰ ਐਗਜ਼ੀਕਿਊਟਿਵ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ‘ਇੱਕ ਸਾਲ ਤੱਕ ਸ਼ਾਂਤੀ ਭੰਗ ਨਾ ਕਰਨ’ ਦੀ ਸ਼ਰਤ 'ਤੇ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ।
October 11, 2026 12:24 pm
ਕੌਕਰੇਚ ਜਨਤਾ ਪਾਰਟੀ (CJP) ਦੇ ਜੰਤਰ-ਮੰਤਰ ਵਿਖੇ ਪ੍ਰੋਗਰਾਮ ’ਚ ਸ਼ਾਮਲ ਹੋਣ ਤੋਂ ਪਹਿਲਾਂ ਗੁਰੂਗ੍ਰਾਮ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਗਏ ਮਸ਼ਹੂਰ ਯੂਟਿਊਬਰ ਧਰੁਵ ਰਾਠੀ ਨੇ ਦੇਰ ਰਾਤ ਰਿਹਾਅ ਹੋਣ ਤੋਂ ਬਾਅਦ ਇੱਕ ਵੀਡੀਓ ਬਿਆਨ ਜਾਰੀ ਕਰਕੇ ਪੁਲੀਸ ਕਾਰਵਾਈ ’ਤੇ ਗੰਭੀਰ ਦੋਸ਼ ਲਗਾਏ ਹਨ। ਰਾਠੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ, ਸਗੋਂ ਉਨ੍ਹਾਂ ਦਾ ‘ਅਗਵਾ’ ਕੀਤਾ ਗਿਆ ਸੀ। ਧਰੁਵ ਰਾਠੀ ਨੇ ਆਪਣੀ ਸੋਸ਼ਲ ਮੀਡੀਆ ਪੋਸਟ ਵਿੱਚ ਲਿਖਿਆ, “ਮੈਨੂੰ ਗ੍ਰਿਫ਼ਤਾਰ ਜਾਂ ਹਿਰਾਸਤ ਵਿੱਚ ਨਹੀਂ ਲਿਆ ਗਿਆ ਸੀ, ਮੈਨੂੰ ਅਗਵਾ (KIDNAPPED) ਕੀਤਾ ਗਿਆ ਸੀ”। ਇਸ ਦੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਵੱਲੋਂ ਗੁਰੂਗ੍ਰਾਮ ਪੁਲੀਸ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਲਿਖਤੀ ਅੰਡਰਟੇਕਿੰਗ ਨਹੀਂ ਦਿੱਤੀ ਗਈ ਹੈ।
October 11, 2026 11:37 am
ਸੁਪਰੀਮ ਕੋਰਟ ਵੱਲੋਂ ਦਿੱਲੀ ਵਿੱਚ ਕੌਕਰੇਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ ਨਾਲ ਜੁੜੀਆਂ ਨਜ਼ਰਬੰਦੀਆਂ ਅਤੇ ਲਗਾਈਆਂ ਗਈਆਂ ਸਖ਼ਤ ਪਾਬੰਦੀਆਂ ਦੇ ਮਾਮਲੇ ਵਿੱਚ ਦਾਇਰ ਅਦਾਲਤੀ ਮਾਣਹਾਨੀ (Contempt Petitions) ਦੀਆਂ ਪਟੀਸ਼ਨਾਂ ’ਤੇ ਸੁਣਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਟੀਸ਼ਨਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿਬਲ ਨੇ ਅਦਾਲਤ ਵਿੱਚ ਦੱਸਿਆ ਕਿ ਪੁਲੀਸ ਵੱਲੋਂ ਰੇਲਗੱਡੀਆਂ ਵਿੱਚੋਂ ਲੋਕਾਂ ਨੂੰ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਂਟਰਲ ਦਿੱਲੀ ਵਿੱਚ ਪਾਬੰਦੀਆਂ ਦੇ ਬਾਵਜੂਦ ਪਾਬੰਦੀਸ਼ੁਦਾ ਇਲਾਕਿਆਂ ਤੋਂ ਬਾਹਰੋਂ ਵੀ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਸਿਬਲ ਨੇ ਇੰਟਰਨੈੱਟ ਸੇਵਾਵਾਂ ’ਤੇ ਲਗਾਈਆਂ ਰੋਕਾਂ ਅਤੇ ਮੈਟਰੋ ਸਟੇਸ਼ਨਾਂ ਨੂੰ ਬੰਦ ਕੀਤੇ ਜਾਣ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਚੁੱਕਿਆ। ਉਨ੍ਹਾਂ ਦਲੀਲ ਦਿੱਤੀ ਕਿ ਇਹ ਸਖ਼ਤ ਪਾਬੰਦੀਆਂ ਸੁਪਰੀਮ ਕੋਰਟ ਦੇ ਪੁਰਾਣੇ ਹੁਕਮਾਂ ਦੀ ਸਿੱਧੀ ਉਲੰਘਣਾ ਅਤੇ ਅਦਾਲਤੀ ਮਾਣਹਾਨੀ ਦੇ ਬਰਾਬਰ ਹਨ।
October 11, 2026 11:03 am
October 11, 2026 10:09 am
ਕੌਕਰੇਚ ਜਨਤਾ ਪਾਰਟੀ (CJP) ਵੱਲੋਂ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੌਰਾਨ ਦਿੱਲੀ ਪੁਲੀਸ ਦੀ ਹਿਰਾਸਤ ਵਿੱਚ ਲਏ ਗਏ ਪ੍ਰਮੁੱਖ ਆਗੂਆਂ ਨੂੰ ਵੱਡੀ ਰਾਹਤ ਮਿਲੀ ਹੈ। ਦਿੱਲੀ ਪੁਲੀਸ ਵੱਲੋਂ ਇਹਤੀਆਤਨ ਹਿਰਾਸਤ ਵਿੱਚ ਰੱਖੇ ਗਏ CJP ਆਗੂਆਂ ਅਭਿਜੀਤ ਦੀਪਕੇ, ਸੌਰਵ ਦਾਸ ਅਤੇ ਆਸ਼ੂਤੋਸ਼ ਰੰਕਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ।
October 11, 2026 9:41 am
ਦੇਸ਼ ਦੀ ਰਾਜਧਾਨੀ ਵਿਚ ਲਗਾਈਆਂ ਗਈਆਂ ਪਾਬੰਦੀਆਂ ’ਤੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਵੱਲੋਂ ਸਥਿਤੀ ਨੂੰ ‘ਅਣ-ਐਲਾਨੀ ਐਮਰਜੈਂਸੀ’ ਕਰਾਰ ਦਿੱਤੇ ਜਾਣ ਤੋਂ ਬਾਅਦ, ਲੱਦਾਖ ਦੇ ਉਪ ਰਾਜਪਾਲ (LG) ਵਿਨੈ ਕੁਮਾਰ ਸਕਸੇਨਾ ਨੇ ਉਨ੍ਹਾਂ ’ਤੇ ਤਿੱਖਾ ਨਿਸ਼ਾਨਾ ਸੇਧਿਆ ਹੈ। ਐੱਲਜੀ ਸਕਸੇਨਾ ਨੇ ਕਿਹਾ ਕਿ ਸਮਾਜਿਕ ਅਤੇ ਵਾਤਾਵਰਣਕ ਐਕਟਿਵਿਸਟਾਂ ਨੂੰ ਸਿਰਫ਼ ‘ਖ਼ਬਰਾਂ ਵਿੱਚ ਬਣੇ ਰਹਿਣ ਲਈ’ ਬਿਆਨਬਾਜ਼ੀ ਕਰਨ ਦੀ ਆਦਤ ਹੁੰਦੀ ਹੈ।
October 11, 2026 9:30 am
ਮਸ਼ਹੂਰ ਯੂਟਿਊਬਰ ਧਰੂਵ ਰਾਠੀ (Dhruv Rathee), ਜਿਨ੍ਹਾਂ ਨੂੰ ਕੌਕਰੇਚ ਜਨਤਾ ਪਾਰਟੀ (CJP) ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਹਰਿਆਣਾ ਦੇ ਗੁਰੂਗ੍ਰਾਮ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ, ਨੂੰ ਅੱਜ ਸਵੇਰੇ ਗੁਰੂਗ੍ਰਾਮ ਪੁਲੀਸ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ।
October 11, 2026 9:26 am
ਕੌਕਰੇਚ ਜਨਤਾ ਪਾਰਟੀ (CJP) ਦੇ ਮੁੱਖ ਮੈਂਬਰ ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਨੂੰ ਅੱਜ ਸਵੇਰੇ 9 ਵਜੇ ਦਿੱਲੀ ਛਾਉਣੀ (Delhi Cantt) ਪੁਲੀਸ ਸਟੇਸ਼ਨ ਵਿਖੇ ਐਗਜ਼ੀਕਿਊਟਿਵ ਮਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ CJP ਦੀ ਕਾਨੂੰਨੀ ਮੁਖੀ ਰਤਨਾ ਸਿੰਘ ਨੇ ਦਿੱਤੀ ਹੈ। ਐਕਸ (X) ’ਤੇ ਇੱਕ ਪੋਸਟ ਸਾਂਝੀ ਕਰਦਿਆਂ ਰਤਨਾ ਸਿੰਘ ਨੇ ਦੱਸਿਆ ਕਿ ਦਿੱਲੀ ਪੁਲੀਸ ਦੇ ਇੱਕ ਅਧਿਕਾਰੀ ਨੇ ਉਨ੍ਹਾਂ ਨੂੰ ਸਵੇਰੇ ਇਸ ਤੈਅਸ਼ੁਦਾ ਪੇਸ਼ੀ ਬਾਰੇ ਸੂਚਿਤ ਕੀਤਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਦੀ ਕਾਨੂੰਨੀ ਟੀਮ ਅਤੇ ਹੋਰ ਵਕੀਲ ਇਸ ਮੌਕੇ ਪੁਲੀਸ ਸਟੇਸ਼ਨ ਵਿਖੇ ਮੌਜੂਦ ਰਹਿਣਗੇ।
October 11, 2026 8:48 am
ਸਮਾਜਿਕ ਕਾਰਕੁਨ ਯੋਗੇਂਦਰ ਯਾਦਵ ਆਪਣੇ ਸਾਥੀਆਂ ਨੂੰ ਛੁਡਵਾ ਕੇ ਰਾਤ ਨੂੰ ਫਿਰ ਧਰਨੇ ਵਾਲੀ ਥਾਂ ’ਤੇ ਆ ਗਏ । ਉਨ੍ਹਾਂ ਐਕਸ ’ਤੇ ਲਿਖਿਆ, “ਆਪਣੇ ਸਾਥੀਆਂ ਦੀ ਰਿਹਾਈ ਤੋਂ ਬਾਅਦ, ਉਹ ਰਾਤ 1 ਵਜੇ ਉਸੇ ਥਾਂ ’ਤੇ ਵਾਪਸ ਪਰਤੇ ਜਿੱਥੋਂ ਦਿਨ ਦੀ ਸ਼ੁਰੂਆਤ ਹੋਈ ਸੀ। ਅਧਿਕਾਰੀਆਂ ਨੇ ‘ਜੰਤਰ-ਮੰਤਰ 2.0’ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ, ਫਿਰ ਵੀ ਦਿੱਲੀ ਭਰ ਵਿੱਚ 22 ‘ਜੰਤਰ-ਮੰਤਰ’ ਖੜ੍ਹੇ ਹੋ ਗਏ। ਰੇਲ ਅਤੇ ਮੈਟਰੋ ਸੇਵਾਵਾਂ ਨੂੰ ਰੋਕਣ, ਇੰਟਰਨੈੱਟ ਬੰਦ ਕਰਨ ਅਤੇ ਭਾਰੀ ਪੁਲੀਸ ਤਾਇਨਾਤੀ ਦੇ ਬਾਵਜੂਦ, ਨੌਜਵਾਨ ਆਪਣੇ ਇਰਾਦੇ ’ਤੇ ਅਟੱਲ ਰਹੇ।
रात के एक बजे, साथियों की रिहाई के बाद उसी जगह फिर लौटे, जहाँ से सुबह शुरुआत हुई थी। जंतर-मंतर 2.0 को रोकने चले थे, दिल्ली में 22 जंतर-मंतर बन गए। रेल, मेट्रो, इंटरनेट और पुलिस की तमाम मोर्चेबंदी के बावजूद युवा डटे रहे। संघर्ष जारी रहेगा। #JantarMantar https://t.co/fURSczCbun</p>— Yogendra Yadav (@_YogendraYadav) October 10, 2026