ਪੰਜਾਬ ਵਿੱਚ ਪਹਿਲੀ ਵਾਰ ਹੋਵੇਗੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫੀ: ਭਗਵੰਤ ਮਾਨ
ਮੁਹਾਲੀ ਅਤੇ ਜਲੰਧਰ ਦੇ ਮੈਦਾਨਾਂ ਵਿੱਚ ਹੋਣਗੇ ਮੁਕਾਬਲੇ
Asian Hockey Champions Trophy: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਕਤੂਬਰ ਮਹੀਨੇ ਦੇ ਅਖੀਰ ਵਿੱਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟਰਾਫ਼ੀ ਹੋਣ ਜਾ ਰਹੀ ਹੈ। ਇਸ ਲਈ ਏਸ਼ੀਅਨ ਹਾਕੀ ਫੈਡਰੇਸ਼ਨ ਅਤੇ ਭਾਰਤੀ ਹਾਕੀ ਫੈਡਰੇਸ਼ਨ ਵੱਲੋਂ ਲੰਘੀ ਦੇਰ ਰਾਤ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਮੁਕਾਬਲੇ ਅਕਤੂਬਰ ਦੇ ਅਖੀਰ ਵਿੱਚ ਕਰਵਾਏ ਜਾਣਗੇ।
ਇਹ ਮੁਕਾਬਲੇ ਮੁਹਾਲੀ ਅਤੇ ਜਲੰਧਰ ਦੇ ਖੇਡ ਮੈਦਾਨਾਂ ਵਿੱਚ ਕਰਵਾਏ ਜਾਣਗੇ। ਇਸ ਵਿੱਚ ਭਾਰਤ, ਪਾਕਿਸਤਾਨ, ਸਾਊਥ ਕੋਰੀਆ, ਜਪਾਨ ਸਣੇ ਹੋਰਨਾਂ ਕਈ ਦੇਸ਼ਾਂ ਦੀਆਂ ਟੀਮਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੱਭਿਆਚਾਰ ਨੂੰ ਵੀ ਪ੍ਰਫੁੱਲਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ 44 ਸਾਲ ਬਾਅਦ ਬੈਡਮਿੰਟਨ ਦੇ ਅੰਡਰ 13 ਜੀ ਨੈਸ਼ਨਲ ਚੈਂਪੀਅਨਸ਼ਿਪ ਵੀ ਦਸੰਬਰ ਮਹੀਨੇ ਵਿੱਚ ਜਲੰਧਰ ਵਿਖੇ ਹੋਣ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਤਿਆਰ ਕੀਤੀ ਗਈ ਖੇਡ ਨੀਤੀ ਵਿੱਚ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਡ ਮੁਕਾਬਲਿਆਂ ਦੀ ਤਿਆਰੀਆਂ ਲਈ ਵੀ ਵੱਡੀ ਰਕਮ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਦੌਰਾਨ ਏਸ਼ੀਅਨ ਖੇਡਾਂ ਲਈ ਖਿਡਾਰੀਆਂ ਨੂੰ ਅੱਠ-ਅੱਠ ਲੱਖ ਰੁਪਏ ਅਤੇ ਓਲੰਪਿਕ ਖੇਡਾਂ ਦੀ ਤਿਆਰੀ ਲਈ ਖਿਡਾਰੀਆਂ ਨੂੰ 15-15 ਲੱਖ ਰੁਪਏ ਦਿੱਤੇ ਜਾ ਰਹੇ ਹਨ। ਜਦੋਂਕਿ ਕੌਮਾਂਤਰੀ ਪੱਧਰ ਦੀਆਂ ਖੇਡਾਂ ਵਿੱਚ ਜਿੱਤ ਹਾਸਿਲ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਗ ਦੇ ਨਾਮ ਵੀ ਦਿੱਤੇ ਜਾਂਦੇ ਹਨ।

