ਖੇਤੀ ਆਰਡੀਨੈਂਸਾਂ ਤੇ ਤੇਲ ਕੀਮਤਾਂ ਖ਼ਿਲਾਫ਼ ਮੁਜ਼ਾਹਰਾ

ਖੇਤੀ ਆਰਡੀਨੈਂਸਾਂ ਤੇ ਤੇਲ ਕੀਮਤਾਂ ਖ਼ਿਲਾਫ਼ ਮੁਜ਼ਾਹਰਾ

ਪਿੰਡ ਚੱਬਾ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਕਾਰਕੁਨ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 9 ਅਗਸਤ

ਕੇਂਦਰੀ ਖੇਤੀ ਆਰਡੀਨੈਂਸਾਂ, ਬਿਜਲੀ ਸੋਧ ਬਿੱਲ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ਼ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਪਿੰਡ ਚੱਬਾ ਵਿਚ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। 

ਜਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਨੇ ਆਖਿਆ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਸੰਗਠਨ ਵਲੋਂ ਇਸ ਮਾਮਲੇ ਵਿਚ ਦੇਸ਼ ਵਿਆਪੀ ਅੰਦੋਲਨ ਸ਼ੁਰੂ ਕੀਤਾ ਗਿਆ ਹੈ ਜਿਸ ਦੀ ਹਮਾਇਤ ਵਿਚ ਅੱਜ ਇਹ ਰੋਸ ਵਿਖਾਵਾ ਕੀਤਾ ਗਿਆ ਹੈ। ਰੋਸ ਪ੍ਰਦਰਸ਼ਨ ਸਮੇਂ ਸੜਕੀ ਆਵਾਜਾਈ ਰੋਕੀ ਗਈ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਕਿਸਾਨ ਆਗੂਆਂ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਕਰੋਨਾ ਨੂੰ ਢਾਲ ਬਣਾ ਕੇ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਨਿੱਜੀਕਰਨ ਦੀ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਜਨਤਕ ਅਦਾਰਿਆਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਵੇਚਿਆ ਜਾ ਰਿਹਾ ਹੈ। ਖੇਤੀ ਬਿੱਲਾਂ ਅਤੇ ਬਿਜਲੀ ਸੋਧ ਬਿੱਲ 2020 ਦਾ ਵਿਰੋਧ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਕਿਸਾਨਾਂ ਅਤੇ ਆਮ ਲੋਕਾਂ ਲਈ ਨੁਕਸਾਨਦੇਹ ਹੈ। ਇਨ੍ਹਾਂ ਬਿੱਲਾਂ ਨੂੰ ਤੁਰੰਤ ਰੱਦ ਕੀਤਾ ਜਾਵੇ, ਤੇਲ ਪਦਾਰਥਾਂ ਦੀਆਂ ਕੀਮਤਾਂ ਨੂੰ ਸਰਕਾਰੀ ਕੰਟਰੋਲ ਹੇਠ ਲਿਆ ਕੇ ਪੈਟਰੋਲ ਦੀ ਕੀਮਤ 35 ਰੁਪਏ ਅਤੇ ਡੀਜ਼ਲ ਦੀ ਕੀਮਤ 25 ਰੁਪਏ ਪ੍ਰਤੀ ਲਿਟਰ ਕੀਤੀ ਜਾਵੇ। ਭੂਮੀ ਸੁਧਾਰ ਗ੍ਰਹਿਣ ਐਕਟ 2013 ਵਿਚ ਸੋਧ ਕਰਨ ਦੀ ਤਜਵੀਜ਼ ਰੱਦ ਕੀਤੀ ਜਾਵੇ। ਇਸ ਮੌਕੇ ਸਵਿੰਦਰ ਸਿੰਘ ਚੁਤਾਲਾ, ਜਸਬੀਰ ਸਿੰਘ ਪਿੱਦੀ, ਗੁਰਬਚਨ ਸਿੰਘ ਚੱਬਾ, ਲਖਵਿੰਦਰ ਸਿੰਘ, ਜਰਮਨਜੀਤ ਸਿੰਘ, ਰਣਜੀਤ ਸਿੰਘ ਕਲੇਰ ਬਾਲਾ  ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All